ਕੱਲ੍ਹ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਲੱਗੇਗਾ ਵਿਸ਼ੇਸ਼ ਕੈਂਪ
ਨਵਾਂਸ਼ਹਿਰ, 5 ਅਕਤੂਬਰ (ਪੰਜਾਬ ਪੋਸਟਬ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ
ਵਿਭਾਗ ਨੇ ਦਿਵਿਆਂਗ ਵਿਅਕਤੀਆਂ ਦੇ ਦਿਵਿਆਂਗਤਾ ਸਰਟੀਫਿਕੇਟ ਅਤੇ ਵਿਲੱਖਣ ਪਹਿਚਾਣ ਪੱਤਰ (ਯੂ.ਡੀ.ਆਈ.ਡੀ) ਬਣਾਉਣ ਲਈ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਅੱਜ ਕਮਿਊਨਿਟੀ ਸਿਹਤ ਕੇਂਦਰ ਸੜੋਆ ਵਿਖੇ ਦਿਵਿਆਂਗਤਾ ਸਰਟੀਫਿਕੇਟ ਬਣਾਉਣ ਲਈ ਵਿਸ਼ੇਸ਼ ਕੈਂਪ ਲਾਇਆ ਗਿਆ, ਜਿਸ ਵਿਚ 38 ਦਿਵਿਆਂਗ ਵਿਅਕਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਗਈ ਅਤੇ ਮਾਹਰ ਡਾਕਟਰਾਂ ਨੇ ਮੌਕੇ `ਤੇ ਹੀ ਚੈਕਅੱਪ ਕਰਕੇ ਸਰਟੀਫਿਕੇਟ ਬਣਾਉਣ ਲਈ ਪ੍ਰਕਿਰਿਆ ਆਰੰਭ ਕੀਤੀ।ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ ਨੇ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਆਪਣਾ ਦਿਵਿਆਂਗਤਾ ਸਰਟੀਫਿਕੇਟ ਬਣਾ ਕੇ ਸਰਕਾਰ ਦੀਆਂ ਸਕੀਮਾਂ ਤੋਂ ਭਰਪੂਰ ਲਾਭ ਉਠਾਉਣਾ ਚਾਹੀਦਾ ਹੈ।6 ਅਕਤੂਬਰ ਨੂੰ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਵਿਸ਼ੇਸ਼ ਕੈਂਪ ਆਯੋਜਿਤ ਕੀਤਾ ਜਾ ਰਿਹਾ ਹੈ।
ਡਾ. ਸਿੰਘ ਨੇ ਦੱਸਿਆ ਕਿ ਦਿਵਿਆਂਗਤਾ ਸਰਟੀਫਿਕੇਟ ਨਾਲ ਇੱਕ ਪਾਸੇ ਦਿਵਿਆਂਗ ਵਿਅਕਤੀ ਸਾਰੀਆਂ ਸਰਕਾਰੀ ਸਹੂਲਤਾਂ ਪ੍ਰਾਪਤ ਕਰ ਸਕਣਗੇ ਅਤੇ ਦੂਜੇ ਪਾਸੇ ਉਨ੍ਹਾਂ ਨੂੰ ਪਿੰਡ, ਬਲਾਕ, ਜ਼ਿਲ੍ਹਾ, ਸੂਬਾ ਅਤੇ ਰਾਸ਼ਟਰੀ ਪੱਧਰ `ਤੇ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇਗਾ।ਜਿਨ੍ਹਾਂ ਦਿਵਿਆਂਗ ਵਿਅਕਤੀਆਂ ਕੋਲ ਸਿਹਤ ਵਿਭਾਗ ਦੁਆਰਾ ਜਾਰੀ ਆਫ਼ਲਾਈਨ ਸਰਟੀਫਿਕੇਟ ਹਨ, ਉਹ ਵੀ ਇਹ ਵਿਲੱਖਣ ਪਹਿਚਾਣ ਪੱਤਰ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਜੋ ਵਿਅਕਤੀ ਨਵਾਂ ਦਿਵਿਆਂਗਤਾ ਸਰਟੀਫਿਕੇਟ ਬਣਾਉਣਾ ਚਾਹੁੰਦੇ ਹਨ, ਉਹ ਨੇੜੇ ਦੇ ਸੀਨੀਅਰ ਮੈਡੀਕਲ ਅਫਸਰ ਦੇ ਦਫਤਰ ਜਾਂ ਦਫਤਰ ਸਿਵਲ ਸਰਜਨ ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media