ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਨੇ ਭਲਾਈ ਸਕੀਮਾਂ ਅਤੇ ਵਿਕਾਸ ਕਾਰਜ਼ਾਂ ਦਾ ਲਿਆ ਜਾਇਜ਼ਾ
ਨਵਾਂਸ਼ਹਿਰ, 14 ਨਵੰਬਰ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵੱਲੋਂ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵੱਖ-
ਵੱਖ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ ਅਤੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਮੌਜ਼ੂਦਗੀ ‘ਚ ਵੱਖ-ਵੱਖ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਪ੍ਰਮੁੱਖ ਸਕੱਤਰ ਹੁਸਨ ਲਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕ ਹਿੱਤ ਦੇ ਕੰਮਾਂ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਤੇਜ਼ੀ ਨਾਲ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਚੱਲ ਰਿਹਾ ਕੋਈ ਵੀ ਵਿਕਾਸ ਕਾਰਜ਼ ਰੁਕਣਾ ਨਹੀਂ ਚਾਹੀਦਾ ਅਤੇ ਜੇਕਰ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਆਉਂਦੀ ਹੈ, ਤਾਂ ਫੌਰਨ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ।ਉਨ੍ਹਾਂ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਅਤੇ ਫਲੈਗਸ਼ਿਪ ਪ੍ਰੋਗਰਾਮਾਂ ਦਾ ਕੋਈ ਵੀ ਯੋਗ ਲਾਭਪਾਤਰੀ ਲਾਭ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।ਇਸ ਦੌਰਾਨ ਉਨ੍ਹਾਂ ਹਲਕਾ ਵਾਰ ਭਲਾਈ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਵਿਧਾਇਕ ਅੰਗਦ ਸਿੰਘ ਅਤੇ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਆਪਣੇ ਹਲਕਿਆਂ ਵਿਚ ਵਿਕਾਸ ਕਾਰਜਾਂ ਸਬੰਧੀ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ, ਜਿਸ ’ਤੇ ਪ੍ਰਮੁੱਖ ਸਕੱਤਰ ਵਲੋਂ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸਮੱਸਿਆਵਾਂ ਦੇ ਫੌਰਨ ਨਿਪਟਾਰੇ ਦੀ ਹਦਾਇਤ ਕੀਤੀ ਗਈ।
ਇਸ ਦੌਰਾਨ ਉਨ੍ਹਾਂ ਝੋਨੇ ਦੀ ਖ਼ਰੀਦ, 5-5 ਮਰਲੇ ਦੇ ਪਲਾਟ, 2 ਕਿਲੋਵਾਟ ਤੱਕ ਦੇ ਬਿਜ਼ਲੀ ਬਕਾਇਆਂ ਦੀ ਮੁਆਫ਼ੀ, ਸਮਾਰਟ ਵਿਲੇਜ਼ ਮੁਹਿੰਮ, ਸ਼ਹਿਰੀ ਵਿਕਾਸ, ਪੰਜਾਬ ਨਿਰਮਾਣ ਪ੍ਰੋਗਰਾਮ, ਅਮਨ ਤੇ ਕਾਨੂੰਨ, ਕੰਢੀ ਖੇਤਰ ਦੇ ਵਿਕਾਸ ਫੰਡ, ਮਗਨਰੇਗਾ, ਆਸ਼ੀਰਵਾਦ ਸਕੀਮ, ਪੈਨਸ਼ਨ ਸਕੀਮ, ਨੀਲੇ ਕਾਰਡ ਅਤੇ ਕਰਜ਼ਾ ਰਾਹਤ ਆਦਿ ਦੀ ਸਮੀਖਿਆ ਕੀਤੀ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ, ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਨ੍ਹਾਂ ਦੇ ਲਾਭ ਤੋਂ ਵਾਂਝਾ ਨਾ ਰਹੇ।ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਚੱਲ ਰਹੇ ਸਾਰੇ ਵਿਕਾਸ ਕਾਰਜ ਤੈਅ ਸਮੇਂ ਅੰਦਰ ਮੁਕੰਮਲ ਕਰਨੇ ਅਤੇ ਹਰੇਕ ਲਾਭਪਾਤਰੀ ਤੱਕ ਭਲਾਈ ਸਕੀਮਾਂ ਅਤੇ ਪ੍ਰੋਗਰਾਮਾਂ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਰਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Punjab Post Daily Online Newspaper & Print Media