Tuesday, March 3, 2026

ਪ੍ਰਧਾਨ ਮੰਤਰੀ ਮਾਮਲੇ ’ਚ ਸਿੱਖਾਂ ਖਿਲਾਫ ਫੈਲਾਈ ਜਾ ਰਹੀ ਨਫ਼ਰਤ ਦੇਸ਼ ਹਿੱਤ ‘ਚ ਨਹੀਂ- ਐਡਵੋਕੇਟ ਧਾਮੀ

ਕਿਹਾ, ਸਿੱਖਾਂ ਦੀਆਂ ਕੁਰਬਾਨੀਆਂ ਬਦੌਲਤ ਹੀ ਦੇਸ਼ ਨੂੰ ਮਿਲੀ ਅਜ਼ਾਦੀ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਵਾਪਰੇ ਘਟਨਾਕ੍ਰਮ ਮਗਰੋਂ ਜਿਸ ਤਰ੍ਹਾਂ ਸਿੱਖਾਂ ਨੂੰ ਸ਼ੋਸ਼ਲ ਮੀਡੀਏ ’ਤੇ ਨਫ਼ਰਤੀ ਟਿਪਣੀਆਂ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਉਹ ਦੇਸ਼ ਦੇ ਹਿੱਤ ਵਿਚ ਨਹੀਂ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਾਰੀ ਬਿਆਨ ਰਾਹੀਂ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਦੌਰਾਨ ਵਾਪਰੀ ਘਟਨਾ ਸਰਕਾਰਾਂ ਤੇ ਸੁਰੱਖਿਆ ਏਜੰਸੀਆਂ ਦੀ ਨਾਕਾਮੀ ਤਾਂ ਹੋ ਸਕਦੀ ਹੈ।ਪਰ ਇਸ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਗਲਤ ਹੈ।ਉਨ੍ਹਾਂ ਕਿਹਾ ਕਿ ਸਿੱਖ ਦੇਸ਼ ਦੇ ਸੁਹਿਰਦ ਨਾਗਰਿਕ ਹਨ, ਜੋ ਦੇਸ਼ ਦੀ ਤਰੱਕੀ ਲਈ ਆਪਣਾ ਵੱਡਾ ਯੋਗਦਾਨ ਪਾ ਰਹੇ ਹਨ।ਸਿੱਖਾਂ ਦੀਆਂ 80 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਕੇ ਹੀ ਸਮੁੱਚੇ ਦੇਸ਼ ਦੀ ਅਖੰਡਤਾ ਕਾਇਮ ਹੈ।ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਦੀ ਘਟਨਾ ਨੂੰ ਲੈ ਕੇ ਸੋਚੀ ਸਮਝੀ ਸਾਜਿਸ਼ ਤਹਿਤ ਸੋਸ਼ਲ ਮੀਡੀਆ ’ਤੇ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।ਭਾਜਪਾ ਦੇ ਕੁੱਝ ਆਗੂਆਂ ਵਲੋਂ ਸਿੱਖਾਂ ਨੂੰ 1984 ਤੋਂ ਵੀ ਭਿਆਨਕ ਨਤੀਜਿਆਂ ਤੱਕ ਦੀ ਗੱਲ ਕਹਿ ਕੇ ਸਿੱਖਾਂ ਦੇ ਜਜ਼ਬਾਤਾਂ ਨਾਲ ਖੇਡਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਇਸ ਦੀ ਉਦਹਾਰਨ ਭਾਜਪਾ ਦੇ ਯੂ.ਪੀ ਤੋਂ ਇਕ ਵਿਧਾਇਕ ਦਾ ਸਾਹਮਣੇ ਆਇਆ ਟਵੀਟ ਹੈ।
                 ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੇ ਕਿਸੇ ਵੀ ਉਚ ਆਗੂ ਦੀ ਸੁਰੱਖਿਆ ਲਈ ਸਬੰਧਤ ਏਜੰਸੀਆਂ ਤੇ ਫੋਰਸਾਂ ਜ਼ਿੰਮੇਵਾਰ ਹੁੰਦੀਆਂ ਹਨ ਅਤੇ ਸਰਕਾਰਾਂ ਨੇ ਵੀ ਸਮੇਂ ਸਿਰ ਪ੍ਰਬੰਧ ਕਰਨੇ ਹੁੰਦੇ ਹਨ।ਦੁੱਖ ਇਸ ਗੱਲ ਦਾ ਹੈ ਕਿ ਸਰਕਾਰਾਂ ਦੀ ਢਿੱਲ-ਮੱਠ ਕਰਕੇ ਪ੍ਰਧਾਨ ਮੰਤਰੀ ਵਾਪਿਸ ਮੁੜੇ ਹਨ।ਪਰ ਇਸ ਸਭ ਨੂੰ ਫਿਰਕੂ ਰੰਗਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਇਸ ਮਾਮਲੇ ਤੋਂ ਵੱਖ ਰੱਖਿਆ ਜਾਣਾ ਚਾਹੀਦਾ ਹੈ ਅਤੇ ਇਹ ਮਾਮਲਾ ਕੇਵਲ ਸਰਕਾਰਾਂ ਤੱਕ ਹੀ ਰਹਿਣਾ ਚਾਹੀਦਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੰਗ ਕੀਤੀ ਕਿ ਜਿਹੜੇ ਲੋਕ ਇਸ ਮਾਮਲੇ ਨਾਲ ਜੋੜ ਕੇ ਸਿੱਖਾਂ ਦਾ ਅਕਸ ਖਰਾਬ ਕਰ ਰਹੇ ਹਨ ਅਤੇ ਨਫ਼ਤਰ ਫੈਲਾ ਰਹੇ ਹਨ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੋਸ਼ਲ ਮੀਡੀਆ ’ਤੇ ਵਿਚਾਰਾਂ ਦੇ ਪ੍ਰਗਟਾਵੇ ਦੀ ਅਜ਼ਾਦੀ ਦਾ ਮਤਲਬ ਇਹ ਨਹੀਂ ਕਿਸੇ ਨੂੰ ਨਿਸ਼ਾਨਾ ਬਣਾ ਕੇ ਨਫ਼ਤਰ ਭਰਿਆ ਮਾਹੌਲ ਸਿਰਜਿਆ ਜਾਵੇ।ਲਿਹਾਜਾ ਸ਼ੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਦੇਸ਼ ਦੀ ਸ਼ਾਂਤੀ ਤੇ ਸਦਭਾਵਨਾ ਨੂੰ ਭੰਗ ਕਰਨ ਵਾਲੇ ਵਰਤਾਰੇ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਜਾਣਾ ਚਾਹੀਦਾ ਹੈ।ਐਡਵੋਕੇਟ ਧਾਮੀ ਨੇ ਆਖਿਆ ਕਿ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਮਗਰੋਂ ਸੋਸ਼ਲ ਮੀਡੀਆ ’ਤੇ ਸਿੱਖਾਂ ਵਿਰੁੱਧ ਫੈਲਾਈ ਜਾ ਰਹੀ ਨਫ਼ਤਰ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਵੀ ਲਿਖਿਆ ਜਾ ਰਿਹਾ ਹੈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …