ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਹਾੜੇ ’ਤੇ ਸਮਾਗਮ
ਅੰਮ੍ਰਿਤਸਰ, 17 ਅਗਸਤ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਦੇ ਸ਼ਹੀਦੀ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਅਸੀਂ ਇਨਾਂ ਸ਼ਹੀਦਾਂ ਦੀ ਬਦੌਲਤ ਹੀ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।ਉਨਾਂ ਕਿਹਾ ਕਿ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਸ਼ਹੀਦ ਤੇ ਉਨਾਂ ਦੇ ਪਰਿਵਾਰ ਦੇਸ਼ ਦਾ ਅਨਮੋਲ ਵਿਰਸਾ ਅਤੇ ਸਰਮਾਇਆ ਹਨ ਅਤੇ ਅੱਜ ਦੀ ਨੌਜਵਾਨ ਪੀੜੀ ਨੂੰ ਸ਼ਹੀਦਾਂ ਵੱਲੋਂ ਦਰਸਾਏ ਗਏ ਰਸਤੇ ਤੋਂ ਸੇਧ ਲੈਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਆਜ਼ਾਦੀ ਪ੍ਰਾਪਤ ਕਰਨ ਲਈ ਲੱਖਾਂ ਹੀ ਦੇਸ਼ ਭਗਤਾਂ, ਸ਼ੂਰਬੀਰ ਯੋਧਿਆਂ ਨੇ ਕੁਰਬਾਨੀ ਦਿੱਤੀ ਹੈ।ਜਲਿਆਂਵਾਲਾ ਬਾਗ ਵਿਖੇ ਸ਼ਹੀਦ ਹੋਣ ਵਾਲੇ ਸ਼ੂਰਬੀਰ ਜਿੰਨਾਂ ਵਿੱਚ ਵੱਡੀ ਗਿਣਤੀ ਅੰਮ੍ਰਿਤਸਰ ਦੇ ਯੋਧਿਆਂ ਦੀ ਸੀ।
ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਪ੍ਰਤੀ ਪੂਰੀ ਗੰਭੀਰ ਹੈ ਅਤੇ ਆਜ਼ਾਦੀ ਘੁਲਾਟੀਆਂ ਨੂੰ ਘਰ ਮੁਹੱਈਆ ਕਰਵਾਉੋਣ ਲਈ ਪੁੱਡਾ, ਗਮਾਡਾ ਵਿੱਚ ਰਾਖਵਾਂਕਰਨ ਦਾ ਕੋਟਾ 2 ਫੀਸਦੀ ਤੋਂ ਵਧਾ ਕੇ 3 ਫੀਸਦੀ ਕਰ ਦਿੱਤਾ ਗਿਆ ਹੈ ਅਤੇ ਸਰਕਾਰ ਵੱਲੋਂ ਸੁਤੰਤਰਤਾ ਸੈਨਾਨੀਆਂ ਨੂੰ ਰਾਜ ਮਾਰਗਾਂ ‘ਤੇ ਟੋਲ ਟੈਕਸ ਦੀ ਛੋਟ ਵੀ ਦਿੱਤੀ ਗਈ ਹੈ। ਸ਼ਹੀਦਾਂ ਦੇ ਪਰਿਵਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਸਰਕਾਰ ਉੌਨ੍ਹਾਂ ਦੀ ਹਰ ਸੰਭਵ ਮਦਦ ਕਰੇਗੀ।
ਉਨਾਂ ਨਾਲ ਪੁਲਿਸ ਕਮਿਸ਼ਨਰ ਡਾ ਸੁਖਚੈਨ ਸਿੰਘ ਗਿੱਲ, ਕਮਿਸ਼ਨਰ ਕਾਰਪੋਰੇਸ਼ਨ ਮਲਵਿੰਦਰ ਸਿੰਘ ਜੱਗੀ, ਐਸ.ਡੀ.ਐਮ ਅਰਸ਼ਦੀਪ ਸਿੰਘ, ਕੈਪਟਨ ਸੰਜੀਵ ਸ਼ਰਮਾ, ਤਹਿਸੀਲਦਾਰ ਲਖਬੀਰ ਸਿੰਘ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।