ਕੈਨੇਡਾ ਪੁੱਜੇ ਉੱਚ ਪੱਧਰੀ ਵਫ਼ਦ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਨਾਲ ਮੀਟਿੰਗਾਂ
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਗਏ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ।ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ ਪਹੁੰਚ ਚੁੱਕਾ ਹੈ, ਜਿਸ ਵੱਲੋਂ ਵੱਖ-ਵੱਖ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਕੈਨੇਡਾ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅੰਤ੍ਰਿੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਅੰਤ੍ਰਿੰਗ ਕਮੇਟੀ ਵੱਲੋਂ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਆਦਿ ਥਾਵਾਂ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਆਪ ਕਰਨ ਲਈ ਫੈਸਲਾ ਕੀਤਾ ਗਿਆ ਸੀ।ਇਹ ਫੈਸਲਾ ਵਿਦੇਸ਼ਾਂ ਤੋਂ ਸੰਗਤਾਂ ਵੱਲੋਂ ਪੁੱਜਦੀ ਵੱਡੀ ਮੰਗ ਦੇ ਮੱਦੇਨਜ਼ਰ ਲਿਆ ਗਿਆ ਸੀ।ਬੀਬੀ ਜਗੀਰ ਕੌਰ ਨੇ ਐਲਾਨ ਕੀਤਾ ਸੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਵਿਚ ਪ੍ਰਿੰਟਿੰਗ ਪ੍ਰੈੱਸਾਂ ਸਥਾਪਿਤ ਕਰਕੇ ਮਰਯਾਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਕੀਤੀ ਜਾਵੇਗੀ ਅਤੇ ਉਥੋਂ ਨਾਲ ਲਗਦੇ ਦੇਸ਼ਾਂ ਵਿਚ ਸੜਕੀ ਮਾਰਗ ਰਾਹੀਂ ਪਾਵਨ ਸਰੂਪ ਪਹੁੰਚਾਏ ਜਾਣਗੇ। ਕੈਨੇਡਾ ਗਏ ਵਫ਼ਦ ਦੇ ਆਗੂ ਸੁਰਜੀਤ ਸਿੰਘ ਭਿੱਟੇਵੱਡ ਨੇ ਫੋਨ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਕੈਨੇਡਾ ਦੇ ਬੀ.ਸੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੋਂ ਇਲਾਵਾ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਵਿਖੇ ਇਸ ਸਬੰਧ ਵਿਚ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ।ਭਿੱਟੇਵੱਡ ਅਨੁਸਾਰ ਵਫ਼ਦ ਨੇ ਹੁਣ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ, ਗੁਰਦੁਆਰਾ ਕਲਗੀਧਰ ਸਾਹਿਬ ਐਬਸਫੋਰਟ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਟ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਹੋਇਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।ਉਨ੍ਹਾਂ ਦੱਸਿਆ ਕਿ ਹਰ ਥਾਂ ਤੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ।ਮਰਯਾਦਾ ਅਨੁਸਾਰ ਪਾਵਨ ਸਰੂਪਾਂ ਦੀ ਛਪਾਈ ਲਈ ਲੋੜੀਂਦੀਆਂ ਸਹੂਲਤਾਂ ਅਤੇ ਮਾਹੌਲ ਲਾਜ਼ਮੀ ਹੈ ਅਤੇ ਇਸ ਨੂੰ ਹਰ ਪੱਖ ਤੋਂ ਵਿਚਾਰਿਆ ਜਾ ਰਿਹਾ ਹੈ।ਉਨ੍ਹਾਂ ਨੇ ਜਾਣਕਾਰੀ ਦਿੱਤੀ ਕਿ ਕੈਨੇਡਾ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤਾਂ ਦੀ ਰਾਇ ਨੂੰ ਖ਼ਾਸ ਮਹੱਤਵ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਜਾਵੇਗੀ।