`ਆਪ` ਤੇ ਅਕਾਲੀ-ਭਾਜਪਾ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨਾਲ ਕੀਤਾ ਧੋਖਾ
ਬਿਆਸ, 21 ਨਵੰਬਰ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਪੰਜਾਬ ਨਾਲ ਸਬੰਧਤ ਸਾਰੇ ਮੁੱਦਿਆਂ ਨੂੰ ਇੱਕ-
ਇੱਕ ਕਰਕੇ ਹੱਲ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਕੇਬਲ ਨੈਟਵਰਕ’ ਹੈ।ਇਸ ਸਬੰਧ ‘ਚ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ। ਕਲਿਆਣਕਾਰੀ ਪਹਿਲਕਦਮੀਆਂ ਅਤੇ ਸਕੀਮਾਂ ਪ੍ਰਤੀ ਆਪਣੇ ਦ੍ਰਿੜ ਸੰਕਲਪ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹੱਤਵਪੂਰਨ ਸੈਕਟਰਾਂ ਖਾਸ ਤੌਰ `ਤੇ ਬਿਜਲੀ, ਰੇਤਾ ਅਤੇ ਬਜਰੀ ਦੀ ਸਸਤੀ ਦਰਾਂ `ਤੇ ਨਿਰਵਿਘਨ ਸਪਲਾਈ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾਉਣ, ਬਿਜਲੀ ਦਰਾਂ ਵਿੱਚ ਕਟੌਤੀ ਕਰਨ ਸਮੇਤ ਕਈ ਲੋਕ ਪੱਖੀ ਕਦਮ ਚੁੱਕੇ ਹਨ। ਬਿਜਲੀ ਦਰ 3 ਰੁਪਏ ਪ੍ਰਤੀ ਯੂਨਿਟ ਘੱਟ ਕੀਤੀ ਹੈ।ਬਿਆਸ ਵਿਖੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਕਰਵਾਈ ਭਰਵੀਂ ਰੈਲੀ ਨੂੰ ਸੰਬੋਧਨ ਕਰਦੇ ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਬੇਅਦਬੀ ਦੇ ਮਾਮਲਿਆਂ ਨੂੰ ਵੀ ਪਹਿਲ ਦੇ ਆਧਾਰ `ਤੇ ਲਿਆ ਜਾ ਰਿਹਾ ਹੈ ਤਾਂ ਜੋ ਅਸਲ ਦੋਸ਼ੀਆਂ ਦਾ ਪਰਦਾਫਾਸ਼ ਕਰਕੇ ਉਨਾਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਕਟਹਿਰੇ `ਚ ਲਿਆਂਦਾ ਜਾ ਸਕੇ।
ਸੱਤਾ ਦੇ ਮੁੱਦੇ `ਤੇ ਲੋਕਾਂ ਨੂੰ ਮੂਰਖ ਬਣਾਉਣ ਲਈ ਆਮ ਆਦਮੀ ਪਾਰਟੀ ਅਤੇ ਅਕਾਲੀ-ਭਾਜਪਾ ਗਠਜੋੜ `ਤੇ ਵਰ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਪੰਜਾਬੀਆਂ ਨੂੰ ਗੁੰਮਰਾਹ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਫਤ ਬਿਜਲੀ ਦੇਣ ਦਾ ‘ਆਪ’ ਦਾ ਐਲਾਨ ਸਰਾਸਰ ਝੂਠ ਹਨ। ਉਨ੍ਹਾਂ ਕਿਹਾ ਕਿ ਜੋ ਬਿਜਲੀ ਅਸੀਂ 2.38 ਰੁਪਏ ਦੀ ਦਰ ਨਾਲ ਖਰੀਦ ਰਹੇ ਹਾਂ ਅਕਾਲੀ ਸਰਕਾਰ ਉਹ 17.38 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਖਰੀਦ ਰਹੀ ਸੀ। ਇਸ ਤਰ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਸਰਕਾਰੀ ਖਜ਼ਾਨੇ ਨੂੰ ਕਰੋੜਾਂ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ।