ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਹੋਟਲ ਮਾਲਕਾਂ ਨਾਲ ਕੀਤੀ ਇਕੱਤਰਤਾ
ਅੰਮ੍ਰਿਤਸਰ, 29 ਸਤੰਬਰ (ਜਗਦੀਪ ਸਿੰਘ) – ਸ੍ਰੀ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਮਨਾਏ ਜਾ ਰਹੇ
ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਇਕੱੱਤਰਤਾ ਕੀਤੀ।ਜਿਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮੁਫ਼ਤ ਮਹੱਈਆ ਕਰਵਾਏ ਜਾਣਗੇ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਿੱਟੇਵੱਡ ਅਤੇ ਜਨਰਲ ਸਕੱਤਰ ਐਡਵਕੇਟ ਸਿਆਲਕਾ ਨੇ ਇਕੱਤਰਤਾ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ।ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਚੰਗੀ ਪਹਿਲ ਹੈ ਅਤੇ ਆਸ ਕਰਦੇ ਹਾਂ ਕਿ ਇਸ ਦੀ ਨਿਰੰਤਰਤਾ ਬਣੀ ਰਹੇਗੀ।
ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿਚ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਵੀ ਹੋਰ ਕਮਰੇ ਰਿਆਇਤੀ ਦਰਾਂ ’ਤੇ ਦਿੱਤੇ ਜਾਣਗੇ ਅਤੇ ਗੁਰਪੁਰਬ ਮੌਕੇ ਰੁਕਣ ਵਾਲੇ ਸ਼ਰਧਾਲੂਆਂ ਨੂੰ ਸਵੇਰ ਦਾ ਨਾਸ਼ਤਾ ਅਤੇ ਮਠਿਆਈ ਦੇ ਡੱਬੇ ਦਿੱਤੇ ਜਾਣਗੇ।ਉਨ੍ਹਾਂ ਕਿਹਾ ਕਿ ਅਸੀਂ ਹਰ ਸਮੇਂ ਗੁਰੂ ਘਰ ਦੇ ਸ਼ਰਧਾਲੂਆਂ ਦੀ ਸੇਵਾ ਲਈ ਵਚਨਬੱਧ ਹਾਂ ਅਤੇ ਰਹਾਂਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਮਰੀਕ ਸਿਮਘ ਵਿਛੋਆ, ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਸਮੇਤ ਵੱਖ-ਵੱਖ ਹੋਟਲਾਂ ਦੇ ਨੁਮਾਇੰਦੇ ਸ਼ਾਮਲ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …
Punjab Post Daily Online Newspaper & Print Media