ਨਵਾਂਸ਼ਹਿਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ
ਹਸਪਤਾਲ ਨਵਾਂਸ਼ਹਿਰ ਵਿਖੇ ਅੱਜ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ।ਜਿਸ ਦਾ ਮੁੱਖ ਮੰਤਵ ਲੋਕਾਂ ਨੂੰ ਅੱਖਾਂ ਦੀ ਸਾਂਭ ਸੰਭਾਲ ਅਤੇ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਾ ਅਤੇ ਅੱਖਾਂ ਦੀ ਰੌਸ਼ਨੀ ਨੂੰ ਦਰੁੱਸਤ ਰੱਖਣ ਲਈ ਸਾਵਧਾਨੀਆਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।ਇਸ ਸਾਲ ਵਿਸ਼ਵ ਦ੍ਰਿਸ਼ਟੀ ਦਿਵਸ ਦਾ ਥੀਮ ‘ਆਪਣੀਆਂ ਅੱਖਾਂ ਨਾਲ ਪਿਆਰ ਕਰੋ’ ਹੈ।ਅੱਖਾਂ ਦੇ ਮਾਹਿਰ ਡਾ. ਨਵਰੀਤ ਕੌਰ ਨੇ ਲੋਕਾਂ ਦੀਆਂ ਅੱਖਾਂ ਦੀ ਜਾਂਚ ਵੀ ਕੀਤੀ।
ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਅਜਕਲ ਤਣਾਓ ਭਰਪੂਰ ਸਮਾਂ ਹੈ, ਜਿਸ ਕਰਕੇ ਅੱਖਾਂ ’ਤੇ ਮਾੜਾ ਅਸਰ ਪੈਂਦਾ ਹੈ। ਅੱਖਾਂ ਸਾਡੇ ਸਰੀਰ ਦੇ ਸਭ ਤੋਂ ਅਹਿਮ ਅੰਗਾਂ ਵਿੱਚ ਸ਼ੁਮਾਰ ਹਨ।ਦੁਨੀਆਂ ਵਿੱਚ ਲਗਭਗ ਤਿੰਨ ਕਰੋੜ 70 ਲੱਖ ਤੋਂ ਵੱਧ ਲੋਕ ਨੇਤਰਹੀਣ ਹਨ, ਜਿਨ੍ਹਾਂ ਵਿਚੋਂ ਡੇਢ ਕਰੋੜ ਤੋਂ ਵੱਧ ਸਿਰਫ਼ ਭਾਰਤ ਵਿਚ ਹਨ।ਲੋਕਾਂ ਵਿੱਚ ਅਨ੍ਹੇਪਨ ਦਾ ਕਾਰਨ ਜਾਗਰੂਕਤਾ ਦੀ ਕਮੀ ਵੀ ਹੈ। ਜੇ ਅੱਖਾਂ ਦਾ ਸਮੇਂ ਸਿਰ ਇਲਾਜ ਕੀਤਾ ਜਾਵੇ ਤਾਂ 80 ਫ਼ੀਸਦੀ ਅੰਨੇਪਣ ਤੇ ਨਜ਼ਰ ਸਬੰਧੀ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ।ਅਜਿਹਾ ਇਸ ਲਈ ਕਿਉਂਕਿ 20 ਫੀਸਦੀ ਸਮੱਸਿਆਵਾਂ ਨੂੰ ਰੋਕਿਆ ਜਾ ਸਕਦਾ ਅਤੇ 60 ਫੀਸਦੀ ਸਮੱਸਿਆਵਾਂ ਦਾ ਇਲਾਜ ਵੀ ਕੀਤਾ ਜਾ ਸਕਦਾ ਹੈ।
ਡਾ. ਗੁਰਿੰਦਰਬੀਰ ਕੌਰ ਨੇ ਕਿਹਾ ਕਿ ਅੱਖਾਂ ਦੀ ਨਿਰੰਤਰ ਜਾਂਚ-ਪੜਤਾਲ ਬਹੁਤ ਜ਼ਰੂਰੀ ਹੈ।ਸਿਗਰਟਨੋਸ਼ੀ ਅਤੇ ਸ਼ਰਾਬ ਪੀਣ ਤੋਂ ਬਚਿਆ ਜਾਵੇ ਕਿਉਂਕਿ ਇਹ ਆਦਤਾਂ ਮੋਤੀਆਬਿੰਦ ਅਤੇ ਅੱਖਾਂ ਦੀਆਂ ਹੋਰ ਬਿਮਾਰੀਆਂ ਦਾ ਵੱਡਾ ਕਾਰਨ ਹਨ। ਤੰਬਾਕੂਨੋਸ਼ੀ ਅੱਖਾਂ ਤੇ ਸਰੀਰ ਦੇ ਵੱਖ-ਵੱਖ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ।ਘੱਟ ਰੌਸ਼ਨੀ ਵਿੱਚ ਨਹੀਂ ਪੜ੍ਹਨਾ ਚਾਹੀਦਾ ਅਤੇ ਮੋਬਾਈਲ ਦੀ ਵਰਤੋਂ ਘੱਟ ਕਰਨੀ ਚਾਹੀਦੀ ਹੈ।ਟੇਲੀਵਿਜਨ ਵੇਖਣ ਸਮੇਂ ਅਤੇ ਕੰਪਿਊਟਰ ਦੀ ਵਰਤੋਂ ਕਰਨ ਵੇਲੇ ਉਚਿਤ ਦੂਰੀ ਤੇ ਰੌਸ਼ਨੀ ਦਾ ਧਿਆਨ ਰੱਖਿਆ ਜਾਵੇ।
ਸੀਨੀਅਰ ਮੈਡੀਕਲ ਅਫਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੌਰਨੀਆ ਸੰਬਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨ੍ਹੇਪਣ ਦੇ ਮੁੱਖ ਕਾਰਨ ਹਨ।ਸ਼ੂਗਰ ਨੂੰ ਕੰਟਰੋਲ ਵਿਚ ਰੱਖਣ ਲਈ ਲੋੜੀਂਦਾ ਇਲਾਜ਼ ਕਰਵਾਉਣਾ ਚਾਹੀਦਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਬਿਮਾਰੀਆਂ ਦਾ ਅੱਖਾਂ ਦੇ ਪਰਦੇ ’ਤੇ ਮਾੜਾ ਪ੍ਰਭਾਵ ਪੈਂਦਾ ਹੈ।ਜੇਕਰ ਕਿਸੇ ਨੂੰ 40 ਸਾਲ ਦੀ ਉਮਰ ਤੋਂ ਬਾਅਦ ਧੁੰਦਲਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਮੋਤੀਆਬਿੰਦ ਦੀ ਸ਼ਿਕਾਇਤ ਹੋ ਸਕਦੀ ਹੈ।ਕਾਲਾ ਮੋਤੀਆ ਜਾਂ ਮੋਤੀਆਬਿੰਦ ਅੱਖਾਂ ਦੀ ਰੌਸ਼ਨੀ ਖਤਮ ਕਰ ਦਿੰਦਾ ਹੈ।
ਅੱਖਾਂ ਦੇ ਮਾਹਰ ਡਾ. ਨਵਰੀਤ ਕੌਰ ਨੇ ਅੱਖਾਂ ਦੀ ਕਸਰਤ ਕਰਨ ਦੀ ਮਹੱਤਤਾ ਦੇ ਨਾਲ-ਨਾਲ ਤਿਓਹਾਰਾਂ ਦੇ ਸੀਜ਼ਨ ਵਿਚ ਪਟਾਕਿਆਂ ਨਾਲ ਹੋਣ ਵਾਲੇ ਪ੍ਰਦੂਸ਼ਣ ਤੋਂ ਆਪਣੀਆਂ ਅੱਖਾਂ ਨੂੰ ਬਚਾਉਣ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਅੱਖਾਂ ਦੀ ਰੌਸ਼ਨੀ ਲਈ ਹਰੀਆਂ ਪੱਤੇਦਾਰ ਵਿਟਾਮਿਨ-ਏ ਤੇ ਭਰਪੂਰ ਸਬਜ਼ੀਆਂ ਦੀ ਵਰਤੋਂ ਕੀਤੀ ਜਾਵੇ।ਉਨ੍ਹਾਂ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਵੱਲੋਂ ਸਿਹਤ ਸੰਬੰਧੀ ਜਾਣਕਾਰੀ ਲੈਣ ਟੋਲ-ਫ੍ਰੀ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਬਲਵਿੰਦਰ ਕੁਮਾਰ ਅਤੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਜਗਤ ਰਾਮ, ਡਿਪਟੀ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਤਰਸੇਮ ਲਾਲ, ਬਲਾਕ ਐਜੂਕੇਟਰ ਵਿਕਾਸ ਵਿਰਦੀ, ਫਾਰਮੇਸੀ ਅਫਸਰ ਪ੍ਰਿੰਸ, ਐਲ.ਐਚ.ਵੀ ਬਲਵਿੰਦਰ ਕੌਰ, ਨਰਸਿੰਗ ਸਿਸਟਰ ਰਾਜ ਰਾਣੀ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।
Check Also
ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ
ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …
Punjab Post Daily Online Newspaper & Print Media