Monday, December 23, 2024

ਮਹਿਤਾ ਵਿਖੇ ਚੜ੍ਹਦੀਕਲਾ ਨਾਲ ਮਨਾਇਆ ਗਿਆ 37ਵਾਂ ਸ਼ਹੀਦੀ ਸਮਾਗਮ

ਅਜੋਕੇ ਇਤਿਹਾਸ ਨੂੰ ਲਿਖਤੀ ਤੇ ਮੌਖਿਕ ਰੂਪ `ਚ ਸਾਂਭਣ ਦੀ ਲੋੜ – ਗਿਆਨੀ ਹਰਪ੍ਰੀਤ ਸਿੰਘ

ਮਹਿਤਾ ਚੌਕ, 7 ਜੂਨ (ਸੁਖਬੀਰ ਸਿੰਘ) – ਦਮਦਮੀ ਟਕਸਾਲ ਦੇ 14ਵੇਂ ਮੁਖੀ ਅਮਰ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ `84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 37ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈਡ ਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ‘ਚ ਪੂਰੀ ਸ਼ਰਧਾ ਭਾਵਨਾ ਅਤੇ ਚੜ੍ਹਦੀਕਲਾ ਨਾਲ ਮਨਾਇਆ ਗਿਆ।
                 ਕੋਰੋਨਾ ਮਹਾਂਮਾਰੀ ਦੇ ਬਾਵਜ਼ੂਦ ਸਿੱਖ ਸੰਗਤਾਂ ਨੇ ਜ਼ਾਬਤੇ ਵਿੱਚ ਰਹਿੰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
                   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ `84 ਦੌਰਾਨ ਭਾਰਤ ਦੀ ਅਖੌਤੀ ਲੋਕਤੰਤਰ ਦੀਆਂ ਵਧੀਕੀਆਂ ਅਤੇ ਹੱਡੀਂ ਹੰਢਾਈ ਜ਼ੁਲਮਾਂ ਦੀ ਦਾਸਤਾਨ ਪ੍ਰਤੀ ਆਉਣ ਵਾਲੀਆਂ ਨਸਲਾਂ ਨੂੰ ਬੋਧ ਕਰਾਉਣ ਲਈ ਇਤਿਹਾਸ ਨੂੰ ਕਲਮਬੰਦ ਕਰਨ ਅਤੇ ਮੌਖਿਕ ਰਿਕਾਰਡਿੰਗ ਕਰਨ ਦੀ ਜ਼ਰੂਰਤ `ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਦਮਦਮੀ ਟਕਸਾਲ ਕੌਮ ਦੀ ਚੜ੍ਹਦੀਕਲਾ ਲਈ ਮੋਹਰੀ ਰੋਲ ਅਦਾ ਕਰਦੀ ਆਈ ਹੈ।
                 ਪ੍ਰੋ: ਸਰਚਾਂਦ ਸਿੰਘ ਖਿਆਲਾ ਵਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਮੁਖਵਾਕ ਦੀ ਕਥਾ ਦੌਰਾਨ ਜੂਨ `84 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ 20ਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਵਿੱਚ ਸਿੱਖ ਕੌਮ ਦੀ ਆਨ ਸ਼ਾਨ ਤੇ ਗੁਰਧਾਮਾਂ ਦੀ ਰਾਖੀ ਲਈ ਆਪਾ ਵਾਰ ਗਏ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਥੇਦਾਰ ਬਾਬਾ ਠਾਹਰਾ ਸਿੰਘ, ਜਨਰਲ ਭਾਈ ਸੁਬੇਗ ਸਿੰਘ ਆਦਿ ਦੇ ਪਰਉਪਕਾਰ ਤੋਂ ਜਾਣੂ ਕਰਵਾਇਆ।
                   ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੀ ਪੰਥ ਨੂੰ ਬਹੁਤ ਵੱਡੀ ਦੇਣ ਹੈ।
                  ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਤ ਭਿੰਡਰਾਂਵਾਲੇ ਕੌਮੀ ਨਾਇਕ, ਕਹਿਣੀ ਅਤੇ ਕਥਨੀ ਦੇ ਪੂਰੇ ਸਨ, ਜਿਨ੍ਹਾਂ ਲੱਖਾਂ  ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਗੁਰੂ ਦੇ ਲੜ ਲਾਇਆ।
