Monday, June 22, 2026

ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ – ਡਾ. ਗੁਰਿੰਦਰਬੀਰ ਕੌਰ

ਸਿਵਲ ਸਰਜਨ ਨੇ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਵਿਖੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ

ਨਵਾਂਸ਼ਹਿਰ, 4 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਅੱਜ ਜ਼ਿਲ੍ਹਾ ਹਸਪਤਾਲ਼ ਨਵਾਂਸ਼ਹਿਰ ਦਾ ਅਚਨਚੇਤ ਦੌਰਾ ਕੀਤਾ ਅਤੇ ਹਸਪਤਾਲ ਦੇ ਜੱਚਾ-ਬੱਚਾ ਵਾਰਡ, ਐਮਰਜੈਂਸੀ ਵਾਰਡ, ਓਟ ਸੈਂਟਰ ਅਤੇ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ।ਉਨ੍ਹਾਂ ਗਰਭਵਤੀ ਔਰਤਾਂ ਅਤੇ ਨਵੀਆਂ ਮਾਵਾਂ ਸਮੇਤ ਹੋਰਨਾਂ ਮਰੀਜ਼ਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਉਨ੍ਹਾਂ ਨੂੰ ਮਿਲ ਰਹੀਆਂ ਸਰਕਾਰੀ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਲਈ।ਉਨ੍ਹਾਂ ਨੇ ਹਸਪਤਾਲ ਦੇ ਸਾਰੇ ਕਮਰਿਆਂ ਅਤੇ ਬਾਥਰੂਮਾਂ ਸਮੇਤ ਹੋਰ ਮੈਡੀਕਲ ਸਾਜੋ-ਸਮਾਨ ਦੀ ਚੈਕਿੰਗ ਕੀਤੀ।
                ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸੀਨੀਅਰ ਮੈਡੀਕਲ ਅਫਸਰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਚ 24 ਘੰਟੇ ਐਮਰਜੈਂਸੀ ਸੇਵਾਵਾਂ, ਦਵਾਈਆਂ ਦੀ ਉਪਲੱਬਧਤਾ ਅਤੇ ਸਾਫ-ਸਫਾਈ ਦੇ ਪ੍ਰਬੰਧਾਂ ਦਾ ਖਾਸ ਤੌਰ ਉੱਤੇ ਧਿਆਨ ਰੱਖਿਆ ਜਾਵੇ।ਹਸਪਤਾਲ ਵਿਚ ਕੋਈ ਵੀ ਮਰੀਜ਼ ਖੱਜਲ-ਖੁਆਰ ਨਹੀਂ ਹੋਣਾ ਚਾਹੀਦਾ।ਜ਼ਿਲ੍ਹਾ ਹਸਪਤਾਲ ਵਿਚ ਜਣੇਪਾ ਕਰਵਾਉਣ ਲਈ ਗਰਭਵਤੀ ਔਰਤਾਂ ਨੂੰ ਪ੍ਰੇਰਿਤ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇ।
                ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਸਰਕਾਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।ਸਿਵਲ ਸਰਜਨ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਮੁਫਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।
             ਜ਼ਿਲ੍ਹਾ ਸਿਹਤ ਅਫਸਰ ਡਾ. ਕੁਲਦੀਪ ਰਾਏ, ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ, ਨਰਸਿੰਗ ਸਿਸਟਰ ਰਾਜ ਰਾਣੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜ਼ੂਦ ਸਨ।

Check Also

ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ

ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …