ਪਟਿਆਲਾ ਵਿਖੇ ਪਰਿਵਾਰਾਂ ਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਂ-ਰੈਲੀ ਇੱਕ ਜੁਲਾਈ ਨੂੰ – ਪ੍ਰਧਾਨ ਬਲਿਹਾਰ ਸਿੰਘ
ਸਮਰਾਲਾ, 18 ਜੂਨ (ਇੰਦਰਜੀਤ ਸਿੰਘ ਕੰਗ) – ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਸੂਬਾ ਸਕੱਤਰ
ਪਰਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਰਾਜੇਸ਼ ਕੁਮਾਰ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਸੱਤਾ ਹਾਸਿਲ ਕਰਨ ਤੋਂ ਪਹਿਲਾਂ ਘਰ-ਘਰ ਨੌਕਰੀ ਦੇਣ ਅਤੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜਮਾਂ ਨੂੰ ਰੈਗੂਲਰ ਕਰਨ ਦੀ ਮੰਗ ਦਾ ਪਹਿਲੀ ਹੀ ਕੈਬਨਿਟ ਮੀਟਿੰਗ ਵਿੱਚ ਹੱਲ ਕਰਨ ਦਾ ਵਾਅਦਾ ਕੀਤਾ ਸੀ।ਪਰ ਤ੍ਰਾਸਦੀ ਇਹ ਹੈ ਕਿ ਕੈਪਟਨ ਸਰਕਾਰ ਨੇ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜ਼ਕਾਲ ਵਿੱਚ ਮੰਤਰੀਆਂ, ਵਿਧਾਇਕਾਂ ਦੇ ਕੁੱਝ ਬੇਲੋੜੇ ਬੱਚਿਆਂ ਨੂੰ ਤਾਂ ਪੱਕੀ ਨੌਕਰੀ ਦੇ ਦਿੱਤੀ ਪਰ ਸਮੂਹ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸ ਰਹੇ ਠੇਕਾ ਮੁਲਾਜਮਾਂ ਨੂੰ ਪੱਕਾ ਨਹੀਂ ਕੀਤਾ ਅਤੇ ਖਜ਼ਾਨਾ ਖਾਲੀ ਹੋਣ ਅਤੇ ਕਾਨੂੰਨੀ ਅੜਚਨਾਂ ਦਾ ਬਹਾਨਾ ਬਣਾ ਕੇ ਠੇਕਾ ਮੁਲਾਜਮਾਂ ਨੂੰ ਪੱਕਾ ਕਰਨ ਦੇ ਵਾਅਦੇ ਲਗਾਤਾਰ ਤੋਂ ਭੱਜ ਰਹੀ ਹੈ।
“ਠੇਕਾ ਮੁਲਾਜਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜਮਾਂ ਵਲੋਂ 19 ਅਤੇ 20 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਅੱਗੇ ਪਟਿਆਲਾ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਕੋਠੀ ਅੱਗੇ ਕਾਦੀਆਂ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬਠਿੰਡਾ ਸਥਿਤ ਦਫ਼ਤਰ ਸਾਹਮਣੇ ਪਰਿਵਾਰਾਂ, ਬੱਚਿਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਦੋ-ਰੋਜ਼ਾ ਧਰਨੇ ਦਿੱਤੇ ਜਾਣਗੇ।ਇੱਕ ਜੁਲਾਈ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਮਹਾਂ-ਰੈਲੀ ਕੀਤੀ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਿਹਾਰ ਸਿੰਘ, ਪਰਮਿੰਦਰ ਸਿੰਘ, ਜਸਬੀਰ ਸਿੰਘ, ਸੰਦੀਪ ਸਿੰਘ, ਮਨਦੀਪ ਸਿੰਘ ਅਤੇ ਦਵਿੰਦਰ ਸਿੰਘ ਆਦਿ ਹਾਜਰ ਸਨ।
Punjab Post Daily Online Newspaper & Print Media