Monday, December 23, 2024

ਮੁੱਖ ਮੰਤਰੀ ਦੇ ਅਹੁੱਦੇ ਲਈ ਸਿੱਖ ਸਰਦਾਰ ਤੇ ਪੰਜਾਬੀ ਉਮੀਦਵਾਰ ਹੋਵੇਗਾ ਪਾਰਟੀ ਦਾ ਚਿਹਰਾ – ਕੇਜਰੀਵਾਲ

‘ਆਪ’ ਵਿੱਚ ਸ਼ਾਮਲ ਹੋਏ ਕੁੰਵਰ ਵਿਜੈ ਪ੍ਰਤਾਪ ਸਿੰਘ ਹੋਏ ਦਾ ਕੇਜਰੀਵਾਲ ਵਲੋਂ ਸਵਾਗਤ

ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ) – ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਰੱਦ ਹੋਣ ਕਾਰਨ ਆਈ.ਜੀ ਪੁਲੀਸ ਦੀ ਨੌਕਰੀ ਤੋਂ ਅਸਤੀਫ਼ਾ ਦੇਣ ਵਾਲੇ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਆਈ.ਪੀ.ਐਸ ਅੱਜ ਇੱਥੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ।
ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਰਸਮੀ ਤੌਰ ’ਤੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਸਵਾਗਤ ਕੀਤਾ।ਕੇਜਰੀਵਾਲ ਨੇ ਵਾਅਦਾ ਕਿ 2022 ਵਿੱਚ ਪੰਜਾਬ ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀ ਕਾਂਡ ਦੇ ਸਾਜਿਸ਼ਕਰਤਾ ਅਤੇ ਦੋਸ਼ੀਆਂ ਨੂੰ ਸਜ਼ਾ ਦੇ ਕੇ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦਿੱਤਾ ਜਾਵੇਗਾ।
                   ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਹ ਰਾਜਨੀਤੀ ਕਰਨ ਨਹੀਂ ਆਏ, ਸਗੋਂ ਪੰਜਾਬ ਦੇ ਲੋਕਾਂ ਨੂੰ ਇਨਸਾਫ਼ ਦੇਣ ਤੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ।ਉਨਾਂ ਕਿਹਾ ਕਿ ਪੰਜਾਬ ਦਾ ਬੱਚਾ ਬੱਚਾ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਇਮਾਨਦਾਰੀ ਤੇ ਸੇਵਾ ਭਾਵਨਾ ਨੂੰ ਜਾਣਦਾ ਹੈ, ਜਿਨਾਂ ਨੇ ਦੋ ਢਾਈ ਸਾਲ ਸਖ਼ਤ ਮਿਹਨਤ ਕਰਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਗੋਲੀਕਾਂਡ ਦੀ ਜਾਂਚ ਕੀਤੀ ਅਤੇ ਬੇਅਦਬੀ ਦੇ ਸਾਜਿਸ਼ਕਾਰਾਂ ਅਤੇ ਦੋਸ਼ੀਆਂ ਪਤਾ ਲਾਇਆ।ਇਸੇ ਲਈ ਪੰਜਾਬ ਸਰਕਾਰ ਦਾ ਸਾਰਾ ਸਿਸਟਮ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਖ਼ਿਲਾਫ਼ ਹੋ ਗਿਆ ਅਤੇ ਉਨਾਂ ਨੂੰ ਆਈ.ਜੀ ਦੀ ਨੌਕਰੀ ਤੋਂ ਅਸਤੀਫ਼ਾ ਦੇਣਾ ਪਿਆ।
                  ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਪੰਜਾਬ ਬਹੁਤ ਬੁਰੇ ਦੌਰ ਵਿੱਚੋਂ ਲੰਘ ਰਿਹਾ ਹੈ, ਕਿਉਂਕਿ ਕੋਰੋਨਾ ਮਹਾਮਾਰੀ ਦੇ ਦੌਰ ਵਿੱਚ ਸੱਤਾਧਾਰੀ ਆਪੋ ਆਪਣੀਆਂ ਕੁਰਸੀਆਂ ਬਚਾਉਣ ਲਈ ਲੜ ਰਹੇ ਹਨ।ਉਨਾਂ ਅਕਾਲੀ ਦਲ ਬਾਦਲ ਅਤੇ ਭਾਰਤੀ ਜਨਤਾ ਪਾਰਟੀ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਇੱਕ ਪਾਰਟੀ ਤਾਂ ਬੇਅਦਬੀ, ਗੋਲੀਕਾਂਡ, ਭ੍ਰਿਸ਼ਟਾਚਾਰ ਅਤੇ ਨਸ਼ੇ ਦੇ ਦੋਸ਼ਾਂ ਵਿੱਚ ਘਿਰੀ ਹੋਈ ਹੈ ਅਤੇ ਦੂਜੀ ਪਾਰਟੀ ਦੇ ਆਗੂਆਂ ਨੂੰ ਪੰਜਾਬ ਦੇ ਲੋਕ ਮੁਹੱਲੇ ਵਿੱਚ ਵੀ ਵੜਨ ਨਹੀਂ ਦਿੰਦੇ।ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ 70 ਸਾਲਾਂ ਵਿੱਚ ਅਕਾਲੀ ਦਲ ਬਾਦਲ, ਕਾਂਗਰਸ ਅਤੇ ਭਾਜਪਾ ਨੂੰ ਰਾਜ ਕਰਨ ਦੇ ਮੌਕੇ ਦਿੱਤੇ, ਪਰ ਹੁਣ ਉਹ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੇਵਾ ਦਾ ਜ਼ਰੂਰ ਮੌਕਾ ਦੇਣਗੇ।ਕੇਜਰੀਵਾਲ ਨੇ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਦੇ ਅਹੁੱਦੇ ਲਈ ਪਾਰਟੀ ਦਾ ਚਿਹਰਾ ਸਿੱਖ ਸਰਦਾਰ ਅਤੇ ਪੰਜਾਬੀ ਉਮੀਦਵਾਰ ਹੀ ਹੋਵੇਗਾ।
