Wednesday, August 26, 2026

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ

ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਕੈਂਪ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਾਂਝੇ ਤੌਰ ’ਤੇ ਕੀਤਾ।ਇਸ ਤੋਂ ਪਹਿਲਾਂ ਇਥੇ ਬੀਤੇ ਮਹੀਨੇ ਪਹਿਲੇ ਪੜਾਅ ਤਹਿਤ ਆਯੋਜਿਤ ਕੀਤੇ ਗਏ ਕੈਂਪ ਦੌਰਾਨ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਾਈ ਗਈ ਸੀ।
                   ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਮੇਸ਼ਾਂ ਹੀ ਲੋਕ ਭਲਾਈ ਦੇ ਕਾਰਜ ਕੀਤੇ ਜਾਂਦੇ ਹਨ ਅਤੇ ਮੌਜੂਦਾ ਸਮੇਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸ਼੍ਰੋਮਣੀ ਕਮੇਟੀ ਨੇ ਮੋਹਰੀ ਭੂਮਿਕਾ ਨਿਭਾਈ ਹੈ।ਉਨ੍ਹਾਂ ਕਿਹਾ ਕਿ ਜਿਥੇ ਇਸ ਭਿਆਨਕ ਬਿਮਾਰੀ ਨਾਲ ਨਜਿੱਠਣ ਲਈ ਲੰਗਰਾਂ ਅਤੇ ਇਲਾਜ਼ ਦੀ ਸਹੂਲਤ ਦਿੱਤੀ ਗਈ ਉਥੇ ਹੀ ਕੋਰੋਨਾ ਤੋਂ ਛੁਟਕਾਰੇ ਲਈ ਵੈਕਸੀਨ ਦਾ ਵੀ ਮੁਫ਼ਤ ਪ੍ਰਬੰਧ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਵੱਖ-ਵੱਖ ਥਾਵਾਂ ’ਤੇ ਕੋਰੋਨਾ ਵੈਕਸੀਨ ਦੇ ਮੁਫ਼ਤ ਕੈਂਪ ਲਗਾਏ ਗਏ ਜਿਸ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਇਹ ਦੂਸਰਾ ਕੈਂਪ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਸਮੇਂ ਜਦੋਂ ਸਰਕਾਰਾਂ ਵੀ ਹੱਥ ਖੜ੍ਹੇ ਕਰ ਗਈਆਂ ਸਨ, ਤਾਂ ਸ਼੍ਰੋਮਣੀ ਕਮੇਟੀ ਆਪਣਾ ਫਰਜ਼ ਸਮਝਦਿਆਂ ਲੋਕ ਸੇਵਾ ਲਈ ਅੱਗੇ ਆ ਕੇ ਲੋਕਾਂ ਲਈ ਧਰਵਾਸ ਬਣੀ।
                  ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾ ਕੈਂਪ ਸ੍ਰੀ ਦਰਬਾਰ ਸਾਹਿਬ ਵਿਖੇ ਲਗਾਇਆ ਗਿਆ।ਹੁਣ ਸ੍ਰੀ ਦਰਬਾਰ ਸਾਹਿਬ ਦੇ ਸੂਚਨਾਂ ਕੇਂਦਰ ਵਿਖੇ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਫਿਰ ਕੈਂਪ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਕੁੱਝ ਦਿਨ ਜਾਰੀ ਰਹੇਗਾ।ਇਸ ਕੈਂਪ ਦੌਰਾਨ ਪਹਿਲੀ ਡੋਜ਼ ਲਗਵਾਉਣ ਵਾਲੇ ਲੋਕ ਦੂਜੀ ਡੋਜ਼ ਵੀ ਲਗਵਾ ਸਕਣਗੇ।
                  ਇਸ ਮੌਕੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਨਿਰਵੈਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਪਰਮਜੀਤ ਸਿੰਘ, ਡਾ. ਹਰਜੋਤ ਸਿੰਘ ਆਦਿ ਮੌਜੂਦ ਸਨ।

Check Also

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ

ਅੰਮ੍ਰਿਤਸਰ, 25 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ …