Wednesday, March 4, 2026

ਵਿਧਾਇਕ ਚੀਮਾ, ਖਹਿਰਾ ਤੇ ਧਾਲੀਵਾਲ ਨੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ

ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਲਈ ਲਗਾਏ ਜਾਣਗੇ ਜਾਗਰੂਕਤਾ ਕੈਂਪ

ਕਪੂਰਥਲਾ, 6 ਅਗਸਤ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਸੁਲਤਾਨਪੁਰ ਲੋਧੀ, ਭੁਲੱਥ ਅਤੇ ਫਗਵਾੜਾ ਵਿਖੇ ਵਿਕਾਸ ਕਾਰਜਾਂ ਨੂੰ ਵੱਡਾ ਹੁਲਾਰਾ ਦੇਣ ਲਈ ਵਿਧਾਇਕ ਨਵਤੇਜ ਸਿੰਘ ਚੀਮਾ, ਸੁਖਪਾਲ ਸਿੰਘ ਖਹਿਰਾ ਅਤੇ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਅੱਜ ਸਾਂਝੇ ਤੌਰ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਤੇ ਹੋਰਨਾਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜ਼ਾਂ ਦੀ ਪ੍ਰਗਤੀ ਅਤੇ ਲੋਕ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਦਾ ਜਾਇਜ਼ਾ ਲਿਆ ਗਿਆ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ.ਪੀ ਆਂਗਰਾ ਵੀ ਹਾਜ਼ਰ ਸਨ।
                 ਵਿਧਾਇਕਾਂ ਨੇ ਪੇਂਡੂ ਵਿਕਾਸ, ਖ਼ੁਰਾਕ ਸਪਲਾਈ, ਪੰਜਾਬ ਵਰਕਰਜ਼ ਵੈਲਫੇਅਰ ਕੰਸਟਰਕਸ਼ਨ ਬੋਰਡ, ਨਗਰ ਕੌਂਸਲਾਂ, ਪੰਚਾਇਤੀ ਰਾਜ, ਸਥਾਨਕ ਸਰਕਾਰਾਂ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀਆਂ ਥਾਵਾਂ ’ਤੇ ਨਿੱਜੀ ਤੌਰ ’ਤੇ ਦੌਰਾ ਕਰਕੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਕੰਮ ਮਿਆਰੀ ਕੰਮ ਨੂੰ ਵੀ ਯਕੀਨੀ ਬਣਾਇਆ ਜਾਵੇ।
                 ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਦੀ ਘਾਟ ਨੂੰ ਗੰਭੀਰਤਾ ਨਾਲ ਲੈਂਦਿਆਂ ਉਨ੍ਹਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੂੰ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਹੇਠਲੇ ਪੱਧਰ ਤੱਕ ਜਾਗਰੂਕਤਾ ਫੈਲਾਉਣ ਲਈ ਬਲਾਕ ਪੱਧਰ ’ਤੇ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਜਾਣ ਤਾਂ ਜੋ ਲੋਕ ਇਨਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
