ਨਵਾਂਸ਼ਹਿਰ, 8 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਸਿਹਤ
ਵਿਭਾਗ ਵਲੋਂ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਵਿੱਚ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ।
ਸਿਵਲ ਸਰਜਨ ਡਾ ਗੁਰਿੰਦਰਬੀਰ ਕੌਰ ਨੇ ਅੱਜ ਲੋਕਾਂ ਨੂੰ ਅੱਖਾਂ ਦੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਸਿਵਲ ਸਰਜਨ ਦਫਤਰ ਵਿਖੇ ਜਾਗਰੂਕਤਾ ਪੋਸਟਰ ਰਿਲੀਜ਼ ਕਰਨ ਉਪਰੰਤ ਦੱਸਿਆ ਕਿ ਅੱਖਾਂ ਕੁਦਰਤ ਦਾ ਅਨਮੋਲ ਤੋਹਫਾ ਹਨ, ਜਿਸ ਦੀ ਸਾਂਭ ਸੰਭਾਲ ਅਤਿ ਜ਼ਰੂਰੀ ਹੈ।ਅੱਜਕਲ ਤਣਾਓ ਭਰਪੂਰ ਸਮਾਂ ਹੈ, ਜਿਸ ਕਰਕੇ ਅੱਖਾਂ ’ਤੇ ਮਾੜਾ ਅਸਰ ਪੈਂਦਾ ਹੈ।ਇਸ ਲਈ ਸਾਨੂੰ ਤਣਾਓ ਨੂੰ ਘੱਟ ਕਰਨਾ ਚਾਹੀਦਾ ਹੈ।ਅੱਖਾਂ ਸਾਡੇ ਸਰੀਰ ਦੇ ਸਭ ਤੋਂ ਅਹਿਮ ਅੰਗਾਂ ਵਿਚ ਸ਼ੁਮਾਰ ਹਨ।ਦੁਨੀਆਂ ਵਿੱਚ ਲਗਭਗ ਤਿੰਨ ਕਰੋੜ 70 ਲੱਖ ਤੋਂ ਵੱਧ ਲੋਕ ਨੇਤਰਹੀਣ ਹਨ, ਜਿਨ੍ਹਾਂ ਵਿਚੋਂ ਡੇਢ ਕਰੋੜ ਤੋਂ ਵੱਧ ਸਿਰਫ਼ ਭਾਰਤ ਵਿਚ ਹਨ।ਜੇ ਅੱਖਾਂ ਦੀ ਸਹੀ ਅਤੇ ਸਮੇਂ ਸਿਰ ਸੰਭਾਲ ਕੀਤੀ ਗਈ ਹੁੰਦੀ ਤਾਂ ਇਨ੍ਹਾਂ ਵਿਚੋਂ 80 ਫ਼ੀਸਦੀ ਨੇਤਰਹੀਣਤਾ ਦੇ ਕੇਸਾਂ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਅੱਖਾਂ ਦੀ ਨਿਰੰਤਰ ਜਾਂਚ-ਪੜਤਾਲ ਬਹੁਤ ਜ਼ਰੂਰੀ ਹੈ।ਸਿਗਰਟਨੋਸ਼ੀ ਅਤੇ ਸ਼ਰਾਬ ਪੀਣ ਤੋਂ ਬਚਿਆ ਜਾਵੇ ਕਿਉਂਕਿ ਇਹ ਆਦਤਾਂ ਮੋਤੀਆਬਿੰਦ ਅਤੇ ਅੱਖਾਂ ਦੀਆਂ ਹੋਰ ਬਿਮਾਰੀਆਂ ਦਾ ਵੱਡਾ ਕਾਰਨ ਹਨ।
ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸੰਬਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ।ਇਸ ਲਈ ਸਮੇਂ ਸਮੇਂ ਉੱਤੇ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤਾਂ ਜੋ ਬਿਮਾਰੀ ਦਾ ਸਮੇਂ ਸਿਰ ਪਤਾ ਲਗਾ ਕੇ ਇਲਾਜ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਸ਼ੂਗਰ ਦਾ ਮਰੀਜ਼ ਹੈ ਤਾਂ ਉਸ ਨੂੰ ਸਮੇਂ ਸਮੇਂ ਸਿਰ ਆਪਣੀਆਂ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ ਤੇ ਸ਼ੂਗਰ ਨੂੰ ਕੰਟਰੋਲ ਵਿਚ ਰੱਖਣ ਲਈ ਲੋੜੀਂਦਾ ਇਲਾਜ਼ ਕਰਵਾਉਣਾ ਚਾਹੀਦਾ ਹੈ।ਜੇਕਰ ਕਿਸੇ ਵੀ ਨੂੰ 40 ਸਾਲ ਦੀ ਉਮਰ ਤੋਂ ਬਾਅਦ ਧੁੰਦਲਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਮੋਤੀਆਬਿੰਦ ਦੀ ਸ਼ਿਕਾਇਤ ਹੋ ਸਕਦੀ ਹੈ।ਇਸ ਲਈ ਇਲਾਜ਼ ਲਈ ਮਾਹਰ ਡਾਕਟਰ ਕੋਲੋਂ ਆਪਰੇਸ਼ਨ ਕਰਵਾਇਆ ਜਾ ਸਕਦਾ ਹੈ ਤਾਂ ਜੋ ਨਿਗ੍ਹਾ ਸਾਰੀ ਉਮਰ ਬਰਕਰਾਰ ਰੱਖੀ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਹਾਇਕ ਸਿਵਲ ਸਰਜਨ ਡਾ. ਜਸਦੇਵ ਸਿੰਘ, ਜ਼ਿਲ੍ਹਾ ਸਿਹਤ ਅਫਸਰ ਕੁਲਦੀਪ ਰਾਏ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਾਕੇਸ਼ ਚੰਦਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media