ਨਵਾਂਸ਼ਹਿਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵੱਲੋਂ ਕੋਵਿਡ ਮਹਾਂਮਾਰੀ ਦੇ ਬਾਵਜ਼ੂਦ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਜ਼ਿਲ੍ਹਾ
ਵਾਸੀਆਂ ਨੂੰ ਕਰੀਬ 1.10 ਲੱਖ ਸੇਵਾਵਾਂ ਪ੍ਰਦਾਨ ਕੀਤੀਆਂ ਹਨ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਨਵੇਂ ਡਿਜ਼ੀਟਲ ਯੁੱਗ ਵਿੱਚ ਕੰਮਕਾਜ਼ ਨੂੰ ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਜ਼ਿਲ੍ਹੇ ਵਿੱਚ 17 ਸੇਵਾ ਕੇਂਦਰ ਕੰਮ ਕਰ ਰਹੇ ਹਨ, ਜਿਥੇ ਰੋਜ਼ਾਨਾ ਸੈਂਕੜੇ ਲੋਕ 332 ਪ੍ਰਕਾਰ ਦੀਆਂ ਵੱਖ-ਵੱਖ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ਵਿੱਚ ਆਉਂਦੇ ਹਨ।ਸੇਵਾ ਕੇਂਦਰਾਂ ਦੀ ਸਫਲਤਾ ਦੇ ਮੱਦੇਨਜ਼ਰ ਹਾਲ ਹੀ ਵਿੱਚ ਫਰਦਾਂ, ਟਰਾਂਸਪੋਰਟ ਅਤੇ ਸਾਂਝ ਕੇਂਦਰਾਂ ਨਾਲ ਸਬੰਧਤ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਅਗਲੇ ਕੁੱਝ ਮਹੀਨਿਆਂ ਦੌਰਾਨ ਆਮ ਲੋਕਾਂ ਨਾਲ ਸਬੰਧਤ ਕੁੱਝ ਹੋਰ ਅਹਿਮ ਸੇਵਾਵਾਂ ਸ਼ੁਰੂ ਕੀਤੀਆਂ ਜਾਣਗੀਆਂ।ਸੇਵਾ ਕੇਂਦਰਾਂ ਵਿੱਚ ਜਨਤਕ ਸ਼ਿਕਾਇਤਾਂ ਦਾ ਹੱਲ ਵੈਬ, ਮੋਬਾਈਲ ਅਤੇ ਟੋਲ ਫਰੀ ਨੰਬਰ 1100 ’ਤੇ ਕਾਲ ਕਰਕੇ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਜੁਲਾਈ 2020 ਤੋਂ ਜੁਲਾਈ 2021 ਦੇ ਇਕ ਸਾਲ ਦੇ ਅਰਸੇ ਦੌਰਾਨ ਕੇਵਲ 0.03 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਸੇਵਾ ਕੇਂਦਰਾਂ ਵਿਚ ਸਟਾਫ ਅਤੇ ਬਿਨੈਕਾਰਾਂ ਸਮੇਤ ਸਾਰਿਆਂ ਦੀ ਸੁਰੱਖਿਆ ਲਈ ਲੋੜੀਂਦੇ ਉਪਾਅ ਅਪਣਾਏ ਗਏ ਹਨ।ਜ਼ਿਲ੍ਹੇ ਵਿਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਇਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵੱਲੋਂ ਸਪੀਡ ਪੋਸਟ ਅਤੇ ਕੋਰੀਅਰ ਸੇਵਾ ਰਾਹੀਂ ਨਾਗਰਿਕਾਂ ਨੂੰ ਉਨ੍ਹਾਂ ਦੇ ਦਸਤਾਵੇਜ਼ ਘਰ ਬੈਠਿਆਂ ਹੀ ਪਹੰੁਚਾਉਣ ਦਾ ਉਪਰਾਲਾ ਵੀ ਕੀਤਾ ਗਿਆ ਹੈ।
Punjab Post Daily Online Newspaper & Print Media