Tuesday, March 31, 2026

ਜ਼ਿਲ੍ਹੇ ਵਿੱਚ 100 ਫੀਸਦੀ ਟੀਕਾਕਰਨ ਕਰਵਾਉਣ ਵਾਲੇ ਪਿੰਡਾਂ ਦੀ ਗਿਣਤੀ ਹੋਈ ਤਿੰਨ – ਡੀ.ਸੀ

ਅਟਾਰੀ ਤੋਂ ਬਾਅਦ ਬੈਂਸਾਂ ਅਤੇ ਗੜੀ ਭਾਰਟੀ ਨੇ ਵੀ ਹਾਸਲ ਕੀਤਾ ਟੀਚਾ

ਸੰਗਰੂਰ, 24 ਜੂਨ (ਜਗਸੀਰ ਲੌਂਗੋਵਾਲ) – ਜ਼ਿਲ੍ਹੇ ਵਿੱਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਤੇਜ਼ ਹੋ ਗਈ ਹੈ ਅਤੇ ਇਥੇ 100 ਫੀਸਦੀ ਟੀਕਾਕਰਨ ਕਰਵਾਉਣ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਦੀ ਗਿਣਤੀ ਤਿੰਨ ਹੋ ਗਈ ਹੈ।ਜ਼ਿਲ੍ਹੇ ਵਿੱਚ ਟੀਕਾਕਰਨ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਅਟਾਰੀ ਤੋਂ ਬਾਅਦ ਹੁਣ ਬੈਂਸਾਂ ਅਤੇ ਗੜੀ ਭਾਰਟੀ ਨੇ ਵੀ 100 ਫੀਸਦੀ ਟੀਕਾਕਰਨ ਕਰਵਾਉਣ ਦਾ ਮਾਣ ਹਾਸਲ ਕੀਤਾ ਹੈ।ਉਨ੍ਹਾਂ ਦੱਸਿਆ ਕਿ ਪਿੰਡਾਂ ਵਿਚ ਟੀਕਾਕਰਨ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਮੂਹ ਪਿੰਡਾਂ ਵੱਲੋਂ ਇਸ ਮੁਹਿੰਮ ਵਿਚ ਸਹਿਯੋਗ ਦਿੱਤਾ ਜਾ ਰਿਹਾ ਹੈ।ਉਨ੍ਹਾਂ ਇਹ ਟੀਚਾ ਹਾਸਲ ਕਰਨ ਵਾਲੇ ਪਿੰਡਾਂ ਨੂੰ ਵਧਾਈ ਦਿੰਦਿਆਂ ਹੋਰਨਾਂ ਪਿੰਡਾਂ ਨੂੰ ਵੀ ਆਉਣ ਵਾਲੇ ਦਿਨਾਂ ਵਿਚ 100 ਫੀਸਦੀ ਟੀਕਾਕਰਨ ਕਰਵਾਉਣ ਦਾ ਸੱਦਾ ਦਿੱਤਾ।ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਪੰਚਾਇਤ ਮੈਂਬਰਾਂ ਅਤੇ ਹੋਰਨਾਂ ਮੋਹਤਬਰਾਂ ਨੂੰ ਸਿਹਤ ਵਿਭਾਗ ਦੇ ਨਾਲ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਮੂਹਿਕ ਯਤਨਾਂ ਨਾਲ ਹੀ ਇਸ ਮਹਾਂਮਾਰੀ ਨੂੰ ਹਰਾਇਆ ਜਾ ਸਕਦਾ ਹੈ।
                 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿਚ ਯੋਗ ਵਿਅਕਤੀਆਂ ਨੂੰ 1.70 ਲੱਖ ਤੋਂ ਵੱਧ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਪਹਿਲੀ ਅਤੇ ਦੂਜੀ ਖ਼ੁਰਾਕ ਸ਼ਾਮਲ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸੰਭਾਵਿਤ ਤੀਜ਼ੀ ਲਹਿਰ ਦੇ ਖ਼ਤਰੇ ਨੂੰ ਰੋਕਣ ਲਈ ਸਾਰੇ ਯੋਗ ਵਿਅਕਤੀ ਆਪਣਾ ਟੀਕਾਕਰਨ ਕਰਵਾਉਣਾ ਯਕੀਨੀ ਬਣਾਉਣ।ਸਮੂਹ ਅਧਿਆਪਕਾਂ ਅਤੇ ਹੋਰ ਸਟਾਫ ਦਾ ਸਕੂਲ ਖੁੱਲ੍ਹਣ ਤੋਂ ਪਹਿਲਾਂ 100 ਫੀਸਦੀ ਟੀਕਾਕਰਨ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਵਾਰਡ ਵਾਈਜ਼ ਟੀਮਾਂ ਬਣਾ ਕੇ ਟੀਕਾਕਰਨ ਕੀਤਾ ਜਾਵੇ।
               ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ.ਡੀ.ਪੀ.ਓ ਦਵਿੰਦਰ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਜੇ.ਐਸ ਬੈਂਸ, ਐਸ.ਐਮ.ਓ ਨਵਾਂਸ਼ਹਿਰ ਡਾ. ਮਨਦੀਪ ਕਮਲ, ਉਪ ਅਰਥ ਤੇ ਅੰਕੜਾ ਸਲਾਹਕਾਰ ਨਰੇਸ਼ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਕੀਤਾ ਰਜਿਸਟਰ – ਚੇਅਰਮੈਨ ਛੀਨਾ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ …