ਸੇਵਾ ਕੇਂਦਰਾਂ ਵਿੱਚ ਕੇਵਲ 0.04 ਫੀਸਦੀ ਅਰਜ਼ੀਆਂ ਹੀ ਨਿਪਟਾਰੇ ਲਈ ਬਕਾਇਆ
ਨਵਾਂਸ਼ਹਿਰ, 11 ਨਵੰਬਰ (ਪੰਜਾਬ ਪੋਸਟ ਬਿਊਰੋ) – ਨਾਗਰਿਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਸੁਵਿਧਾਜਨਕ ਢੰਗ ਨਾਲ ਨਾਗਰਿਕ
ਸੇਵਾਵਾਂ ਮੁਹੱਈਆ ਕਰਵਾਉਣ ਲਈ ਆਪਣੀ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਕੇਵਲ 0.04 ਫੀਸਦੀ ਪੈਂਡੈਂਸੀ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਸੂਬੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਵਿਸ਼ਸ਼ ਸਾਰੰਗਲ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਨਾਗਰਿਕਾਂ ਦੁਆਰਾ ਸੇਵਾ ਕੇਂਦਰਾ ਵਿਖੇ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਦੇ ਸਮੇਂ ਸਿਰ ਨਿਪਟਾਰੇ ਨੂੰ ਯਕੀਨੀ ਬਣਾਉਂਦਿਆਂ ਇਹ ਟੀਚਾ ਹਾਸਲ ਕੀਤਾ ਗਿਆ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 11 ਨਵੰਬਰ 2020 ਤੋਂ 10 ਨਵੰਬਰ 2021 ਤੱਕ ਇਕ ਸਾਲ ਦੇ ਅਰਸੇ ਦੌਰਾਨ ਪ੍ਰਸ਼ਾਸਨ ਨੂੰ ਸਮੁੱਚੇ 17 ਸੇਵਾ ਕੇਂਦਰਾਂ ਵਿਖੇ ਵੱਖ-ਵੱਖ ਸੇਵਾਵਾਂ ਲਈ ਕੁੱਲ 136274 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾ ਦਾ ਅਧਿਕਾਰੀਆਂ ਵੱਲੋਂ ਸਮੇਂ ਸਿਰ ਨਿਪਟਾਰਾ ਕੀਤਾ ਗਿਆ।ਇਨ੍ਹਾਂ ਅਰਜ਼ੀਆਂ ਵਿਚੋਂ ਮੌਜ਼ੂਦਾ ਸਮੇਂ ਵਿਚ ਕੇਵਲ 0.04 ਫੀਸਦੀ ਭਾਵ 61 ਹੀ ਨਿਪਟਾਰੇ ਲਈ ਬਕਾਇਆ ਹਨ।
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਪੈਂਡੈਂਸੀ ਦੀ ਨਿਯਮਤ ਨਿਗਰਾਨੀ ਰਾਹੀਂ ਜ਼ੀਰੋ ਪੈਂਡੈਂਸੀ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਪ੍ਰਸ਼ਾਸਨ ਵੱਲੋਂ ਇਕ ਵਿਹਾਰਕ ਪ੍ਰਣਾਲੀ ਵਿਕਸਿਤ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਖ਼ੁੱਦ ਪੈਂਡੇਸੀ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਂਦੀ ਹੈ ਅਤੇ ਬਕਾਇਆ ਅਰਜ਼ੀਆਂ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਇਨ੍ਹਾਂ ਦਾ ਸਮਾਂਬੱਧ ਨਿਪਟਾਰਾ ਯਕੀਨੀ ਬਣਵਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵੱਲੋਂ ਆਪਣੀ ਇਸ ਬਿਹਤਰੀਨ ਕਾਰਗੁਜ਼ਾਰੀ ਨੂੰ ਭਵਿੱਖ ਵਿਚ ਵੀ ਬਰਕਰਾਰ ਰੱਖਿਆ ਜਾਵੇਗਾ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਸੇਵਾ ਕੇਂਦਰਾਂ ਵੱਲੋਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਨਾਗਰਿਕਾਂ ਨੂੰ ਬਿਹਤਰ ਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ ਹਨ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ ਵੇਲੇ 17 ਸੇਵਾ ਕੇਂਦਰਾਂ ਵੱਲੋਂ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿਚ ਇਕ ਟਾਈਪ-1, ਚਾਰ ਟਾਈਪ-2 ਅਤੇ 12 ਟਾਈਪ-3 ਸੇਵਾ ਕੇਂਦਰ ਸ਼ਾਮਲ ਹਨ।
Punjab Post Daily Online Newspaper & Print Media