ਮੁੱਖ ਮੰਤਰੀ ਪੰਜਾਬ ਵਲੋਂ ਮੋਤੀਆ ਮੁਕਤ ਅਭਿਆਨ ਸ਼ੁਰੂ
ਕਪੂਰਥਲਾ, 27 ਨਵੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ’ ਮੁਹਿੰਮ ਦੀ
ਸ਼ੁਰੂਆਤ ਕੀਤੀ ਗਈ ਹੈ।26 ਨਵੰਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਦੌਰਾਨ ਮਰੀਜ਼ਾਂ ਦੇ ਮੋਤੀਆਬਿੰਦ ਦੇ ਆਪ੍ਰੇਸ਼ਨ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਕੀਤੇ ਜਾਣਗੇ।ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰ ਬੀਰ ਕੌਰ ਨੇ ਦੱਸਿਆ ਹੈ ਕਿ ਉਮਰ ਦੇ ਵਧਣ, ਡਾਈਬੀਟੀਜ਼, ਜਿਆਦਾ ਮਾਤਰਾ ਵਿੱਚ ਸ਼ਰਾਬ ਦੇ ਸੇਵਨ, ਹਾਈਪਰਟੈਂਸ਼ਨ ਆਦਿ ਦੇ ਕਾਰਣ ਵਿਅਕਤੀ ਵਿਚ ਮੋਤੀਆਬਿੰਦ ਦੀ ਸਮੱਸਿਆ ਹੋ ਸਕਦੀ ਹੈ।ਇਹ ਮੁਹਿੰਮ 31 ਦਸੰਬਰ ਤੱਕ ਚੱਲੇਗੀ।
ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ ਦੇ ਪ੍ਰੋਗਰਾਮ ਅਫਸਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਸੰਦੀਪ ਧਵਨ ਨੇ ਦੱਸਿਆ ਕਿ ਮੋਤੀਆਬਿੰਦ ਦੇ ਮਰੀਜ਼ ਨੂੰ ਧੁੰਦਲਾ ਦਿਖਾਈ ਦਿੰਦਾ ਹੈ ਤੇ ਰਾਤ ਨੂੰ ਦਿਖਣ ਵਿਚ ਦਿੱਕਤ ਮਹਿਸੂਸ ਹੁੰਦੀ ਹੈ।ਅਜਿਹੇ ਲੱਛਣ ਨਜ਼ਰ ਆਉਣ ‘ਤੇ ਤੁਰੰਤ ਅੱਖਾਂ ਦੇ ਮਾਹਿਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ।
ਉਨ੍ਹਾਂ ਇਹ ਵੀ ਦੱਸਿਆ ਕਿ ਆਪ੍ਰੇਸ਼ਨ ਵਾਲੇ ਲੋਕਾਂ ਲਈ ਰਿਫਰਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ ਤੇ ਮਰੀਜ਼ਾਂ ਨੂੰ ਮੁਫਤ ਐਨਕਾਂ ਵੀ ਦਿੱਤੀਆਂ ਜਾਣਗੀਆਂ।
Punjab Post Daily Online Newspaper & Print Media