Saturday, April 18, 2026

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਮੁੜ ਆਰੰਭੇ ਜਾਣਗੇ- ਬੀਬੀ ਜਗੀਰ ਕੌਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ’ਚ ਲਏ ਅਹਿਮ ਫੈਸਲੇ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਦੀ ਲੜੀ ਮੁੜ ਆਰੰਭਣ ਦਾ ਫੈਸਲਾ ਕੀਤਾ ਗਿਆ ਹੈ।ਇਸ ਤਹਿਤ ਪੰਜਾਬ ਅਤੇ ਦੇਸ਼ ਦੇ ਹੋਰਨਾਂ ਸੂਬਿਆਂ ਅੰਦਰ ਵੱਖ-ਵੱਖ ਥਾਵਾਂ ’ਤੇ ਸਮਾਗਮ ਆਯੋਜਤ ਕੀਤੇ ਜਾਣਗੇ ਅਤੇ ਵਿਸ਼ਾਲ ਪੱਧਰ ’ਤੇ ਮੁੱਖ ਸਮਾਗਮ ਵੀ ਹੋਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਕਾਰਨ 400 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮ ਸੰਖੇਪ ਰੂਪ ਵਿਚ ਕੀਤੇ ਗਏ ਸਨ ਅਤੇ ਜੇਕਰ ਹਾਲਾਤ ਸੁਖਾਵੇਂ ਰਹੇ ਤਾਂ ਜਲਦ ਹੀ ਸਮਾਗਮ ਮੁੜ ਆਰੰਭੇ ਜਾਣਗੇ।ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪ੍ਰਚਾਰਕਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ, ਜੋ ਵੱਖ-ਵੱਖ ਥਾਵਾਂ ’ਤੇ ਸਮਾਗਮਾਂ ਦੀ ਰੂਪ-ਰੇਖਾ ਉਲੀਕਣਗੇ।ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਪਿੰਡਾਂ ਦੇ ਉਨ੍ਹਾਂ ਗ੍ਰੰਥੀਆਂ ਨੂੰ 2 ਹਜ਼ਾਰ ਰੁਪਏ ਮਾਸਿਕ ਸਹਾਇਤਾ ਦੇਣ ਦਾ ਵੀ ਫੈਸਲਾ ਕੀਤਾ ਹੈ, ਜੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਤ ਮਰਯਾਦਾ ਨੂੰ ਸਮਰਪਿਤ ਹਨ ਅਤੇ ਘੱਟੋ-ਘੱਟ 10 ਲੋਕਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਨਿਰੰਤਰ ਦੇਣਗੇ।ਉਨ੍ਹਾਂ ਕਿਹਾ ਕਿ ਇਹ ਗ੍ਰੰਥੀ ਸ਼ੁੱਧ ਗੁਰਬਾਣੀ ਉਚਾਰਨ ਅਤੇ ਇਤਿਹਾਸ ਤੋਂ ਜਾਣੂ ਹੋਣੇ ਚਾਹੀਦੇ ਹਨ।
                     ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਨੂੰ ਰਿਹਾਇਸ਼ ਦੀ ਸਹੂਲਤ ਦਾ ਵਿਸਥਾਰ ਕਰਨ ਲਈ ਜਲਦ ਹੀ ਨਵੀਆਂ ਸਰਾਵਾਂ ਦਾ ਨਿਰਮਾਣ ਕਰੇਗੀ।ਇਸ ਤਹਿਤ ਸ੍ਰੀ ਗੁਰੂ ਰਾਮਦਾਸ ਸਰ੍ਹਾ ਵਾਲੀ ਜਗ੍ਹਾ ’ਤੇ ਨਾ-ਵਰਤੋਂਯੋਗ ਕਮਰਿਆਂ ਦੀ ਥਾਂ ਨਵੇਂ ਕਮਰੇ ਬਣਾਏ ਜਾਣਗੇ, ਪਰ ਬਾਹਰੀ ਦਿੱਖ ਨੂੰ ਹੂਬਹੂ ਕਾਇਮ ਰੱਖਿਆ ਜਾਵੇਗਾ ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਸਰਾਂ ਵਿਚ ਜੂਨ 1984 ਦੇ ਘੱਲੂਘਾਰੇ ਸਮੇਂ ਬਹੁਤ ਸਾਰੇ ਸਿੰਘਾਂ ਦੀਆਂ ਸ਼ਹਾਦਤਾਂ ਵੀ ਹੋਈਆਂ ਹਨ, ਜਿਨ੍ਹਾਂ ਦੀ ਯਾਦ ਨੂੰ ਸੰਭਾਲਣ ਲਈ ਸਰਾਂ ਦੀ ਢੁੱਕਵੀਂ ਥਾਂ ’ਤੇ ਉਨ੍ਹਾਂ ਦੇ ਨਾਮ ਲਿਖੇ ਜਾਣਗੇ ਅਤੇ ਤਸਵੀਰਾਂ ਵੀ ਲਗਾਈਆਂ ਜਾਣਗੀਆਂ।ਇਸ ਤੋਂ ਇਲਾਵਾ ਪਹਿਲੀਆਂ ਸਾਰੀਆਂ ਸਰਾਵਾਂ ਦੇ ਕਮਰਿਆਂ ਦੀ ਲੋੜ ਅਨੁਸਾਰ ਮੁਰੰਮਤ ਵੀ ਕਰਵਾਈ ਜਾਵੇਗੀ।ਉਨਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਨੇ ਕਿਸਾਨ ਸੰਘਰਸ਼ ਦੌਰਾਨ ਅਕਾਲ ਚਲਾਣਾ ਕਰਨ ਵਾਲੇ ਕਿਸਾਨਾਂ ਦੇ ਨਾਲ ਨਾਲ ਜ਼ਖ਼ਮੀ ਅਤੇ ਬਿਮਾਰ ਕਿਸਾਨਾਂ ਦੀ ਮੱਦਦ ਲਈ ਤਿੰਨ ਕਰੋੜ ਰੁਪਏ ਦੇ ਕਰੀਬ ਸਹਾਇਤਾ ਜਾਰੀ ਕੀਤੀ ਜਾ ਚੁੱਕੀ ਹੈ।
                  ਸ੍ਰੀ ਦਰਬਾਰ ਸਾਹਿਬ ਦੇ ਬਾਹਰ ਤਿਆਰ ਕੀਤੇ ਜਾ ਰਹੇ ਜੋੜਾ ਘਰ ਅਤੇ ਵਹੀਕਲ ਸਟੈਂਡ ਦੀ ਖੁਦਾਈ ਦੌਰਾਨ ਮਿਲੇ ਇਮਾਰਤੀ ਢਾਂਚੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਬਾਰੇ ਪੁਰਾਤਤਵ ਵਿਭਾਗ ਦੀ ਟੀਮ ਪੁੱਜ ਗਈ ਹੈ ਅਤੇ ਜੇਕਰ ਇਸ ਦਾ ਸਬੰਧ ਸਿੱਖ ਇਤਿਹਾਸ ਨਾਲ ਜੁੜਦਾ ਹੋਇਆ ਤਾਂ ਇਸ ਨੂੰ ਸੰਭਾਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਉਂਝ ਇਹ ਗਲਿਆਰਾ 1984 ਦੇ ਫ਼ੌਜੀ ਹਮਲੇ ਮਗਰੋਂ ਸਰਕਾਰ ਨੇ ਲੋਕਾਂ ਦੇ ਘਰ ਅਤੇ ਦੁਕਾਨਾਂ ਆਦਿ ਢਾਹ ਕੇ ਬਣਾਇਆ ਸੀ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਰਾਜਨੀਤੀ ਨਹੀਂ ਹੋਣੀ ਚਾਹੀਦੀ, ਕਿਉਂਕਿ ਸ਼੍ਰੋਮਣੀ ਕਮੇਟੀ ਜਿੰਮੇਵਾਰ ਸੰਸਥਾ ਹੁੰਦਿਆਂ ਸੰਜੀਦਾ ਤੌਰ ’ਤੇ ਕਾਰਜ ਕਰ ਰਹੀ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਨਵਤੇਜ ਸਿੰਘ ਕਾਉਣੀ, ਬਲਦੇਵ ਸਿੰਘ ਚੂੰਘਾਂ, ਅਜਮੇਰ ਸਿੰਘ ਖੇੜਾ, ਭੁਪਿੰਦਰ ਸਿੰਘ ਭਲਵਾਨ, ਬਾਬਾ ਚਰਨਜੀਤ ਸਿੰਘ ਜੱਸੋਵਾਲ, ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਤੇਜਿੰਦਰ ਸਿੰਘ ਪੱਡਾ, ਬਲਵਿੰਦਰ ਸਿੰਘ ਕਾਹਲਵਾਂ, ਸੁਲੱਖਣ ਸਿੰਘ ਭੰਗਾਲੀ, ਮਲਕੀਤ ਸਿੰਘ ਬਹਿੜਵਾਲ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …