ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਬਾਰੇ ਲਗਾਏ ਗਏ 20 ਸਟਾਲ
ਨਵਾਂਸ਼ਹਿਰ, 9 ਨਵੰਬਰ (ਪੰਜਾਬ ਪੋਸਟ ਬਿਊਰੋ) – ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ
ਐਸ.ਏ.ਐਸ ਨਗਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਕੰਵਲਜੀਤ ਸਿੰਘ ਬਾਜਵਾ ਦੀਆਂ ਹਦਾਇਤਾਂ ’ਤੇ ਕਾਨੂੰਨੀ ਸੇਵਾਵਾਂ ਦਿਵਸ ਮੌਕੇ ਪੈਨ ਇੰਡੀਆ ਜਾਗਰੂਕਤਾ ਮੁਹਿੰਮ ਤਹਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਇਕ ਵਿਸ਼ਾਲ ਜ਼ਿਲ੍ਹਾ ਪੱਧਰੀ ਕਾਨੂੰਨੀ ਸੇਵਾਵਾਂ ਕੈਂਪ ਲਗਾਇਆ ਗਿਆ। ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਲਗਾਏ ਗਏ ਇਸ ਜ਼ਿਲ੍ਹਾ ਪੱਧਰੀ ਕੈਂਪ ਦਾ ਵੱਡੀ ਗਿਣਤੀ ਵਿਚ ਜ਼ਿਲ੍ਹਾ ਵਾਸੀਆਂ ਵੱਲੋਂ ਲਾਹਾ ਲਿਆ ਗਿਆ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਲਾਈ ਸਕੀਮਾਂ ਦੇ ਵੱਖ-ਵੱਖ 20 ਸਟਾਲ ਲਗਾਏ ਗਏ, ਜਿਸ ਦੌਰਾਨ ਮੌਕੇ ’ਤੇ ਹੀ ਲੋਕਾਂ ਨੂੰ ਭਲਾਈ ਸਕੀਮਾਂ ਦੇ ਲਾਭ ਮੁਹੱਈਆ ਕਰਵਾਏ ਗਏ।ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਇੱਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਗਿਆ।ਜਿਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਕੰਵਲਜੀਤ ਸਿੰਘ ਬਾਜਵਾ ਵੱਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੀ ਜ਼ਰੂਰਤ ਹੋਵੇ ਤਾਂ ਉਹ ਟੋਲ ਫਰੀ ਨੰਬਰ 1968 ‘ਤੇ ਸੰਪਰਕ ਕਰ ਸਕਦਾ ਹੈ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫ਼ਤਰ ਵਿਖੇ ਆ ਕੇ ਮੁਫ਼ਤ ਸੇਵਾਵਾਂ ਦਾ ਲਾਭ ਲੈ ਸਕਦਾ ਹੈ।ਲੋਕ ਅਦਾਲਤਾਂ ਦੇ ਮਹੱਤਵ ਅਤੇ ਉਨ੍ਹਾਂ ਦੇ ਫਾਇਦਿਆਂ ਤੋਂ ਵੀ ਜਾਣੂ ਕਰਵਾਇਆ ਗਿਆ।
ਇਸ ਮੌਕੇ ਡੀ.ਐਸ.ਪੀ ਬੰਗਾ ਗੁਰਦੀਪ ਸਿੰਘ ਤੋਂ ਇਲਾਵਾ ਜੁਡੀਸ਼ੀਅਲ ਅਧਿਕਾਰੀ, ਪੈਰਾ ਲੀਗਲ ਵਲੰਟੀਅਰ, ਕਾਲਜ਼ ਸਟਾਫ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media