ਗਿਆਨੀ ਹਰਪ੍ਰੀਤ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ
ਅੰਮ੍ਰਿਤਸਰ, 10 ਦਸੰਬਰ (ਜਗਦੀਪ ਸਿੰਘ) – ਸਿੱਖ ਗੁਰੂ ਸਾਹਿਬਾਨ ਖਿਲਾਫ ਮੰਦੀ ਸ਼ਬਦਾਵਲੀ ਬੋਲਣ ’ਤੇ ਸਿੱਖ ਦੋਖੀ ਨੂੰ ਸੋਧਾ ਲਾਉਣ ਵਾਲੇ ਭਾਈ ਰਾਜਿੰਦਰ ਸਿੰਘ
34 ਸਾਲ ਦੀ ਲੰਮੀ ਕੈਦ ਕੱਟ ਕੇ ਇੰਗਲੈਂਡ ਦੀ ਜੇਲ੍ਹ ਵਿੱਚੋਂ ਰਿਹਾਅ ਹੋਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਨਤਮਸਤਕ ਹੋਏ।ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।ਸਨਮਾਨਿਤ ਕਰਨ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵੀ ਹਾਜ਼ਰ ਸਨ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਸਾਹਿਬਾਨ ਅਤੇ ਸਿੱਖ ਯੋਧਿਆਂ ਬਾਰੇ ਮੰਦੀ ਸ਼ਬਦਾਵਲੀ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੀ।ਉਨ੍ਹਾਂ ਕਿਹਾ ਕਿ 34 ਸਾਲ ਪਹਿਲਾਂ ਗੁਰੂ ਸਾਹਿਬਾਨ ਬਾਰੇ ਮੰਦਾ ਬੋਲਣ ਵਾਲੇ ਪੰਥ ਦੋਖੀ ਨੂੰ ਸੋਧਾ ਲਾਉਣ ਵਾਲੇ ਭਾਈ ਰਾਜਿੰਦਰ ਸਿੰਘ ਨੂੰ ਲੰਮਾ ਸਮਾਂ ਇੰਗਲੈਂਡ ਦੀ ਜੇਲ੍ਹ ਵਿਚ ਰਹਿਣਾ ਪਿਆ, ਜੋ 34 ਸਾਲ ਦੇ ਸਮੇਂ ਬਾਅਦ ਰਿਹਾਅ ਹੋਏ ਹਨ।ਉਨ੍ਹਾਂ ਕਿਹਾ ਕਿ ਅਜਿਹੇ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਪੰਥ ਹਮੇਸ਼ਾ ਯਾਦ ਰੱਖਦਾ ਹੈ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜਿੰਦਰ ਸਿੰਘ ਸਿੱਖ ਕੌਮ ਦਾ ਹੀਰਾ ਹੈ ਅਤੇ ਕੌਮ ਪ੍ਰਤੀ ਇਨ੍ਹਾਂ ਦੀ ਦੇਣ ਨਾ ਭੁੱਲਣਯੋਗ ਹੈ।ਉਨ੍ਹਾਂ ਕਿਹਾ ਕਿ ਭਾਈ ਰਾਜਿੰਦਰ ਸਿੰਘ ਨੇ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਜੇਲ੍ਹ ਵਿਚ ਗੁਜਾਰਿਆ ਹੈ, ਜੋ ਉਨ੍ਹਾਂ ਦੀ ਕੌਮ ਪ੍ਰਤੀ ਵੱਡੀ ਦੇਣ ਹੈ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸੁਖਵਰਸ਼ ਸਿੰਘ ਪੰਨੂ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਇੰਚਾਰਜ ਨਿਰਮਲ ਸਿੰਘ, ਮੈਨੇਜਰ ਨਰਿੰਦਰ ਸਿੰਘ, ਜਸਪਾਲ ਸਿੰਘ ਢੱਡੇ ਅਤੇ ਭਾਈ ਰਾਜਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਮੌਜੂਦ ਸਨ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media