ਸਿੱਖ ਮਸਲਿਆਂ ਨੂੰ ਲੈ ਕੇ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫ਼ਦ
ਅੰਮ੍ਰਿਤਸਰ, 23 ਸਤੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਸਰਕਾਰ ਸਿੱਖ ਮਸਲਿਆਂ
’ਤੇ ਉਦਾਸੀਨਤਾ ਵਿਖਾ ਰਹੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਸਮੇਂ ਸਮੇਂ ਲਿਖੇ ਪੱਤਰਾਂ ਅਤੇ ਭੇਜੇ ਮਤਿਆਂ ’ਤੇ ਢੁੱਕਵੀਂ ਕਾਰਵਾਈ ਨਹੀਂ ਕੀਤੀ ਜਾ ਰਹੀ।ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਆਖਿਆ ਕਿ ਲੋਕਲ ਪ੍ਰਬੰਧ ਵਾਲੇ 30 ਤੋਂ ਵੱਧ ਇਤਿਹਾਸਕ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਹੇਠ ਲਿਆਉਣ ਲਈ ਸਿੱਖ ਗੁਰਦੁਆਰਾ ਐਕਟ ਅਨੁਸਾਰ ਭਾਰਤ ਸਰਕਾਰ ਨੂੰ ਕਈ ਵਾਰ ਲਿਖਿਆ ਜਾ ਚੁੱਕਾ ਹੈ, ਪਰ ਦੁੱਖ ਦੀ ਗੱਲ ਹੈ ਕਿ ਸਰਕਾਰ ਇਸ ’ਤੇ ਕੋਈ ਵੀ ਹੁੰਗਾਰਾ ਨਹੀਂ ਭਰ ਰਹੀ।ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਸਿੱਖ ਮਸਲਿਆਂ ਪ੍ਰਤੀ ਗੰਭੀਰ ਹੀ ਨਹੀਂ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਇਸ ਮਾਮਲੇ ’ਤੇ ਸੰਜ਼ੀਦਾ ਵਿਚਾਰ ਮਗਰੋਂ ਭਾਰਤ ਦੇ ਗ੍ਰਹਿ ਮੰਤਰੀ ਨੂੰ ਮਿਲਣ ਦਾ ਫੈਸਲਾ ਕੀਤਾ ਹੈ।ਇਸ ਸਬੰਧ ਵਿਚ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਦਿੱਲੀ ਜਾਵੇਗਾ।ਉਨ੍ਹਾਂ ਇਹ ਵੀ ਕਿਹਾ ਕਿ ਭਾਰਤ ਸਰਕਾਰ ਦੇ ਇਸ ਬੇਰੁਖੀ ਵਾਲੇ ਰਵੱਈਏ ਤਹਿਤ ਹੀ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵੀ ਸਮੇਂ ਸਿਰ ਨਹੀਂ ਕਰਵਾਈਆਂ ਜਾਂਦੀਆਂ।
ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਸ੍ਰੀ ਅੰਮ੍ਰਿਤਸਰ ਨੂੰ ਐਨ.ਏ.ਬੀ.ਐਚ ਵੱਲੋਂ ਮਾਨਤਾ ਮਿਲਣ ’ਤੇ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਲੋੜਵੰਦਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਵਿਚ ਵਾਧਾ ਹੋਵੇਗਾ।ਉਨ੍ਹਾਂ ਦਿੱਲੀ ਵਿਖੇ ਕਿਸਾਨ ਮੋਰਚੇ ਵੱਲੋਂ ਕਰਵਾਈ ਜਾ ਰਹੀ ਕਬੱਡੀ ਲੀਗ ਵਿਚ ਸ਼੍ਰੋਮਣੀ ਕਮੇਟੀ ਦੀ ਟੀਮ ਵੱਲੋਂ ਲਗਾਤਾਰ ਦਰਜ਼ ਕੀਤੀਆਂ ਜਾ ਰਹੀਆਂ ਜਿੱਤਾਂ ’ਤੇ ਵੀ ਤਸੱਲੀ ਪ੍ਰਗਟਾਈ।ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਚੀਫ਼ ਖਾਲਸਾ ਦੀਵਾਨ ਦੇ ਆਗੂ ਭਾਗ ਸਿੰਘ ਅਣਖੀ ਅਤੇ ਜੰਮੂ ਕਸ਼ਮੀਰ ਦੇ ਸਿੱਖ ਆਗੂ ਤਰਲੋਚਨ ਸਿੰਘ ਵਜੀਰ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਪੜ੍ਹ ਕੇ ਸ਼ਰਧਾਜਲੀ ਦਿੱਤੀ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸਤਵਿੰਦਰ ਸਿੰਘ ਟੌਹੜਾ, ਬਲਦੇਵ ਸਿੰਘ ਚੂੰਘਾਂ, ਅਜਮੇਰ ਸਿੰਘ ਖੇੜਾ, ਨਵਤੇਜ ਸਿੰਘ ਕਾਉਣੀ, ਭੁਪਿੰਦਰ ਸਿੰਘ ਭਲਵਾਨ, ਦਰਸ਼ਨ ਸਿੰਘ ਸ਼ੇਰ ਖਾਂ, ਬੀਬੀ ਮਲਕੀਤ ਕੌਰ ਕਮਾਲਪੁਰ, ਹਰਭਜਨ ਸਿੰਘ ਮਸਾਣਾਂ, ਮਿੱਠੂ ਸਿੰਘ ਕਾਹਨੇਕੇ, ਅਮਰੀਕ ਸਿੰਘ ਸ਼ਾਹਪੁਰ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਓ.ਐਸ.ਡੀ ਸਤਬੀਰ ਸਿੰਘ ਧਾਮੀ, ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media