ਪੀ.ਪੀ.ਏ ਅਤੇ ਸੂਰਜੀ ਊਰਜਾ ਸਮਝੌਤਿਆਂ ਦੀ ਆੜ ਹੇਠ 1700 ਕਰੋੜ ਰੁਪਏ ਸਾਲਾਨਾ ਦਾ ਸਰਕਾਰ ਨੂੰ ਚੂਨਾ ਅਕਾਲੀ ਭਾਜਪਾ ਸਰਕਾਰ ਲਗਾਉਂਦੀ ਰਹੀ ਹੈ, ਜੋ ਕਿ ਮੌਜ਼ੂਦਾ ਸਰਕਾਰ ਦੁਆਰਾ ਵੱਡੇ ਜਨਤਕ ਹਿੱਤਾਂ ਵਿੱਚ ਰੱਦ ਕਰ ਦਿੱਤੇ ਗਏ ਹਨ।
ਤਿੰਨ ਖੇਤੀ ਕਾਨੂੰਨਾਂ `ਤੇ ਕੇਂਦਰ ਸਰਕਾਰ `ਤੇ ਨਿਸ਼ਾਨਾ ਲਾਉਂਦਿਆਂ ਮੁੱਖ ਮੰਤਰੀ ਚੰਨੀ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕੁਝ ਵੀ ਅਸਾਧਾਰਨ ਨਹੀਂ ਕੀਤਾ, ਬਲਕਿ ਇਸ ਵਿੱਚ ਜਾਣਬੁੱਝ ਕੇ ਬਹੁਤ ਦੇਰੀ ਕੀਤੀ ਗਈ ਸੀ।
ਬਿਆਸ, ਬਾਬਾ ਬਕਾਲਾ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਿਆਸ ਵਿਖੇ 10 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਆਈ.ਟੀ.ਆਈ. ਜਲਦੀ ਹੀ ਸ਼ੁਰੂ ਹੋ ਜਾਵੇਗੀ।ਵਿਧਾਨ ਸਭਾ ਹਲਕੇ ਦੀਆਂ ਪੰਚਾਇਤਾਂ ਲਈ 10 ਕਰੋੜ ਅਤੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਲਈ 5 ਕਰੋੜ ਰੁਪਏ ਵਿਕਾਸ ਕਾਰਜ਼ਾਂ ਲਈ ਦੇਣ ਦਾ ਐਲਾਨ ਕੀਤਾ।ਰਈਆ ਦੇ ਵਿਕਾਸ ਕਾਰਜ਼ਾਂ ਲਈ 2 ਕਰੋੜ ਰੁਪਏ ਦੇਣ ਦੇ ਨਾਲ-ਨਾਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਰਈਆ ਤੋਂ ਡੇਰਾ ਬਾਬਾ ਨਾਨਕ ਤੱਕ ਚਾਰ ਮਾਰਗੀ ਸੜਕੀ ਸੰਪਰਕ ਲਈ ਜ਼ਮੀਨ ਐਕੁਆਇਰ ਕਰਨ ਦੇ ਬਦਲੇ ਵਾਜ਼ਬ ਦਰ ਨਾਲ ਇੱਕ ਵਿਸਥਾਰਤ ਮਤਾ ਤਿਆਰ ਕਰਨ ਲਈ ਕਿਹਾ।ਉਨ੍ਹਾਂ ਬਾਬਾ ਬਕਾਲਾ ਅਤੇ ਸਠਿਆਲਾ ਮੰਡੀਆਂ ਲਈ ਸ਼ੈਡਾਂ ਦਾ ਐਲਾਨ ਕਰਨ ਤੋਂ ਇਲਾਵਾ ਇਲਾਕੇ ਵਿੱਚ 10 ਕਿਲੋਮੀਟਰ ਲੰਬੀਆਂ ਸੜਕਾਂ ਅਤੇ ਢੁੱਕਵੀਂ ਥਾਂ ’ਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ ਗਿਆ ਹੈ।
ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਸੰਤੋਖ ਸਿੰਘ ਭਲਾਈਪੁਰ, ਤਰਸੇਮ ਸਿੰਘ ਡੀ.ਸੀ, ਮਾਰਕੀਟ ਕਮੇਟੀਆਂ ਦੇ ਚੇਅਰਮੈਨ ਬਲਕਾਰ ਸਿੰਘ, ਪਿੰਦਰਜੀਤ ਸਿੰਘ, ਗੁਰਦਿਆਲ ਸਿੰਘ ਢਿੱਲੋਂ ਅਤੇ ਯੁਵਰਾਜ ਸਿੰਘ ਆਦਿ ਹਾਜ਼ਰ ਸਨ।
Punjab Post Daily Online Newspaper & Print Media