Sunday, April 19, 2026

ਸਰਪੰਚ ਤੇ ਮੋਹਤਬਰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਕਰਨ ਪ੍ਰੇਰਿਤ – ਏ.ਡੀ.ਸੀ

ਫ਼ਸਲੀ ਰਹਿੰਦ-ਖੂੰਹਦ ਦੇ ਯੋਗ ਨਿਪਟਾਰੇ ਲਈ ਪਿੰਡ-ਪਿੰਡ ਲਗਾਏ ਜਾਣਗੇ ਜਾਗਰੂਕਤਾ ਕੈਂਪ

ਨਵਾਂਸ਼ਹਿਰ, 7 ਅਕਤੂਬਰ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇਨ ਸੀਟੂ ਸਕੀਮ ਤਹਿਤ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਦੀ ਸਾਂਭ-ਸੰਭਾਲ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇੱਕ ਵਿਸ਼ੇਸ਼ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਜਿਸ ਵਿੱਚ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਵੱਲੋਂ ਵੱਡੀ ਗਿਣਤੀ ‘ਚ ਸ਼ਿਰਕਤ ਕੀਤੀ ਗਈ।
                 ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ ਨੇ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ਵਿਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ।ਉਨ੍ਹਾਂ ਕਿਹਾ ਕਿ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਦੇ ਯੋਗ ਨਿਪਟਾਰੇ ਲਈ ਜ਼ਿਲ੍ਹੇ ਦੇ ਸਮੂਹ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾਣਗੇ।
                ਮੁੱਖ ਖੇਤੀਬਾੜੀ ਅਫ਼ਸਰ ਡਾ. ਰਾਜ ਕੁਮਾਰ ਨੇ ਕਿਹਾ ਕਿ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾ ਕੇ ਇਸ ਨੂੰ ਜ਼ਮੀਨ ਵਿੱਚ ਵਾਹ ਕੇ ਹੀ ਮਿਲਾ ਦੇਣਾ ਚਾਹੀਦਾ ਹੈ।ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤ ਵਿੱਚ ਹੀ ਯੋਗ ਪ੍ਰਬੰਧ ਕਰਨ ਲਈ ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ ਨੂੰ ਮਸ਼ੀਨਰੀ, ਜਿਵੇਂ ਕਿ ਹੈਪੀਸੀਡਰ, ਸੁਪਰਸੀਡਰ, ਐਮ.ਬੀ.ਪਲੋਅ ਆਦਿ ਸਬਸਿਡੀ ’ਤੇ ਮੁਹੱਈਆ ਕਰਵਾਏ ਗਏ ਹਨ।ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵੱਲੋਂ ਪਰਾਲੀ ਨੂੰ ਅੱਗ ਲਗਾਏ ਬਗੈਰ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇਗਾ, ਉਨ੍ਹਾਂ ਪੰਚਾਇਤਾਂ ਨੂੰ 50 ਹਜ਼ਾਰ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।ਜਿਹੜੇ ਫਾਰਮਰ ਗਰੁੱਪ ਅਤੇ ਵਿਅਕਤੀਗਤ ਕਿਸਾਨ ਪਰਾਲੀ ਸਾਂਭਣ ਦਾ ਸਭ ਤੋਂ ਜ਼ਿਆਦਾ ਕੰਮ ਕਰਨਗੇ, ਉਨ੍ਹਾਂ ਨੂੰ ਕ੍ਰਮਵਾਰ 20 ਹਜ਼ਾਰ ਅਤੇ 11 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਆ ਜਾਵੇਗਾ।ਹਾਜ਼ਰ ਦੋਵਾਂ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਸਬੰਧੀ ਪੰਚਾਇਤਾਂ ਵੱਲੋਂ ਮਤੇ ਪਾਸ ਕਰਾਉਣਗੇ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕ ਕਰਨਗੇ।
                 ਇਸ ਮੌਕੇ ਡੀ.ਡੀ.ਪੀ.ਓ ਦਵਿੰਦਰ ਕੁਮਾਰ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …