ਮਹਿਲਾ ਮਿੱਤਰਾਂ ਨੂੰ ਲਗਨ ਤੇ ਇਮਾਨਦਾਰੀ ਨਾਲ ਡਿਊਟੀ ਨਿਭਾਉਣ ਦੀ ਕੀਤੀ ਤਾਕੀਦ
ਨਵਾਂਸ਼ਹਿਰ, 24 ਜੂਨ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਔਰਤਾਂ ਖਿਲਾਫ਼ ਜ਼ੁਰਮਾਂ ਨੂੰ ਰੋਕਣ
ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸ ਤਹਿਤ ਮਹਿਲਾ ਮਿੱਤਰਾਂ ਦੀ ਤਾਇਨਾਤੀ ਕੀਤੀ ਗਈ ਹੈ।ਅੱਜ ਇਥੇ ਪੰਜਾਬ ਪੁਲਿਸ ਮਹਿਲਾ ਮਿੱਤਰ ਕਰਮੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤਾਇਨਾਤ ਮਹਿਲਾ ਮਿੱਤਰਾਂ ਦੇ ਕੰਮ ਦੀ ਦੇਖ-ਰੇਖ ਲਈ ਲੇਡੀ ਸਬ ਇੰਸਪੈਕਟਰ ਨੀਲਮ ਕੁਮਾਰੀ ਨੂੰ ਬਤੌਰ ਇੰਚਾਰਜ਼ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਮਹਿਲਾ ਮਿੱਤਰਾਂ ਨੂੰ ਆਪਣੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਤਾਕੀਦ ਕਰਦਿਆਂ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਫੌਰਨ ਹੱਲ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਔਰਤਾਂ, ਬੱਚਿਆਂ ਤੇ ਬਜ਼ੁਰਗਾਂ ’ਤੇ ਹੋ ਰਹੇ ਜ਼ੁਰਮਾਂ ’ਤੇ ਕਾਬੂ ਪਾਉਣ ਲਈ ਵਧੀਕ ਡਾਇਰੈਕਟਰ ਜਨਰਲ ਪੁਲਿਸ (ਕਮਿੳੂਨਿਟੀ ਅਫੇਅਰਜ਼) ਚੰਡੀਗੜ੍ਹ ਗੁਰਪ੍ਰੀਤ ਦਿਓ ਵੱਲੋਂ ਮਹਿਲਾ ਮਿੱਤਰ ਵਿੰਗ ਸ਼ੁਰੂ ਕਰਵਾਇਆ ਗਿਆ ਹੈ, ਜਿਸ ਅਧੀਨ ਹਰੇਕ ਥਾਣੇ ਵਿਚ ਦੋ-ਦੋ ਮਹਿਲਾ ਕਰਮਚਾਰੀ ਤਾਇਨਾਤ ਕੀਤੀਆਂ ਗਈਆਂ ਹਨ, ਜੋ ਔਰਤਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਦੀਆਂ ਹਨ। ਉਨ੍ਹਾਂ ਕਿਹਾ ਕਿ ਔਰਤਾਂ ਦੀ ਸਹੂਲਤ ਲਈ ਪੰਜਾਬ ਪੁਲਿਸ ਵੱਲੋਂ ਹੈਲਪਲਾਈਨ ਨੰਬਰ 181, 112 ਅਤੇ 1091 ਜਾਰੀ ਕੀਤੇ ਹੋਏ ਹਨ। ਉਨ੍ਹਾਂ ਔਰਤਾਂ, ਬੱਚਿਆਂ ਅਤੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕੋਈ ਤਕਲੀਫ ਹੋਵੇ ਤਾਂ ਪੁਲਿਸ ਵੱਲੋਂ ਜਾਰੀ ਕੀਤੇ ਇਨ੍ਹਾਂ ਹੈਲਪ ਲਾਈਨ ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਐਸ.ਪੀ (ਹੈਡ ਕੁਆਰਟਰ) ਮਨਵਿੰਦਰ ਬੀਰ ਸਿੰਘ, ਡੀ.ਐਸ.ਪੀ ਨਵਨੀਤ ਕੌਰ ਗਿੱਲ ਤੇ ਹੋਰ ਪੁਲਿਸ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media