ਜਲ ਤੋਪਾਂ ਦਾ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਤੇ ਅਧਿਆਪਕ ਸਤਿੰਦਰ ਸਿੰਘ ਦਾ ਵਿਸ਼ੇਸ਼ ਸਨਮਾਨ
ਸੰਗਰੂਰ, 7 ਜੁਲਾਈ (ਜਗਸੀਰ ਲੌਂਗੋਵਾਲ) – ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵਲੋਂ ਕੱਚੇ ਅਧਿਆਪਕਾਂ ਵੱਲੋਂ ਕੱਚੇ ਅਧਿਆਪਕਾਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਵਾਉਣ ਅਤੇ ਬਰਾਬਰ ਕੰਮ ਬਰਾਬਰ ਤਨਖਾਹ ਨਿਯਮ ਤਹਿਤ ਤਨਖਾਹਾਂ ਵਿਚ ਵਾਧਾ ਕਰਵਾਉਣ ਦੀ ਮੰਗ ਨੂੰ ਲੈ ਕੇ ਧਰਨੲ ਲਗਾਤਾਰ ਜਾਰੀ ਹੈ।ਪੱਕੇ ਧਰਨੇ ਵਿੱਚ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਅਧਿਆਪਕਾਂ ਦੇ ਇੱਕ ਵੱਡੇ ਕਾਫਲੇ ਸਮੇਤ ਸ਼ਮੂਲੀਅਤ ਕੀਤੀ।
ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਅਤੇ ਜਿਲ੍ਹਾ ਪ੍ਰਧਾਨ ਨਿਰਭੈ ਸਿੰਘ ਨੇ ਕਿਹਾ ਕਿ ਚੋਣਾਂ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਮੁੱਖ ਮੰਤਰੀ, ਹੁਣ ਇਨ੍ਹਾਂ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕਾ ਹੈ।ਕੱਚੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਸਿੱਖਿਆ ਪ੍ਰੋਵਾਈਡਰ/ਈ.ਜੀ.ਐਸ/ਐਸ.ਟੀ.ਆਰ/ਏ.ਆਈ.ਈ/ਆਈ.ਈ.ਵੀ ਅਧਿਆਪਕਾਂ ਨੇ ਆਪਣੀਆਂ ਉਮਰਾਂ ਵਿਦਿਆਰਥੀਆਂ ਨੂੰ ਸਿੱਖਿਆ ਦੇਣ ਵਿੱਚ ਲਾ ਦਿੱਤੀਆਂ ਹੋਣ ਉਨ੍ਹਾਂ ਨੂੰ ਪੱਕੇ ਕਰਨ ਵਿੱਚ ਸਰਕਾਰ ਬਦਨੀਤੀ ਤੋਂ ਕੰਮ ਲਵੇ ਤਾਂ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਰਹਿ ਜਾਂਦਾ। ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂਆਂ ਨੇ ਕੱਚੇ ਅਧਿਆਪਕਾਂ ਦੇ ਹੱਕੀ ਸੰਘਰਸ਼ ਨੂੰ ਜਾਇਜ਼ ਦੱਸਦਿਆਂ ਮੌਕੇ ’ਤੇ 31 ਹਜ਼ਾਰ ਰੁਪਏ ਨਗਦ ਰਾਸ਼ੀ ਦਿੱਤੀ ਅਤੇ ਬੀਤੀ 29 ਜੂਨ ਨੂੰ ਜਲ ਤੋਪਾਂ ਦੇ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਨੂੰ ‘ਗਦਰੀ ਗੁਲਾਬ ਕੌਰ’ ਯਾਦਗਾਰੀ ਚਿੰਨ੍ਹ ਅਤੇ ਅਧਿਆਪਕ ਸਤਿੰਦਰ ਸਿੰਘ ਨੂੰ ‘ਸ਼ਹੀਦ ਭਗਤ ਸਿੰਘ’ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਰਾਜ ਸਿੰਘ, ਮਨਜੀਤ ਲਹਿਰਾ, ਅਸ਼ਵਨੀ ਕੁਮਾਰ ਆਦਿ ਅਧਿਆਪਕ ਆਗੂਆਂ ਨੇ ਇਸ ਸੰਘਰਸ਼ ਨੂੰ ਹਰ ਪੱਖੋਂ ਸਮਰਥਨ ਕਰਨ ਦਾ ਐਲਾਨ ਕੀਤਾ।
Punjab Post Daily Online Newspaper & Print Media