ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਤੀ ਜਾਗਰੂਕ ਕਰਨ ਵਜੋਂ ਸੈਮੀਨਾਰ
ਫਾਜ਼ਿਲਕਾ, 10 ਨਵੰਬਰ (ਵਨੀਤ ਅਰੋੜਾ) – ਜਿਲ੍ਹਾ ਅਤੇ ਸੈਸ਼ਨ ਜੱਜ, ਸ੍ਰੀ ਵਿਵੇਕ ਪੁਰੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਜੇ.ਪੀ.ਐਸ. ਖੁਰਮੀ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਿਕਰਾਂਤ ਕੁਮਾਰ ਗਰਗ ਦੀ ਅਗਵਾਈ ਹਠੇ ਵਿਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ਆਮ ਲੋਕਾਂ ਨੂੰ ਜਾਗਰੂਕ ਕਰਨ ਵਜੋਂ ਸੈਮੀਨਾਰ ਲਗਾਏ ਜਾ ਰਹੇ ਹਨ। ਇਸ ਲੜੀ ਦੇ ਤਹਿਤ ਪਿੰਡ ਲੱਧੂਵਾਲਾ ਉਤਾੜ, ਪਿੰਡ ਹਜ਼ਾਰਾ ਰਾਮ ਸਿੰਘ ਵਾਲਾ ਅਤੇ ਪਿੰਡ ਝੁੱਗੇ ਤੇਜ਼ ਸਿੰਘ ਵਾਲਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਫਾਜ਼ਿਲਕਾ ਦੇ ਵਧੀਕ ਜਿਲ੍ਹਾ ਤੇ ਸੈ੪ਨ ਜੱਜ ਸ੍ਰੀ ਜੇ.ਪੀ.ਐਸ. ਖੁਰਮੀ ਨੇ ਇਸ ਮੋਕੇ ਜਾਣਕਾਰੀ ਦਿੱਤੀ ਕਿ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਦਾ ਵੱਧ ਤੋਂ ਵੱਧ ਫ਼ਾਇਦਾ ਉਠਾਉਣਾ ਚਾਹੀਦਾ ਹੈ । ਸ੍ਰੀ ਖੁਰਮੀ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ਵਿੱਚ ਵਿਅਕਤੀ, ਬੇਰੁਜ਼ਗਾਰ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 150000/- ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ। ਮੁਫ਼ਤ ਕਾਨੂੰਨੀ ਸੇਵਾ ਵਿਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ। ਉਨ੍ਹਾਂ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਟੋਲ ਫ੍ਰੀ ਨੰਬਰ 1968 ਤੇ ਫੋਨ ਕਰਕੇ ਵੀ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ।
ਸ੍ਰੀ ਖੁਰਮੀ ਨੇ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ 06-12-2014 ਨੂੰ ਵੱਡੇ ਪੈਮਾਨੇ ਤੇ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰ ਤਰ੍ਹਾਂ ਦੇ ਸਿਵਲ, ਮੈਟਰੀਮੋਨੀਅਲ, ਰਿਕਵਰੀ ਅਤੇ ਹੋਰ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਲੋਕ ਨੈਸ਼ਨਲ ਲੋਕ ਅਦਾਲਤ ਦਾ ਵੀ ਵੱਧ ਤੋਂ ਵੱਧ ਫ਼ਾਇਦਾ ਉਠਾਉਣ ਅਤੇ ਆਪਣੇ ਕੇਸਾਂ ਦਾ ਮੌਕੇ ਤੇ ਨਿਪਟਾਰਾ ਕਰਵਾਉਣ।