ਅੰਮ੍ਰਿਤਸਰ, 2 ਦਸੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰੀ ਕੰਮ-ਕਾਜ਼ ਨੂੰ ਹੋਰ
ਸਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ। ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਤੇ ਮੰਗਵਿੰਦਰ ਸਿੰਘ ਖਾਪੜਖੇੜੀ ਵੀ ਮੌਜੂਦ ਰਹੇ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸੰਗਤਾਂ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਤੋਂ ਵੱਡੀਆਂ ਆਸਾਂ ਰੱਖਦੀਆਂ ਹਨ, ਜਿਨ੍ਹਾਂ ਅਨੁਸਾਰ ਕਾਰਜ ਕਰਨੇ ਸਾਡੀ ਜ਼ੁੰਮੇਵਾਰੀ ਹੈ।ਉਨ੍ਹਾਂ ਕਿਹਾ ਕਿ ਸਤਿਗੁਰੂ ਦੀ ਕਿਰਪਾ ਸਦਕਾ ਸਾਨੂੰ ਸਿੱਖ ਕੌਮ ਦੀ ਮਾਣਮੱਤੀ ਸੰਸਥਾ ਸ਼੍ਰੋਮਣੀ ਕਮੇਟੀ ਵਿਚ ਸੇਵਾ ਕਰਨ ਦਾ ਸਮਾਂ ਮਿਲਿਆ ਹੈ ਅਤੇ ਸਾਨੂੰ ਆਪਣੀ ਡਿਊਟੀ ਸੇਵਾ ਭਾਵ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜ਼ਾਂ ਦੀ ਨਿਗਰਾਨੀ ਲਈ ਜਲਦ ਹੀ ਸਬ-ਕਮੇਟੀਆਂ ਬਣਾਈਆਂ ਜਾਣਗੀਆਂ, ਜੋ ਮਹੀਨੇ ਵਿਚ ਦੋ ਵਾਰ ਆਪਣੀ ਰਿਪੋਰਟ ਬਨਾਉਣਗੀਆਂ ਅਤੇ ਕੀਤੇ ਜਾ ਰਹੇ ਕੰਮਾਂ ਦੀ ਨਿਗਰਾਨੀ ਕਰਨਗੀਆਂ।ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਮਹਿਕਮੇ ਦੀ ਕਾਰਗੁਜ਼ਾਰੀ ਨੂੰ ਹੋਰ ਤਸਲੀਬਖ਼ਸ਼ ਬਣਾਉਣ ਅਤੇ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸਕੱਤਰ ਮਹਿੰਦਰ ਸਿੰਘ ਆਹਲੀ ਅਤੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।
ਇਕੱਤਰਤਾ ਦੌਰਾਨ ਹਾਜ਼ਰ ਸਮੂਹ ਅਧਿਕਾਰੀਆਂ ਨੇ ਇਕਸੁਰਤਾ ’ਚ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਯਕੀਨ ਦਵਾਇਆ ਕਿ ਉਹ ਸੰਸਥਾ ਪ੍ਰਤੀ ਹਰੇਕ ਜ਼ੁੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਬਿਜੈ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਸੁਲੱਖਣ ਸਿੰਘ ਭੰਗਾਲੀ, ਹਰਜੀਤ ਸਿੰਘ ਲਾਲੂਘੁੰਮਣ, ਸਕੱਤਰ ਸਿੰਘ, ਗੁਰਮੀਤ ਸਿੰਘ ਬੁੱਟਰ, ਹਰਜਿੰਦਰ ਸਿੰਘ ਕੈਰੋਂਵਾਲ, ਮੁਖਤਾਰ ਸਿੰਘ, ਗੁਰਦਿਆਲ ਸਿੰਘ, ਨਿਰਵੈਲ ਸਿੰਘ, ਸੁਖਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਹਿਬਾਜ਼ ਸਿੰਘ ਤੇ ਬਿਕਰਮ ਸਿੰਘ ਆਦਿ ਮੌਜੂਦ ਸਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media