ਸੰਗਰੂਰ/ ਨਵੀਂ ਦਿੱਲੀ, 11 ਜੂਨ (ਜਗਸੀਰ ਲੌਂਗੋਵਾਲ) – 13 ਜੂਨ ਨੂੰ ਦਿੱਲੀ ਮੋਰਚੇ `ਚ ਭਾਕਿਯੂ ਏਕਤਾ (ਉਗਰਾਹਾਂ) ਵਲੋਂ ਲੋਕਾਂ ਦੇ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ
ਦੇ ਹੱਕ ਨੂੰ ਬੁਲੰਦ ਕਰਦਿਆਂ ਗ੍ਰਿਫਤਾਰ ਕੀਤੇ ਬੁੱਧੀਜੀਵੀਆਂ ਅਤੇ ਜ਼ਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਦੀ ਮੰਗ ਲਈ ਵਿਸ਼ੇਸ਼ ਇਕੱਤਰਤਾ ਕੀਤੀ ਜਾਵੇਗੀ।ਜਿਸ ਦੌਰਾਨ ਜ਼ਮਹੂਰੀ ਹੱਕਾਂ ਦਾ ਘਾਣ ਕਰਨ ਵਾਲੇ ਯੂ.ਏ.ਪੀ.ਏ, ਐਨ.ਐਸ.ਏ ਅਤੇ ਦੇਸ਼ ਧ੍ਰੋਹ ਵਰਗੇ ਕਾਲੇ ਕਾਨੂੰਨਾਂ ਵਿਰੁੱਧ ਵੀ ਆਵਾਜ਼ ਉਠਾਈ ਜਾਵੇਗੀ।ਇਹ ਆਵਾਜ਼ ਕੌਮੀ ਪੱਧਰ `ਤੇ ਜ਼ਮਹੂਰੀ ਜਥੇਬੰਦੀਆਂ ਵਲੋਂ ਦਿੱਤੇ ਪੰਦਰਵਾੜਾ ਮਨਾਉਣ ਦੇ ਸੱਦੇ ਨਾਲ ਯਕਜਹਿਤੀ ਵੀ ਦਰਸਾਏਗੀ।
ਪ੍ਰੈਸ ਦੇ ਨਾਂ ਬਿਆਨ ਜਾਰੀ ‘ਚ ਜਥੇਬੰਦੀ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਲਿਖਣ, ਬੋਲਣ ਵਾਲੇ ਬੁੱਧੀਜੀਵੀਆਂ ਅਤੇ ਜ਼ਮਹੂਰੀ ਹੱਕਾਂ ਦੇ ਦਰਜ਼ਨਾਂ ਕਾਰਕੁੰਨਾਂ ਨੂੰ ਮੋਦੀ ਹਕੂਮਤ ਨੇ ਦੇਸ਼ ਧ੍ਰੋਹ ਵਰਗੇ ਝੂਠੇ ਕੇਸਾਂ `ਚ ਜੇਲ੍ਹੀਂ ਡੱਕਿਆ ਹੋਇਆ ਹੈ।ਭੀਮਾ ਕੋਰੇਗਾਓਂ ਦੇ ਝੂਠੇ ਕੇਸ ‘ਚ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਨੂੰ ਤਿੰਨ ਸਾਲ ਹੋ ਚੁੱਕੇ ਹਨ।ਕਈ ਬਜ਼਼ੁਰਗ ਅਤੇ ਗੰਭੀਰ ਬਿਮਾਰੀਆਂ ਦੇ ਸ਼ਿਕਾਰ ਹਨ।ਜਿਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਦਿੱਤੀ ਜਾ ਰਹੀ।ਕੋਰੋਨਾ ਵਾਇਰਸ ਮਹਾਂਮਾਰੀ ਦੇ ਕਹਿਰ ਦਰਮਿਆਨ ਵੀ ਸਰਕਾਰ ਕੋਈ ਪ੍ਰਵਾਹ ਨਹੀਂ ਕਰ ਰਹੀ।ਜੇਲ੍ਹੀਂ ਡੱਕੇ ਇਨ੍ਹਾਂ ਲੋਕਾਂ `ਚ ਨਤਾਸ਼ਾ ਨਰਵਾਲ ਵਰਗੀਆਂ ਨੌਜਵਾਨ ਲੜਕੀਆਂ ਤੋਂ ਲੈ ਕੇ ਸਟੇਨ ਸਵਾਮੀ ਵਰਗੇ ਬਜ਼਼ੁਰਗ ਪਾਦਰੀ ਤੱਕ ਸ਼ਾਮਲ ਹਨ।13 ਜੂਨ ਨੂੰ ਹੋਣ ਵਾਲੀ ਇਸ ਇਕੱਤਰਤਾ `ਚ ਪੰਜਾਬ ਤੋਂ ਜ਼ਮਹੂਰੀ ਹੱਕਾਂ ਦੇ ਕਾਰਕੁੰਨ ਅਤੇ ਲੋਕ ਪੱਖੀ ਸਾਹਿਤਕਾਰ ਕਲਾਕਾਰ ਵੀ ਸ਼ਾਮਲ ਹੋਣਗੇ।
ਕਿਸਾਨ ਆਗੂ ਨੇ ਕਿਹਾ ਕਿ ਇਨ੍ਹਾਂ ਰੌਸ਼ਨ ਦਿਮਾਗ ਲੋਕਾਂ ਨੂੰ ਜੇਲ੍ਹੀਂ ਡੱਕਣ ਦਾ ਕਾਰਨ ਇਨ੍ਹਾਂ ਵਲੋਂ ਮੋਦੀ ਹਕੂਮਤ ਦੀਆਂ ਫਿਰਕੂ ਫਾਸ਼ੀਵਾਦ ਨੀਤੀਆਂ ਵਿਰੁੱਧ ਲੋਕਾਂ ਨੂੰ ਜਾਗਰੂਕ ਤੇ ਚੇਤਨ ਕਰਨਾ ਹੈ।ਇਹ ਦਹਾਕਿਆਂ ਤੋਂ ਆਦਿਵਾਸੀਆਂ, ਗ਼ਰੀਬ ਕਿਸਾਨਾਂ, ਦਲਿਤਾਂ, ਔਰਤਾਂ ਤੇ ਸਮਾਜ ਤੇ ਹੋਰ ਮਿਹਨਤਕਸ਼ ਤਬਕਿਆਂ ਦੇ ਹੱਕਾਂ ਲਈ ਬੋਲਦੇ, ਲਿਖਦੇ ਅਤੇ ਡਟਦੇ ਆ ਰਹੇ ਹਨ।ਇਨ੍ਹਾਂ ਨੂੰ ਜੇਲ੍ਹੀਂ ਡੱਕ ਕੇ ਹਕੂਮਤ ਸਮਾਜ ਦੇ ਇਸ ਤਬਕੇ ਦੇ ਮਨਾਂ `ਚ ਖ਼ੌਫ ਬਿਠਾਉਣਾ ਚਾਹੁੰਦੀ ਹੈ ਅਤੇ ਲੋਕਾਂ ਦੇ ਹੱਕਾਂ ਦੀ ਲਹਿਰ ਨੂੰ ਇਨ੍ਹਾਂ ਜ਼ਹੀਨ ਲੋਕਾਂ ਦੇ ਸਾਥ ਤੋਂ ਵਾਂਝਾ ਕਰਨਾ ਚਾਹੁੰਦੀ ਹੈ।ਇਨ੍ਹਾਂ ਦੀ ਰਿਹਾਈ ਲਈ ਉਠਦੀ ਹਰ ਆਵਾਜ਼ `ਤੇ ਵੀ ਮਾਓਵਾਦੀ ਜਾਂ ਦੇਸ਼ ਧ੍ਰੋਹੀ ਹੋਣ ਦਾ ਲੇਬਲ ਚਿਪਕਾ ਦਿੱਤਾ ਜਾਂਦਾ ਹੈ।ਉਨ੍ਹਾਂ ਲੋਕਾਂ ਦੀਆਂ ਸਭਨਾਂ ਲੋਕ ਪੱਖੀ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਗ੍ਰਿਫ਼ਤਾਰ ਕੀਤੇ ਬੁੱਧੀਜੀਵੀਆਂ ਨੂੰ ਰਿਹਾਅ ਕਰਨ, ਕਾਲੇ ਕਾਨੂੰਨ ਰੱਦ ਕਰਨ ਦੀ ਮੰਗ ਲਈ ਅਤੇ ਵਿਚਾਰ ਪ੍ਰਗਟਾਵੇ ਦੇ ਜ਼ਮਹੂਰੀ ਹੱਕ ਦੀ ਰਾਖੀ ਲਈ ਡਟ ਕੇ ਆਵਾਜ਼ ਉਠਾਉਣ।
Check Also
ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …
Punjab Post Daily Online Newspaper & Print Media