                   ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਆਪ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਵਿਜੈ ਪ੍ਰਤਾਪ ਜੀ ਦੀ ਇਮਾਨਦਾਰੀ ਉਤੇ ਅਦਾਲਤਾਂ ਦੇ ਜੱਜ ਸਾਹਿਬਾਨ ਵੀ ਵਿਸ਼ਵਾਸ ਕਰਦੇ ਹਨ, ਜੋ ਉਚ ਪੁਲੀਸ ਅਧਿਕਾਰੀ ਦੀ ਨੌਕਰੀ ਛੱਡ ਕੇ ਲੋਕਾਂ ਦੀ ਨਿਰਪੱਖ ਤੌਰ ’ਤੇ ਸੇਵਾ ਕਰਨ ਲਈ ਆਪ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ।
                  ਇਸ ਸਮੇਂ ਸਾਬਕਾ ਆਈ.ਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸਰਬੱਤ ਦੇ ਭਲੇ ਅਤੇ ਪੰਜਾਬ ਦੀ ਖ਼ੁਸ਼ਹਾਲੀ ਲਈ ਇੱਕ ਨਵੀਂ ਸ਼ੁੁਰੂਆਤ ਕਰਨ ਜਾ ਰਹੇ ਹਨ ਤਾਂ ਜੋ ਪੰਜਾਬ ਚੜਦੀ ਕਲਾਂ ਵਿੱਚ ਰਹੇ।ਉਨਾਂ ਕਿਹਾ ਕਿ ਜੇਕਰ ਪੰਜਾਬ ਦੀ ਧਰਤੀ ’ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇਨਸਾਫ਼ ਨਹੀਂ ਮਿਲ ਸਕਿਆ ਤਾਂ ਆਮ ਵਿਅਕਤੀ ਦੇ ਕੀ ਹਲਾਤ ਹੋਣਗੇ।ਸਾਬਕਾ ਅਧਿਕਾਰੀ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੀ ਜਾਂਚ ਕਰਨਾ ਮੇਰੀ ਜ਼ਿੰਦਗੀ ਦਾ ਅਹਿਮ ਕੇਸ ਸੀ, ਪਰ ਜਦੋਂ ਦੋਸ਼ੀ ਹੀ ਸਰਕਾਰ ਨੂੰ ਦਿਸ਼ਾ ਨਿਰਦੇਸ਼ ਰਹੇ ਹਨ ਤਾਂ ਪੰਜਾਬ ਦੇ ਲੋਕਾਂ ਨੂੰ ਕੀ ਇਨਸਾਫ਼ ਮਿਲਣਾ ਸੀ।ਉਨਾਂ ਕਿਹਾ ਕਿ ਹਾਈਕੋਰਟ ਵਿੱਚ ਕੇਸ ਦੀ ਸੁਣਵਾਈ ਵਾਲੇ ਦਿਨ ਪੰਜਾਬ ਦੇ ਐਡਵੋਕੇਟ ਜਨਰਲ ਛੁੱਟੀ ’ਤੇ ਚਲੇ ਗਏ।ਇਹ ਸਭ ਸੱਤਾਧਾਰੀਆਂ ਅਤੇ ਸਾਜਿਸ਼ਕਾਰਾਂ ਦੀ ਮਿਲੀਭੁਗਤ ਕਰਕੇ ਹੋਇਆ ਹੈ।ਉਨਾਂ ਕਿਹਾ ਕਿ ਕੇਜਰੀਵਾਲ ਦੀ ਦਿੱਲੀ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਸ਼ਾਨਦਾਰ ਕੰਮ ਕੀਤੇ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਦੇ ਲੋਕ ਵੀ ਸੂਬੇ ਵਿੱਚ ਰਾਜਨੀਤਿਕ ਕ੍ਰਾਂਤੀ ਲਿਆਉਣਗੇ ।
                    ਇਸ ਸਮੇਂ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ, ਸਹਿ ਇੰਚਾਰਜ਼ ਤੇ ਦਿੱਲੀ ਤੋਂ ਵਿਧਾਇਕ ਰਾਘਵ ਚੱਢਾ, ਵਿਧਾਨ ਸਭਾ ’ਚ ਵਿਰੋਧੀ ਧਿਰ ਦੀ ਉਪ ਆਗੂ ਸਰਬਜੀਤ ਕੌਰ ਮਾਣੂੰਕੇ, ਸਾਬਕਾ ਸੰਸਦ ਮੈਂਬਰ ਪ੍ਰੋ. ਸਾਧੂ ਸਿੰਘ ਸਮੇਤ ਕੁਲਤਾਰ ਸਿੰਘ ਸੰਧਵਾਂ, ਪ੍ਰਿੰਸੀਪਲ ਬੁੱਧ ਰਾਮ, ਗੁਰਮੀਤ ਸਿੰਘ ਮੀਤ ਹੇਅਰ, ਪ੍ਰੋ. ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਅਮਰਜੀਤ ਸਿੰਘ ਸੰਦੋਆ, ਅਮਨ ਅਰੋੜਾ, ਜੈ ਕ੍ਰਿਸ਼ਨ ਸਿੰਘ ਰੋੜੀ (ਸਾਰੇ ਵਿਧਾਇਕ), ਬੀਬਾ ਅਨਮੋਲ ਗਗਨ ਮਾਨ ਅਤੇ ਸੀਨੀਅਰ ਆਗੂ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …