ਅੰਮ੍ਰਿਤਸਰ, 26 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ
ਦੇ ਗੁਰਦੁਆਰਾ ਸ੍ਰੀ ਨਾਨਕਮਤਾ ਸਾਹਿਬ ਪਹੁੰਚਣ ’ਤੇ ਉਸ ਦੇ ਸਵਾਗਤ ਵਿਚ ਮਰਯਾਦਾ ਦੀ ਹੋਈ ਉਲੰਘਣਾ ਦਾ ਸਖ਼ਤ ਨੋਟਿਸ ਲਿਆ ਹੈ।ਉਨਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਆਪਣੀ ਮਰਯਾਦਾ ਹੈ, ਜਿਸ ਦੀ ਉਲੰਘਣਾ ਦਾ ਕਿਸੇ ਨੂੰ ਹੱਕ ਨਹੀਂ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਸਵਾਗਤ ਲਈ ਕੁੜੀਆਂ ਤੋਂ ਨ੍ਰਿਤ ਕਰਵਾ ਕੇ ਮਰਯਾਦਾ ਦੀ ਘੋਰ ਉਲੰਘਣਾ ਕੀਤੀ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪੁੱਜੀ ਹੈ।ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਸਮੇਂ ਮੁੱਖ ਮੰਤਰੀ ਨੂੰ ਸਿਰਪਾਓ ਤੇ ਸਿਰੀ ਸਾਹਿਬ ਦੇ ਨਾਲ ਚਾਂਦੀ ਦਾ ਮੁਕਟ ਦੇ ਕੇ ਸਨਮਾਨਿਤ ਵੀ ਮਰਯਾਦਾ ਦੇ ਉਲਟ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਪੱਤਰ ਲਿਖ ਕੇ ਵਾਪਰੀ ਘਟਨਾ ਸਬੰਧੀ ਸਪੱਸ਼ਟਕਰਣ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਵੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜੋ ਮਾਮਲੇ ਦੀ ਜਾਂਚ ਕਰਕੇ ਮੁਕੰਮਲ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪੇਗੀ।
ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਆਗੂ ਗੁਨੀ ਪ੍ਰਕਾਸ਼ ਵੱਲੋਂ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਖਿਲਾਫ਼ ਕੀਤੀਆਂ ਗਈਆਂ ਟਿੱਪਣੀਆਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਨੀ ਪ੍ਰਕਾਸ਼ ਵੱਲੋਂ ਦਿੱਤਾ ਗਿਆ।ਇਹ ਵਿਵਾਦਤ ਬਿਆਨ ਸਿੱਖਾਂ ਅਤੇ ਹਿੰਦੂਆਂ ਵਿਚ ਪਾੜਾ ਪਾਉਣ ਦੀ ਮਨਸ਼ਾ ਨਾਲ ਦਿੱਤਾ ਗਿਆ ਹੈ।ਉਨ੍ਹਾਂ ਕਿਹਾ ਕਿ ਕੁੱਝ ਸ਼ਕਤੀਆਂ ਕਿਸਾਨ ਅੰਦੋਲਨ ਨੂੰ ਕੇਵਲ ਸਿੱਖਾਂ ਨਾਲ ਜੋੜ ਕੇ ਇਸ ਵਿਚ ਪਾੜ ਪਾਉਣਾ ਚਾਹੁੰਦੀਆਂ ਹਨ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਬੀਬੀ ਜਗੀਰ ਕੌਰ ਨੇ ਭਾਜਪਾ ਆਗੂ ਗੁਨੀ ਪ੍ਰਕਾਸ਼ ਨੂੰ ਤਾੜਨਾ ਕਰਦਿਆਂ ਕਿਹਾ ਕਿ ਉਹ ਆਪਣੇ ਵਤੀਰੇ ਲਈ ਸਿੱਖ ਸੰਗਤ ਪਾਸੋਂ ਮੁਆਫ਼ੀ ਮੰਗਣ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media