Tuesday, March 3, 2026

ਮੁੱਖ ਮੰਤਰੀ ਚੰਨੀ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਹੋਏ ਨਤਮਸਤਕ

ਬੇਅਦਬੀ ਮਾਮਲਿਆਂ ‘ਚ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ – ਚੰਨੀ

ਅੰਮ੍ਰਿਤਸਰ, 22 ਸਤੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਲਈ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ।
                   ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉਠ ਕੇ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਅਰਦਾਸ ਕਰ ਕੇ ਵਾਹਿਗੁਰੂ ਦੀਆ ਬਖਸ਼ਿਸ਼ਾਂ ਮੰਗੀਆ।ਉਨ੍ਹਾਂ ਕਿਹਾ, “ਸੂਬੇ ਦੇ ਹਰੇਕ ਧਰਮ ਅਤੇ ਸਮਾਜ ਦੇ ਹਰ ਵਰਗ ਨੂੰ ਬਣਦਾ ਸਤਿਕਾਰ ਦਿੱਤਾ ਜਾਵੇਗਾ ਅਤੇ ਪ੍ਰਸਾਸ਼ਨ ਨੂੰ ਧਾਰਮਿਕ ਕਦਰਾਂ ਕੀਮਤਾਂ ਅਨੁਸਾਰ ਚਲਾਇਆ ਜਾਵੇਗਾ (ਰਾਜ ਧਰਮ ਅਨੁਸਾਰ ਚੱਲੇਗਾ)”।
ਚੰਨੀ ਨੇ ਕਿਹਾ ਕਿ ਸਮਾਜ ਵਿੱਚ ਪਿਆਰ, ਭਾਈਚਾਰੇ ਅਤੇ ਸਦਭਾਵਨਾ ਦੀਆਂ ਕਦਰਾਂ ਕੀਮਤਾਂ ਨੂੰ ਹਰ ਕੀਮਤ ‘ਤੇ ਕਾਇਮ ਰੱਖਿਆ ਜਾਵੇਗਾ ਅਤੇ ਇਹ ਉਨ੍ਹਾਂ ਦੀ ਹਮੇਸ਼ਾਂ ਪ੍ਰਮੁੱਖ ਤਰਜ਼ੀਹ ਰਹੇਗੀ।
                 ਮੁੱਖ ਮੰਤਰੀ ਨੇ ਇਮਾਨਦਾਰੀ, ਸਮਰਪਣ ਭਾਵਨਾ ਅਤੇ ਵਚਨਬੱਧਤਾ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਦੀ ਜਿੰਮੇਵਾਰੀ ਸੌਂਪਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ।ਚੰਨੀ ਨੇ ਕਿਹਾ ਕਿ ਵਾਹਿਗੁਰੂ ਦੀ ਕਿਰਪਾ ਨਾਲ ਉਹ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ ਅਤੇ ਲੋਕ-ਪੱਖੀ ਉਪਰਾਲਿਆਂ ਤੇ ਵਿਕਾਸ ਪਹਿਲਕਦਮੀਆਂ ਨੂੰ ਲਾਗੂ ਕਰਨਾ ਸੂਬਾ ਸਰਕਾਰ ਦੀ ਪ੍ਰਮੁੱਖ ਤਰਜ਼ੀਹ ਹੋਵੇਗੀ।
                ਇਸ ਤੋਂ ਪਹਿਲਾਂ ਮੁੱਖ ਮੰਤਰੀ ਅੰਮ੍ਰਿਤ ਵੇਲੇ ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਜਿਥੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਨ ਤੋਂ ਪਹਿਲਾਂ ਪਰਿਕਰਮਾ ਕੀਤੀ।ਉਹਨਾਂ ਨੂੰ ਪਵਿੱਤਰ ਪਾਲਕੀ ਸਾਹਿਬ ਦੀ ਸੇਵਾ ਕਰਨ ਦਾ ਵੀ ਸੁਭਾਗ ਹਾਸਲ ਹੋਇਆ।ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਹ ਅਰਦਾਸ ਵਿੱਚ ਸ਼ਾਮਲ ਹੋਏ, ਦੇਗ਼ ਅਤੇ ਰੁਮਾਲਾ ਸਾਹਿਬ ਭੇਂਟ ਕੀਤਾ ਅਤੇ ਹੁਕਮਨਾਮਾ ਵੀ ਸਰਵਣ ਕੀਤਾ।
                     ਇਸ ਉਪਰੰਤ ਸੂਚਨਾ ਦਫ਼ਤਰ ਵਿਖੇ ਸ਼਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ‘ਸਿਰੋਪਾ` ਬਖਸ਼ਿਸ਼ ਕੀਤਾ ਅਤੇ `ਸ੍ਰੀ ਹਰਿਮੰਦਰ ਸਾਹਿਬ` ਦੇ ਮਾਡਲ ਨਾਲ ਸਨਮਾਨਿਤ ਕੀਤਾ।
                   ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਚੰਨੀ ਦੇ ਨਾਲ ਉਪ ਮੁ ਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ ਸੋਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੋਂ ਇਲਾਵਾ ਵਿਧਾਇਕ ਅਤੇ ਮੁੱਖ ਮੰਤਰੀ ਦੇ ਪਰਿਵਾਰਕ ਮੈਂਬਰ ਵੀ ਮੌਜ਼ੂਦ ਸਨ।
                      ਇਸ ਉਪਰੰਤ ਮੁੱਖ ਮੰਤਰੀ ਸ੍ਰੀ ਦੁਰਗਿਆਣਾ ਮੰਦਿਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ, ਰਾਮ ਤੀਰਥ ਵਿਖੇ ਵੀ ਨਤਮਸਤਕ ਹੋਏ ਜਿਥੇ ਉਨ੍ਹਾਂ ਨੂੰ ਉਥੋਂ ਦੀਆਂ ਪ੍ਰਬੰਧਕ ਕਮੇਟੀਆਂ ਵਲੋਂ ਸਨਮਾਨਿਤ ਕੀਤਾ ਗਿਆ। ਮੁੱਖ ਮੰਤਰੀ ਨੇ ਜਲ੍ਹਿਆਂ ਵਾਲਾ ਬਾਗ ਯਾਦਗਾਰ ਦਾ ਦੌਰਾ ਕਰਦਿਆਂ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।
ਅੰਮ੍ਰਿਤਸਰ ਦੇ ਦੌਰੇ ਦੌਰਾਨ ਮੁੱਖ ਮੰਤਰੀ ਚੰਨੀ ਉਚੇਚੇ ਤੌਰ ‘ਤੇ ਉਪ ਮੁੱਖ ਮੰਤਰੀ ਓ.ਪੀ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ, ਡਾ. ਰਾਜ ਕੁਮਾਰ ਵੇਰਕਾ ਅਤੇ ਸੁਖਵਿੰਦਰ ਸਿੰਘ ਡੈਨੀ ਦੇ ਘਰ ਵੀ ਗਏ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …