15 ਅਗਸਤ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਲਹਿਰਾਉਣਗੇ ਕੌਮੀ ਝੰਡਾ
ਨਵਾਂਸ਼ਹਿਰ, 13 ਅਗਸਤ (ਪੰਜਾਬ ਪੋਸਟ ਬਿਊਰੋ) – 75ਵੇਂ ਆਜ਼ਾਦੀ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਦੌਰਾਨ ਸਵੇਰੇ 9 ਵਜੇ ਤਕਨੀਕੀ ਸਿੱਖਿਆ, ਉਦਯੋਗਿਕ ਸਿਖਲਾਈ,
ਰੋਜ਼ਗਾਰ ਉਤਪਤੀ, ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ, ਪੰਜਾਬ ਚਰਨਜੀਤ ਸਿੰਘ ਚੰਨੀ ਨਵਾਂਸ਼ਹਿਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।ਸਮਾਗਮ ਦੀ ਫੁੱਲ ਡਰੈਸ ਰਿਹਰਸਲ ਅੱਜ ਆਈ.ਟੀ. ਆਈ ਗਰਾਊਂਡ ਨਵਾਂਸ਼ਹਿਰ ਵਿਖੇ ਹੋਈ।ਜਿਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ।ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ।ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਵੀ ਉਨ੍ਹਾਂ ਦੇ ਨਾਲ ਸਨ। ਇਸੇ ਦੌਰਾਨ ਪਰੇਡ ਕਮਾਂਡਰ ਡੀ.ਐਸ.ਪੀ (ਸਥਾਨਕ) ਨਵਨੀਤ ਕੌਰ ਗਿੱਲ ਦੀ ਅਗਵਾਈ ਵਿਚ ਵੱਖ-ਵੱਖ ਟੁਕੜੀਆਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ।
ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਇਸ ਵਾਰ ਸੁਤੰਤਰਤਾ ਦਿਵਸ ਮੌਕੇ ਬੱਚਿਆਂ ਦਾ ਪੀ.ਟੀ ਸ਼ੋਅ ਅਤੇ ਸੱਭਿਆਚਾਰਕ ਵੰਨਗੀਆਂ ਨਹੀਂ ਕਰਵਾਈਆਂ ਜਾ ਰਹੀਆਂ।ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸੀਅਤਾਂ ਅਤੇ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ ਜਾਵੇਗੀ।
ਡਿਪਟੀ ਕਮਿਸਨਰ ਨੇ ਸਮਾਗਮ ਨੂੰ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨੂੰ ਵੱਖ-ਵੱਖ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ-19 ਸਬੰਧੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਆਜ਼ਾਦੀ ਦਿਵਸ ਸਾਡੇ ਸਾਰਿਆਂ ਲਈ ਇਕ ਮਹੱਤਵਪੂਰਨ ਦਿਹਾੜਾ ਹੈ, ਕਿਉਂਕਿ 1947 ਨੂੰ ਇਸੇ ਦਿਨ ਸਾਡਾ ਦੇਸ਼ ਕਈ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਸਦਕਾ ਆਜ਼ਾਦ ਹੋਇਆ ਸੀ।
ਜ਼ਿਲ੍ਹਾ ਪੁਲਿਸ ਮੁਖੀ ਅਲਕਾ ਮੀਨਾ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪੁਲਿਸ ਵਲੋਂ ਆਜ਼ਾਦੀ ਦਿਵਸ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।ਸਮਾਗਮ ਦੌਰਾਨ ਸੁਚਾਰੂ ਆਵਾਜਾਈ ਅਤੇ ਪਾਰਕਿੰਗ ਆਦਿ ਦੇ ਵੀ ਢੁੱਕਵੇਂ ਪ੍ਰਬੰਧ ਯਕੀਨੀ ਬਣਾਏ ਜਾ ਰਹੇ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ. ਪੀ ਮਨਵਿੰਦਰ ਬੀਰ ਸਿੰਘ, ਸਹਾਇਕ ਕਮਿਸ਼ਨਰ ਅਨਿਲ ਗੁਪਤਾ, ਤਹਿਸੀਲਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media