Saturday, April 11, 2026

ਸ਼ਿਲਾਂਗ ’ਚ ਸਿੱਖਾਂ ਦਾ ਉਜਾੜਾ ਬਰਦਾਸ਼ਤ ਨਹੀਂ -ਬੀਬੀ ਜਗੀਰ ਕੌਰ

ਕਿਹਾ, ਸ਼੍ਰੋਮਣੀ ਕਮੇਟੀ ਸ਼ਿਲਾਂਗ ਦੇ ਸਿੱਖਾਂ ਦੀ ਹਰ ਸੰਭਵ ਮੱਦਦ ਲਈ ਵਚਨਬੱਧ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ।ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਾਲਾਂ ਤੋਂ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਨੂੰ ਉਜਾੜਨਾ ਕਿਸੇ ਤਰ੍ਹਾਂ ਵੀ ਤਰਕਸੰਗਤ ਨਹੀਂ ਹੈ।ਇਸ ਲਈ ਸਰਕਾਰ ਨੂੰ ਹਠਧਰਮੀ ਛੱਡ ਕੇ ਸਿੱਖਾਂ ਨੂੰ ਖੁਸ਼ੀ ਖੁਸ਼ਹਾਲੀ ਆਪਣੇ ਪਿਤਾ ਪੁਰਖੀ ਘਰਾਂ ਵਿਚ ਵੱਸਦੇ ਰਹਿਣ ਦੇਣਾ ਚਾਹੀਦਾ ਹੈ।ਉਨ੍ਹਾਂ ਆਖਿਆ ਕਿ ਪੰਜਾਬੀ ਕਲੋਨੀ ਜਿਸ ਦਾ ਸਰਕਾਰ ਕਬਜ਼ਾ ਹਥਿਆਉਣਾ ਚਾਹੁੰਦੀ ਹੈ, ਇਹ ਸਿੱਖਾਂ ਨੇ ਹੀ ਆਬਾਦ ਕੀਤੀ ਹੈ।ਜੇਕਰ ਅੱਜ ਇਸ ਜ਼ਮੀਨ ਦੀ ਕੀਮਤ ਬਹੁਤ ਜ਼ਿਆਦਾ ਵੱਧ ਗਈ ਹੈ, ਤਾਂ ਇਸ ਦਾ ਇਹ ਮਤਲਬ ਨਹੀਂ ਕਿ ਉਥੋਂ ਸਦੀਆਂ ਤੋਂ ਵੱਸਦੇ ਸਿੱਖਾਂ ਨੂੰ ਉਜਾੜ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਹੈਰਾਨੀਜਨਕ ਗੱਲ ਤਾਂ ਇਹ ਹੈ ਕਿ 200 ਸਾਲ ਦੇ ਲਗਭਗ ਵਸੇਬਾ ਕਰਨ ਮਗਰੋਂ ਵੀ ਸਿੱਖਾਂ ਨੂੰ ਉਸ ਦੇ ਮਾਲਕਾਨਾਂ ਹੱਕ ਨਹੀਂ ਦਿੱਤੇ ਜਾ ਰਹੇ।
                   ਬੀਬੀ ਜਗੀਰ ਕੌਰ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਸਾਲਾਂ ਦੌਰਾਨ ਸ਼ਿਲਾਂਗ ਦੇ ਸਿੱਖਾਂ ਦਾ ਉਜਾੜਾ ਰੋਕਣ ਲਈ ਸੰਜੀਦਾ ਯਤਨ ਕੀਤੇ ਗਏ ਹਨ ਅਤੇ ਇਸ ਨੂੰ ਲੈ ਕੇ ਸਿੱਖ ਸੰਸਥਾ ਅੱਜ ਵੀ ਸਿੱਖਾਂ ਦੇ ਨਾਲ ਖੜ੍ਹੀ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਸਥਾਨਕ ਸਿੱਖਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭੂ-ਮਾਫ਼ੀਆ ਦੇ ਦਬਾਅ ਵਿਚ ਸ਼ਿਲਾਂਗ ’ਚ ਰਹਿੰਦੇ ਸਿੱਖਾਂ ਦਾ ਉਜਾੜਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਬੇਇਨਸਾਫ਼ੀ ਵਿਰੁੱਧ ਹਰ ਪੱਧਰ ’ਤੇ ਅਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰੀਬ ਤਿੰਨ ਸਾਲ ਪਹਿਲਾਂ ਜਦੋਂ ਇਹ ਮਾਮਲਾ ਸਾਹਮਣੇ ਆਇਆ ਸੀ ਤਾਂ ਉਸ ਸਮੇਂ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਮੇਘਾਲਿਆ ਜਾ ਕੇ ਸਿੱਖਾਂ ਦੀ ਮੱਦਦ ਕੀਤੀ ਸੀ।ਇਸ ਦੌਰਾਨ ਪੀੜਤ ਸਿੱਖਾਂ ਨੂੰ ਸਹਾਇਤਾ ਵੀ ਦਿੱਤੀ ਗਈ ਸੀ।ਇਸ ਤੋਂ ਇਲਾਵਾ ਸਥਾਨਕ ਗੁਰਦੁਆਰਾ ਸਾਹਿਬ ਦੀ ਉਸਾਰੀ ਮੁਕੰਮਲ ਕਰਵਾਉਣ ਲਈ ਵੀ ਕਈ ਵਾਰ ਮਾਇਕ ਸਹਾਇਤਾ ਭੇਜੀ ਗਈ।ਉਨ੍ਹਾਂ ਕਿਹਾ ਕਿ ਅੱਜ ਵੀ ਸ਼੍ਰੋਮਣੀ ਕਮੇਟੀ ਮੇਘਾਲਿਆ ਦੇ ਸਿੱਖਾਂ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਉਜਾੜਨ ਦੀਆਂ ਜੋ ਖ਼ਬਰਾਂ ਮਿਲ ਰਹੀਆਂ ਹਨ, ਉਸ ਬਾਰੇ ਜਾਣਕਾਰੀ ਹਾਸਲ ਕਰਕੇ ਲੋੜ ਅਨੁਸਾਰ ਮੱਦਦ ਕਰੇਗੀ।ਜੇਕਰ ਲੋੜ ਪਈ ਤਾਂ ਸ਼੍ਰੋਮਣੀ ਕਮੇਟੀ ਦਾ ਵਫ਼ਦ ਵੀ ਮੇਘਾਲਿਆ ਭੇਜਿਆ ਜਾਵੇਗਾ, ਜੋ ਉਥੇ ਦੀ ਸਰਕਾਰ ਅਤੇ ਪ੍ਰਸ਼ਾਸਨ ਨਾਲ ਰਾਬਤਾ ਬਣਾ ਕੇ ਸਿੱਖਾਂ ਦੇ ਹੱਕਾਂ ਦੀ ਸੁਰੱਖਿਆ ਲਈ ਪੈਰਵਾਈ ਕਰੇਗਾ।ਬੀਬੀ ਜਗੀਰ ਕੌਰ ਨੇ ਮੇਘਾਲਿਆ ਸਰਕਾਰ ਦੇ ਨਾਲ-ਨਾਲ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਵੀ ਅਪੀਲ ਕੀਤੀ ਕਿ ਇਸ ਸਬੰਧ ਵਿਚ ਸਿੱਖਾਂ ਨਾਲ ਧੱਕਾ ਨਾ ਹੋਣ ਦਿੱਤਾ ਜਾਵੇ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …