ਅੰਮ੍ਰਿਤਸਰ, 11 ਅਕਤੂਬਰ (ਪੰਜਾਬ ਪੋਸਟ ਬਿਊਰੋ) – ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੋਟਾਲਾ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ
ਮੱਥਾ ਟੇਕ ਕੇ ਆਪਣੀ ਸ਼ਰਧਾ ਪ੍ਰਗਟਾਈ।ਸੂਚਨਾ ਕੇਂਦਰ ਵਿਖੇ ਚੋਟਾਲਾ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਸਾਂਝੇ ਤੌਰ ’ਤੇ ਸਨਮਾਨਿਤ ਕੀਤਾ।ਓਮ ਪ੍ਰਕਾਸ਼ ਚੋਟਾਲਾ ਨੇ ਆਖਿਆ ਕਿ ਇਸ ਪਾਵਨ ਅਸਥਾਨ ਪ੍ਰਤੀ ਉਨ੍ਹਾਂ ਦੀ ਗਹਿਰੀ ਸ਼ਰਧਾ ਹੈ ਅਤੇ ਉਹ ਆਪਣੀ ਲੰਮੀ ਉਮਰ ਦੌਰਾਨ ਇਥੇ ਸੀਸ ਨਿਵਾਉਂਦੇ ਆ ਰਹੇ ਹਨ।ਉਨ੍ਹਾਂ ਨੇ ਇਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਕਿਸਾਨੀ ਸੰਘਰਸ਼ ਪੂਰੇ ਦੇਸ਼ ਦਾ ਸੰਘਰਸ਼ ਹੈ ਅਤੇ ਭਾਰਤ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਜ਼ੇਲ੍ਹ ਵਿੱਚੋਂ ਬਾਹਰ ਆਉਣ ਮੌਕੇ ਉਹ ਕਿਸਾਨਾਂ ਕੋਲ ਗਏ ਹਨ ਅਤੇ ਅੱਜ ਵੀ ਉਨ੍ਹਾਂ ਦੀ ਹਮਾਇਤ ਕਰਦੇ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਓਮ ਪ੍ਰਕਾਸ਼ ਚੋਟਾਲਾ ਦੇਸ਼ ਦੀ ਸਿਆਸਤ ਵਿਚ ਲੰਮੇ ਸਮੇਂ ਤੋਂ ਸਰਗਰਮ ਰਹੇ ਹਨ ਅਤੇ ਇਨ੍ਹਾਂ ਦੀ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਥਾਹ ਸ਼ਰਧਾ ਹੈ।ਸ਼੍ਰੋਮਣੀ ਕਮੇਟੀ ਵੱਲੋਂ ਓਮ ਪ੍ਰਕਾਸ਼ ਚੋਟਾਲਾ ਨੂੰ ਸਿਰੋਪਾਓ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਸਿੱਖ ਸਾਹਿਤ ਭੇਟ ਕੀਤਾ ਗਿਆ।ਚੋਟਾਲਾ ਨਾਲ ਆਏ ਮਨੋਜ ਸਿੰਗਲ, ਨਛੱਤਰ ਸਿੰਘ ਮਲਿਹਾਨ ਅਤੇ ਹੋਰਾਂ ਨੂੰ ਵੀ ਸਿਰੋਪਾਓ ਦਿੱਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਮੈਂਬਰ ਮਲਕੀਤ ਸਿੰਘ ਚੰਗਾਲ, ਇੰਦਰਪਾਲ ਸਿੰਘ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media