                  ਬੁੜੈਲ ਜੇਲ੍ਹ ਚੰਡੀਗੜ੍ਹ ਤੋਂ ਬੇਅੰਤ ਸਿੰਘ ਕਤਲ ਕੇਸ `ਚ ਬੰਦ ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਵਲੋਂ ਦਮਦਮੀ ਟਕਸਾਲ ਦੇ ਮੁਖੀ ਨੂੰ ਕੌਮ ਦੇ ਨਾਮ ਸੰਦੇਸ਼ ਭੇਜਦਿਆਂ ਘੱਲੂਘਾਰਾ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਹ ਸੰਦੇਸ਼ ਭਾਈ ਭਿਓਰਾ ਦੇ ਭਰਾਤਾ ਭਾਈ ਅਵਤਾਰ ਸਿੰਘ ਵਲੋਂ ਲਿਆਂਦਾ ਗਿਆ।
                   ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ `84 ਦੇ ਸ਼ਹੀਦਾਂ ਦੇ ਇਤਿਹਾਸ ਨੂੰ ਰੂਪਮਾਨ ਕਰਨ ਲਈ ਸ਼ਹੀਦੀ ਯਾਦਗਾਰ ਦੀ ਉਸਾਰੀ ਕਰਵਾਈ।
                      ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਕੌਮ ਦੀ ਅਣਖ ਤੇ ਸ਼ਾਨ ਲਈ ਲੜਾਈ ਲਈ ਆਪਣੀ ਕੁਰਬਾਨੀ ਦੇ ਕੇ ਸੁੱਤੀ ਕੌਮ ਨੂੰ ਜਗਾਇਆ।
                  ਸ਼੍ਰੋਮਣੀ ਕਮੇਟੀ ਤਰਫ਼ੋਂ ਬੋਲਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿਟੇਵਡ ਨੇ ਕਿਹਾ ਕਿ ਜਿਊਂਦੀਆਂ ਕੌਮਾਂ ਆਪਣੇ ਸ਼ਹੀਦਾਂ ਨੂੰ ਯਾਦ ਕਰਿਆ ਕਰਦੀਆਂ ਹਨ।
                ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਤੇ ਮੈਂਬਰ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਤ ਹਰਨਾਮ ਸਿੰਘ ਖ਼ਾਲਸਾ ਪੰਥ ਦੇ ਵੱਡੇ ਕਾਰਜ ਅਤੇ ਵੱਡੀਆਂ ਜਿੰਮੇਵਾਰੀਆਂ ਬਾਖ਼ੂਬੀ ਨਿਭਾਅ ਰਹੇ ਹਨ।
            ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਸੰਤ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਸਮੂਹ ਨਾਨਕਸਰ ਸੰਪਰਦਾ ਵਲੋਂ ਸੰਤ ਬਾਬਾ ਹਰੀ ਸਿੰਘ ਨਾਨਕਸਰ ਵਾਲੇ, ਭਾਈ ਅਨੰਦ ਬਾਜ਼ ਸਿੰਘ ਨਾਨਕਸਰ ਸਮਰਾਲਾ ਚੌਕ, ਰਾੜਾ ਸਾਹਿਬ ਸੰਪਰਦਾ ਤੋਂ ਭਾਈ ਬਲਦੇਵ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਸੰਤ ਗਿ: ਹਰਨਾਮ ਸਿੰਘ ਖ਼ਾਲਸਾ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
                   ਨਾਮਵਰ ਸਿੱਖ ਪ੍ਰਚਾਰਕ ਬਾਬਾ ਬੰਤਾ ਸਿੰਘ ਮੁੰਡਾ ਪਿੰਡ ਨੇ ਕਿਹਾ ਕਿ `84 ਦਾ ਹਮਲਾ ਹਕੂਮਤ ਵਲੋਂ ਸਿੱਖਾਂ ਦਾ ਖੁਰਾ-ਖੋਜ ਮਿਟਾਉਣ ਦੀ ਕਾਰਵਾਈ ਸੀ।ਆਏ ਮਹਿਮਾਨਾਂ, ਸੰਤਾਂ ਮਹਾਂਪੁਰਸ਼ਾਂ ਅਤੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।
               ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਭਾਈ ਰਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ।ਸਟੇਜ ਦੀ ਸੇਵਾ ਗਿਆਨੀ ਜੀਵਾ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਅਤੇ ਗਿਆਨੀ ਸਾਹਿਬ ਸਿੰਘ ਨੇ ਨਿਭਾਈ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …