Tuesday, April 7, 2026

ਅਸਲ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਬੇਅਦਬੀ ਦੀ ਕੋਸ਼ਿਸ਼ਾਂ ਦੀ ਡੂੰਘਿਆਈ ਨਾਲ ਕੀਤੀ ਜਾਵੇ ਜਾਂਚ – ਮੁੱਖ ਮੰਤਰੀ ਚੰਨੀ

ਮੁੱਖ ਮੰਤਰੀ ਪੰਜਾਬ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਲੋਕਾਂ ਨੂੰ ਸੁਚੇਤ ਰਹਿਣ ਦੀ ਕੀਤੀ ਅਪੀਲ

ਅੰਮ੍ਰਿਤਸਰ, 19 ਦਸੰਬਰ (ਪੰਜਾਬ ਪੋਸਟ ਬਿਊਰੋ) – ਬੀਤੀ ਸ਼ਾਮ ਸ੍ਰੀ ਦਰਬਾਰ ਸਾਹਿਬ ਦੇ ਪਾਵਨ ਅਸਥਾਨ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਕੋਸ਼ਿਸ਼ ਦੀ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ ਹੈ।ਇਸ ਕਾਰੇ ਦੇ ਪਿੱਛੇ ਅਸਲ ਸਾਜਿਸ਼ਕਾਰਾਂ ਦਾ ਪਰਦਾਫਾਸ਼ ਕਰਨ ਲਈ ਮਾਮਲੇ ਦੀ ਤਹਿ ਤੱਕ ਜਾਣ ਲਈ, ਇੱਥੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਕੀਤਾ।ਇਸ ਨੂੰ ਉਨਾਂ ਨੇ ਸਭ ਤੋਂ ਘਿਨਾਉਣੀ ਕਾਰਵਾਈ ਦੱਸਿਆ।ਜਿਸ ਨਾਲ ਨਾ ਸਿਰਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਸਗੋਂ ਸਾਡੇ ਹਿਰਦਿਆਂ ਨੂੰ ਵੀ ਠੇਸ ਪਹੁੰਚੀ ਹੈ, ਜਿਸ ਨੂੰ ਰੋਕਣਾ ਚਾਹੀਦਾ ਹੈ।
                ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਵੀ ਏਜੰਸੀ ਜਾਂ ਸਮਾਜ ਵਿਰੋਧੀ ਅਨਸਰ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰਨ ਲਈ ਕਿਸੇ ਵੀ ਧਰਮ ਜਾਂ ਆਸਥਾ ਨਾਲ ਸਬੰਧਤ ਗੁਰਦੁਆਰਿਆਂ, ਮੰਦਰਾਂ ਅਤੇ ਸੰਸਥਾਵਾਂ ਸਮੇਤ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਪੂਰੀ ਸਾਵਧਾਨੀ ਵਰਤਣ।ਮੁੱਖ ਮੰਤਰੀ ਨੇ ਲੋਕਾਂ ਨੂੰ ਅਮਨ-ਸਾਂਤੀ, ਸਦਭਾਵਨਾ, ਭਾਈਚਾਰਕ ਸਾਂਝ ਅਤੇ ਧਾਰਮਿਕ ਸਹਿਣਸ਼ੀਲਤਾ ਦੀਆਂ ਕਦਰਾਂ-ਕੀਮਤਾਂ ਵਿੱਚ ਅਟੁੱਟ ਭਰੋਸਾ ਦਿਖਾਉਂਦੇ ਹੋਏ, ਮੌਜ਼ੂਦਾ ਸੰਵੇਦਨਸ਼ੀਲ ਸਥਿਤੀ ਦੌਰਾਨ ਸੰਜ਼ਮ ਰੱਖਣ ਦਾ ਸੱਦਾ ਦਿੱਤਾ।
                 ਆਉਣ ਵਾਲੇ ਦਿਨਾਂ ਵਿੱਚ ਅਜਿਹੀਆਂ ਘਟਨਾਵਾਂ ਦੇ ਮੁੜ ਵਾਪਰਨ ਬਾਰੇ ਇੱਕ ਮੀਡੀਆ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਰਾਜ ਦੀਆਂ ਖੁਫੀਆ ਏਜੰਸੀਆਂ ਅਤੇ ਪੁਲਿਸ ਫੋਰਸ ਸਮਾਜ ਵਿਰੋਧੀ ਅਨਸਰਾਂ ਦੀਆਂ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਸਰਗਰਮੀ ਨਾਲ ਜੁੱਟੀਆਂ ਹੋਈਆਂ ਹਨ।। ਉਨ੍ਹਾਂ ਲੋਕਾਂ ਨੂੰ ਸੁਚੇਤ ਰਹਿਣ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਣ ਦਾ ਸੱਦਾ ਦਿੱਤਾ।ਪੂਰੇ ਸੂਬੇ ਵਿੱਚ ਅਮਨ-ਸਾਂਤੀ ਅਤੇ ਸਦਭਾਵਨਾ ਨੂੰ ਬਰਕਰਾਰ ਰੱਖਣ ਲਈ ਦ੍ਰਿੜ ਸੰਕਲਪ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਕਿਸੇ ਵੀ ਕੀਮਤ ‘ਤੇ ਸੂਬੇ ਵਿੱਚ ਸੁਖਾਵੇਂ ਮਾਹੌਲ ਨੂੰ ਵਿਗਾੜਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ।
            ਇਸ ਮੌਕੇ ਭਗਵੰਤ ਪਾਲ ਸਿੰਘ ਸੱਚਰ ਜ਼ਿਲਾ ਪ੍ਰਧਾਨ ਕਾਂਗਰਸ ਦਿਹਾਤੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਡਾ: ਸੁਖਚੈਨ ਸਿੰਘ ਗਿੱਲ ਪੁਲੀਸ ਕਮਿਸ਼ਨਰ ਅੰਮ੍ਰਿਤਸਰ, ਰਾਜੇਸ਼ ਸ਼ਰਮਾ ਐਸ.ਡੀ.ਐਮ, ਹਰਿੰਦਰ ਸਿੰਘ ਸੁਪਰਵਾਈਜਰ ਸੂਚਨਾ ਕੇਦਰ ਸ਼ੋਮਣੀ ਕਮੇਟੀ ਵੀ ਮੌਜ਼ੂਦ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …