ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਤਿੰਨ ਯਾਦਗਾਰੀ ਗੇਟਾਂ ਦਾ ਉਦਘਾਟਨ
ਪਟਿਆਲਾ, 28 ਅਕਤੂਬਰ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਦਾ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 400 ਸਾਲਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਸ਼ਹੀਦ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ’ਚ ਮਨਾਏ ਗਏ ਇਤਿਹਾਸਕ ਯਾਦਗਾਰੀ ਗੇਟਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸਰਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ।ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਗੌਰ ਨੇ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਸੀ ਕਿ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸੰਗਤਾਂ ਦੇ ਠਹਿਰਣ ਲਈ ਸਰਾਂ ਤਿਆਰ ਕਰਵਾਈ ਜਾਵੇ, ਜਿਸ ਤਹਿਤ ਸ਼ੋ੍ਰਮਣੀ ਕਮੇਟੀ ਵੱਲੋਂ 2.5 ਕਰੋੜ ਰੁਪਏ ਦੀ ਲਾਗਤ ਨਾਲ 20 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਰਵਾਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਸਰਾਂ ਦੇ ਨਿਰਮਾਣ ਕਰਵਾਏ ਜਾਣ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ।ਹੈਡ ਗ੍ਰੰਥੀ ਭਾਈ ਪ੍ਰਿਤਪਾਲ ਸਿੰਘ ਵੱਲੋਂ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਸਮੇਲ ਸਿੰਘ ਲਾਛੜੂ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਬੀਬੀ ਕੁਲਦੀਪ ਕੌਰ ਟੌਹੜਾ ਤੋਂ ਇਲਾਵਾ ਬਾਬਾ ਅਮਰੀਕ ਸਿੰਘ ਕਾਰ ਅਤੇ ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲਿਆਂ ਵਲੋਂ ਯਾਦਗਾਰੀ ਗੇਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।
ਯਾਦਗਾਰੀ ਗੇਟਾਂ ਦਾ ਦੇ ਉਦਘਾਟਨ ਮੌਕੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼ੋ੍ਰਮਣੀ ਕਮੇਟੀ ਵਲੋਂ ਧਰਮ ਪ੍ਰਚਾਰ-ਪਸਾਰ ਮੁਹਿੰਮ ਨੂੰ ਪ੍ਰਚੰਡ ਰੂਪ ਵਿਚ ਚਲਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਘਰ-ਘਰ ਅਤੇ ਪਿੰਡ ਪੱਧਰ ਤੱਕ ਚਲਾਇਆ ਜਾ ਰਿਹਾ ਹੈ ਅਤੇ ਇਸ ਮੁਹਿੰਮ ਨਾਲ ਜੁੜਦਿਆਂ 50 ਹਜ਼ਾਰ 343 ਵਿਅਕਤੀਆਂ ਨੂੰ ਸੰਸਥਾ ਵੱਲੋਂ ਅੰਮ੍ਰਿਤ ਸੰਚਾਰ ਕਰਵਾਇਆ ਜਾ ਚੁੱਕਿਆ।ਬੀਬੀ ਜਗੀਰ ਕੌਰ ਨੇ ਕਿਹਾ ਕਿ ਧਰਮ ਪ੍ਰਚਾਰ ਪਸਾਰ ਮੁਹਿੰਮ ਵਿਚ ਢਾਈ ਹਜ਼ਾਰ ਦੇ ਕਰੀਬ ਸਿੱਖ ਮਿਸ਼ਨਰੀ ਪ੍ਰਚਾਰਕਾਂ ਵਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਅਤੇ ਮਹਾਨ ਵਿਰਾਸਤ ਨਾਲ ਜੋੜਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਸਿੱਖ ਇਤਿਹਾਸ ਦੇ ਮਹਾਨ ਜਰਨੈਲ ਸਿੰਘ ਬਾਬਾ ਬੰਦਾ ਸਿੰਘ ਬਹਾਦਰ ਨੂੰ ਸਮਰਪਿਤ ਸਮਾਣਾ ਫਤਹਿ ਦਿਵਸ ਦੇ ਰੂਪ ਵਿਚ ਪੰਜਾਬ ਪੱਧਰੀ ਸਮਾਗਮ 11 ਨਵੰਬਰ ਪਾਤਸ਼ਾਹੀ ਨੌਵੀਂ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ।ਬੀਬੀ ਜਗੀਰ ਕੌਰ ਨੇ ਕਿਹਾ ਕਿ 3 ਨਵੰਬਰ ਨੂੰ ਮਾਤਾ ਸਾਹਿਬ ਕੌਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ 2 ਹਜ਼ਾਰ ਤੋਂ ਵੱਧ ਦੇ ਕਰੀਬ ਪ੍ਰਾਣੀਆਂ ਨੂੰ ਅੰਮ੍ਰਿਤ ਸੰਚਾਰ ਕਰਵਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤ ਸੰਚਾਰ ਦੌਰਾਨ ਪੰਜ ਤਖਤ ਸਾਹਿਬਾਨ ਦੇ ਸਿੰਘ ਸਾਹਿਬਾਨ ਵਿਸ਼ੇਸ਼ ਤੌਰ ’ਤੇ ਧਾਰਮਕ ਸਮਾਗਮਾਂ ਵਿਚ ਸ਼ਿਰਕਤ ਕਰਨਗੇ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਬਾਦਸਤੂਰ ਇਹ ਸੇਵਾਵਾਂ ਜਾਰੀ ਰਹਿਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਫੂਲਾ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਐਡੀਸ਼ਨਲ ਮੈਨੇਜਰ ਕਰਨੈਲ ਸਿੰਘ, ਮੀਤ ਮੈਨੇਜਰ ਇੰਦਰਜੀਤ ਸਿੰਘ, ਹੈਡ ਗ੍ਰੰਥੀ ਹਰਵਿੰਦਰ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪਾਲ ਜੁਨੇਜਾ, ਨਿੱਜੀ ਸਹਾਇਕ ਡਾ. ਸੁਖਬੀਰ ਸਿੰਘ, ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਸ਼ੇਖੂਪੁਰਾ, ਮਨਜਿੰਦਰ ਸਿੰਘ ਰਾਣਾ ਸੇਖੋਂ, ਗੁਰਦਿਆਲ ਸਿੰਘ ਰੰਧਾਵਾ, ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ, ਭਗਵੰਤ ਸਿੰਘ, ਪ੍ਰੇਮ ਸਿੰਘ, ਤਰਲੋਕ ਸਿੰਘ ਤੋਰਾ, ਮਨਪ੍ਰੀਤ ਸਿੰਘ ਚੱਢਾ, ਪ੍ਰਿੰਸ ਲਾਂਬਾ, ਬੀਬੀ ਬਲਵਿੰਦਰ ਕੌਰ, ਬੀਬੀ ਗੁਰਸ਼ਰਨ ਸਿੰਘ ਕੌਰ, ਬੀਬੀ ਹਰਭਜਨ ਕੌਰ, ਬੀਬੀ ਸਵਰਨ ਲਤਾ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਅਤੇ ਸ੍ਰਮੁੱਚਾ ਪ੍ਰਬੰਧਕੀ ਸਟਾਫ ਆਦਿ ਹਾਜ਼ਰ ਸਨ।