Thursday, March 5, 2026

ਰੇਤ ਦੀ ਨਿਰਧਾਰਤ ਕੀਮਤ ਤੋਂ ਵੱਧ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ – ਡੀ.ਸੀ

ਮਾਈਨਿੰਗ ਦੀ ਨਵੀਂ ਪਾਲਿਸੀ ਸਬੰਧੀ ਅਧਿਕਾਰੀਆਂ ਅਤੇ ਰੇਤ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ

ਨਵਾਂਸ਼ਹਿਰ, 16 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਾਜ਼ਬ ਦਰਾਂ ’ਤੇ ਰੇਤ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਟੇਟ ਸੈਂਡ ਐਂਡ ਗਰੈਵਲ ਮਾਈਨਿੰਗ ਪਾਲਿਸੀ 2021 ਤਹਿਤ ਰੇਤ ਦਾ ਭਾਅ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਨਿਰਧਾਰਤ ਕੀਤਾ ਹੈ।ਜਿਸ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਰੇਤਾ ਅਤੇ ਗਰੈਵਲ ਦੀਆਂ ਕੀਮਤਾਂ ਬਾਰੇ ਮਾਈਨਿੰਗ ਦੀ ਨਵੀਂ ਪਾਲਿਸੀ ਸਬੰਧੀ ਅਧਿਕਾਰੀਆਂ ਅਤੇ ਜ਼ਿਲ੍ਹੇ ਦੇ ਰੇਤ ਵਿਕਰੇਤਾਵਾਂ ਨਾਲ ਮੀਟਿੰਗ ਦੌਰਾਨ ਕੀਤਾ।ਐਸ.ਐਸ.ਪੀ ਕੰਵਰਦੀਪ ਕੌਰ ਦੀ ਮੌਜ਼ੂਦਗੀ ਵਿਚ ਹੋਈ ਇਸ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਵੱਧ ਵਸੂਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰੇਗਾ ਤਾਂ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।ਉਨ੍ਹਾਂ ਰੇਤ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਰੇਤ ਖੱਡਾਂ ਤੋਂ ਨਿਰਧਾਰਤ ਰੇਟ ’ਤੇ ਹੀ ਰੇਤ ਖ਼ਰੀਦਣ ਅਤੇ ਇਸ ਤੋਂ ਇਲਾਵਾ ਕੋਈ ਵੀ ਵਾਧੂ ਪਰਚੀ ਨਾ ਕਟਵਾਉਣ।ਉਨ੍ਹਾਂ ਕਿਹਾ ਕਿ ਜੇਕਰ ਕੋਈ ਅਜਿਹੀ ਪਰਚੀ ਕਟਵਾਉਣ ਲਈ ਕਹਿੰਦਾ ਹੈ ਤਾਂ ਉਸ ਦੀ ਸ਼ਿਕਾਇਤ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਜਾਂ ਮਾਈਨਿੰਗ ਵਿਭਾਗ ਨੂੰ ਕੀਤੀ ਜਾਵੇ।ਉਨ੍ਹਾਂ ਰੇਤ ਵਿਕਰੇਤਾਵਾਂ ਨੂੰ ਕਿਹਾ ਕਿ ਉਹ ਆਪਣੇ ਟਰਾਂਸਪੋਰਟ ਆਦਿ ਦੇ ਵਾਜ਼ਿਬ ਖ਼ਰਚੇ ਕੱਢ ਕੇ ਲੋਕਾਂ ਨੂੰ ਰਿਆਇਤੀ ਦਰਾਂ ’ਤੇ ਰੇਤ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ।
                 ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਜ਼ਿਲ੍ਹੇ ਵਿਚ ਰੇਤ ਦੀਆਂ ਸਾਰੀਆਂ ਖੱਡਾਂ ’ਤੇ ਨਿਰਧਾਰਤ ਕੀਤੇ ਰੇਟਾਂ ਦੇ ਬੋਰਡ ਲਗਾ ਦਿੱਤੇ ਗਏ ਹਨ ਅਤੇ ਕਿਸੇ ਵੀ ਤਰਾਂ ਦੀ ਵੱਧ ਵਸੂਲੀ ਨਹੀਂ ਹੋਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਸਬੰਧੀ ਲਗਾਤਾਰ ਚੈਕਿੰਗ ਕੀਤੀ ਜਾਵੇਗੀ ਅਤੇ ਕਿਸੇ ਵੀ ਕਿਸਮ ਦੀ ਲਾਪਰਵਾਹੀ ਹਰਗਿਜ਼ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਐਸ.ਐਸ.ਪੀ ਕੰਵਰਦੀਪ ਕੌਰ ਨੇ ਕਿਹਾ ਕਿ ਨਵੀਂ ਮਾਈਨਿੰਗ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੁਲਿਸ ਅਧਿਕਾਰੀਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਵੱਧ ਵਸੂਲੀ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ’ਤੇ ਫੌਰਨ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਐਸ.ਡੀ ਐਮ ਬੰਗਾ ਵਿਰਾਜ ਤਿੜਕੇ, ਜ਼ਿਲ੍ਹਾ ਮਾਲ ਅਫ਼ਸਰ ਅਜੀਤ ਪਾਲ ਸਿੰਘ, ਐਕਸੀਅਨ ਮਾਈਨਿੰਗ ਗੁਰਤੇਜ ਸਿੰਘ ਗਰਚਾ, ਮਾਈਨਿੰਗ ਅਫ਼ਸਰ ਰਵਿੰਦਰ ਤੇ ਹਰਜੋਤ ਕੌਰ, ਸੁਪਰਡੈਂਟ ਜਸਵਿੰਦਰ ਸਿੰਘ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ-ਵੱਖ ਰੇਤ ਵਿਕਰੇਤਾ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਏ.ਆਰ.ਸੀ ਆਊਟਰੀਚ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 3 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਵੱਲੋਂ ਵਿਦਿਆਰਥੀਆਂ …