                   ਸੁਲਤਾਨਪੁਰ ਲੋਧੀ ਵਿਖੇ ਸਮਾਰਟ ਸਿਟੀ ਪ੍ਰੋਜੈਕਟ ਬਾਰੇ ਗੱਲਬਾਤ ਕਰਦਿਆਂ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਪ੍ਰੋਜੈਕਟ ਤਹਿਤ ਹੋਣ ਵਾਲੇ ਵੱਖ-ਵੱਖ ਕੰਮ ਜਿਵੇਂ ਸੜਕਾਂ, ਸੁਰੱਖਿਅਤ ਸ਼ਹਿਰ, ਸਮਾਰਟ ਸਕੂਲ, ਪਾਰਕਾਂ ਆਦਿ ਦਾ ਕੰਮ ਇਕ ਮਹੀਨੇ ਦੇ ਵਿੱਚ-ਵਿੱਚ ਸ਼ੁਰੂ ਹੋ ਜਾਵੇਗਾ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਿਛਲੇ ਕੁੱਝ ਮਹੀਨੇ ਪਹਿਲਾਂ 134 ਕਰੋੜ ਰੁਪਏ ਦੇ ਪ੍ਰੋਜੈਕਟ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪ੍ਰੋਜੈਕਟ ਤਹਿਤ ਕੀਤੇ ਜਾਣ ਵਾਲੇ 40 ਕਰੋੜ ਰੁਪਏ ਦੇ ਕੰਮ ਜਿਵੇਂ ਸੀਵਰੇਜ਼ ਟਰੀਟਮੈਂਟ ਪਲਾਂਟ ਅਤੇ ਨਵਾਂ ਤਹਿਸੀਲ ਕੰਪਲੈਕਸ ’ਤੇ ਪਹਿਲਾਂ ਹੀ ਕੰਮ ਸ਼ੁਰੂ ਹੋ ਚੁੱਕਾ ਹੈ।
                    ਸਮਾਰਟ ਵਿਲੇਜ ਕੰਪੇਨ ਤਹਿਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਜਾਇਜ਼ਾ ਲੈਂਦਿਆਂ ਵਿਧਾਇਕਾਂ ਨੇ ਇਸ ਨੂੰ ਦਿਹਾਤੀ ਖੇਤਰ ਦੀ ਨੁਹਾਰ ਬਦਲਣ ਵਾਲੀ ਸਕੀਮ ਕਰਾਰ ਦਿੱਤਾ ਗਿਆ, ਜਿਸ ਤਹਿਤ 100 ਫੀਸਦ ਪਾਣੀ ਸਪਲਾਈ, ਕੰਕਰੀਟ ਦੀਆਂ ਗਲੀਆਂ, ਪਾਰਕਾਂ ਅਤੇ ਬਲਾਕ ਪੱਧਰ ਦੇ 5 ਬਹੁ ਮੰਤਵੀ ਸਟੇਡੀਅਮ ਮੁਹੱਈਆ ਕਰਵਾਏ ਜਾਣਗੇ।
                   ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਯੋਗ ਲਾਭਪਤਾਰੀਆਂ ਲਈ ਜੁਲਾਈ 2021 ਤੋਂ ਵਧਾਈ ਗਈ 1500 ਰੁਪਏ ਪੈਨਸ਼ਨ ਨੂੰ ਯਕੀਨੀ ਬਣਾਇਆ ਜਾਵੇ।ਉਨ੍ਹਾਂ ਜ਼ੋਰ ਦਿੱਤਾ ਪੇਡਾ ਸਕੀਮ ਤਹਿਤ ਸੋਲਰ ਪਲਾਂਟ ਲਗਾਉਣ, ਲਿੰਕ ਸੜਕਾਂ ਦੀ ਮੁਰੰਮਤ, ਯੋਗ ਲਾਭਪਾਤਰੀਆਂ ਦੀ ਕੰਸਟਰਕਸ਼ਨ ਵਰਕਰ ਵਜੋਂ ਰਜਿਸਟ੍ਰੇਸ਼ਨ ਆਦਿ ਲਈ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕੀਤਾ ਜਾਵੇ।
                     ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕਿਟ ਕਮੇਟੀ ਚੇਅਰਮੈਨ ਸੁਲਤਾਨਪੁਰ ਲੋਧੀ ਪਰਮਿੰਦਰ ਸਿੰਘ ਅਤੇ ਰਛਪਾਲ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਭੁਲੱਥ, ਚੇਅਰਮੈਨ ਇੰਪਰੂਵਮੈਂਟ ਟਰੱਸਟ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਤੇਜਵੰਤ ਸਿੰਘ, ਰਾਜੂ ਧੀਰ ਪ੍ਰਧਾਨ ਨਗਰ ਕੌਂਸਲ ਸੁਲਤਾਨਪੁਰ ਲੋਧੀ, ਨਗਰ ਪੰਚਾਇਤ ਢਿੱਲਵਾਂ ਤੇ ਬੇਗੋਵਾਲ ਦੇ ਪ੍ਰਧਾਨ, ਐਕਸੀਅਨ ਸਰਵਰਾਜ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੀਰਜ਼ ਕੁਮਾਰ, ਡੀ.ਐਫ.ਐਸ.ਸੀ ਗੀਤਾ ਬਿਸ਼ੰਭੂ, ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …