ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਨਵਾਂਸ਼ਹਿਰ, 5 ਅਗਸਤ (ਪੰਜਾਬ ਪੋਸਟ ਬਿਊਰੋ) – ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹਰਪ੍ਰੀਤ ਕੌਰ ਵੱਲੋਂ ਅੱਜ ਕੌਮੀ ਲੋਕ ਅਦਾਲਤ
ਸਬੰਧੀ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ’ਤੇ ਆਏ ਰਾਜ਼ੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 11 ਸਤੰਬਰ 2021 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿਚ ਕ੍ਰਿਮੀਨਲ ਕਪਾਂਊਂਡੇਬਲ ਕੇਸ, ਚੈਕ ਬਾਊਂਸ ਨਾਲ ਸਬੰਧਤ ਕੇਸ, ਮੈਟਰ ਐਕਸੀਡੈਂਟ ਕਲੇਮ, ਟ੍ਰਿਬਿਊਨਲ ਨਾਲ ਸਬੰਧਤ ਕੇਸ, ਵਿਵਾਹਿਕ ਝਗੜੇ, ਟ੍ਰੈਫਿਕ ਚਲਾਨ, ਲੇਬਰ ਝਗੜੇ, ਬਿਜਲੀ ਤੇ ਪਾਣੀ ਦੇ ਬਿੱਲ, ਬੈਂਕਾਂ ਦੇ ਕੇਸ, ਬੀ.ਐਸ.ਐਨ.ਐਲ ਕੇਸਾਂ ਅਤੇ ਹੋਰ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ।
ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ ਮਨਜੀਤ ਸਿੰਘ ਨੂੰ ਕਿਹਾ ਕਿ ਉਹ ਪਾਣੀ ਦੇ ਬਿੱਲਾਂ ਨਾਲ ਸਬੰਧਤ ਕੇਸ ਇਸ ਅਦਾਲਤ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦਾ ਫੌਰਨ ਅਤੇ ਯੋਗ ਨਿਪਟਾਰਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲੋਕ ਅਦਾਲਤ ਵਿਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨਵਾਂਸ਼ਹਿਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫ਼ੈਸਲੇ ਨੂੰ ਦੀਵਾਨੀ ਅਦਾਲਤ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਫ਼ੈਸਲੇ ਦੇ ਖਿਲਾਫ਼ ਕੋਈ ਅਪੀਲ ਨਹੀਂ ਹੋ ਸਕਦੀ।
Punjab Post Daily Online Newspaper & Print Media