Thursday, March 26, 2026

ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ‘ਵੀਰ ਬਾਲ ਦਿਵਸ’ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੇ ਮੇਚ ਨਹੀਂ – ਐਡਵੋਕੇਟ ਧਾਮੀ

ਪ੍ਰਧਾਨ ਮੰਤਰੀ ਦਾ ਸਤਿਕਾਰ ਵਜੋਂ ਐਲਾਨ ਸਿੱਖ ਰਵਾਇਤਾਂ ਅਨੁਸਾਰ ਨਹੀਂ

ਅੰਮ੍ਰਿਤਸਰ, 9 ਜਨਵਰੀ (ਪੰਜਾਬ ਪੋਸਟ ਬਿਊਰੋ) – ਸਰਬੰਸਦਾਨੀ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਐਲਾਨ ਕਰਨ ਤੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀਆਂ ਭਾਵਨਾਵਾਂ ਦੀ ਅਸੀਂ ਕਦਰ ਕਰਦੇ ਹਾਂ, ਪਰ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਬਾਲ ਸੰਗਿਆ ਨਾਲ ਜੋੜ ਕੇ ਵੀਰ ਬਾਲ ਦਿਵਸ ਤੱਕ ਸੀਮਤ ਰੱਖਣਾ ਸ਼ਹਾਦਤਾਂ ਦੀ ਭਾਵਨਾ ਤੇ ਸਿੱਖ ਰਵਾਇਤਾਂ ਦੇ ਮੇਚ ਨਹੀਂ ਹੈ।ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ, ਸਿਧਾਤਾਂ ਅਤੇ ਪ੍ਰੰਪਰਾਵਾਂ ਦੇ ਮੱਦੇਨਜ਼ਰ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਕੁਰਬਾਨੀਆਂ ਵੱਡੇ ਯੋਧਿਆਂ ਵਰਗੀਆਂ ਹਨ।ਸਿੱਖ ਇਤਿਹਾਸ ਵਿਚ ਗੁਰੂ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਨੂੰ ਸੰਬੋਧਨ ਸਮੇਂ ਬਾਬਾ ਸ਼ਬਦ ਨਾਲ ਸਤਿਕਾਰ ਦਿੱਤਾ ਜਾਂਦਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਾਰ ਅੰਦਰ ਕਿਸੇ ਵੀ ਵੀਚਾਰ ਨੂੰ ਕੌਮੀ ਮਾਨਤਾ ਦੇਣ ਲਈ ਕਸਵੱਟੀ ਸਾਡਾ ਸਿੱਖ ਇਤਿਹਾਸ, ਗੁਰਬਾਣੀ, ਸਿੱਖ ਸਿਧਾਂਤ, ਅਤੇ ਮਾਨਤਾਵਾਂ ਹਨ।ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਵਜੋਂ ਮਾਨਤਾ ਦੇ ਸਬੰਧ ਵਿਚ ਉਹ ਅਪੀਲ ਕਰਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਇਸ ’ਤੇ ਅਗਵਾਈ ਦੇਣ।
                    ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਥਕ ਰਵਾਇਤਾਂ, ਮਾਨਤਾਵਾਂ ਅਤੇ ਸਿੱਖ ਸਰੋਕਾਰ ਬਹੁਤ ਵਿਲੱਖਣ ਅਤੇ ਲਾਸਾਨੀ ਹੋਣ ਕਰਕੇ ਇਨ੍ਹਾਂ ਨਾਲ ਸਬੰਧਤ ਕਿਸੇ ਵੀ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਆਦੇਸ਼ ਲੈ ਕੇ ਹੀ ਕੋਈ ਫੈਸਲਾ ਕਰਨਾ ਚਾਹੀਦਾ ਹੈ।ਉਨ੍ਹਾ ਕਿਹਾ ਕਿ ਪ੍ਰਧਾਨ ਮੰਤਰੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨਾ ਤੇ ਐਲਾਨ ਸਤਿਕਾਰ ਦੀ ਭਾਵਨਾ ਚੋਂ ਉਪਜਿਆ ਤਾਂ ਹੋ ਸਕਦਾ ਹੈ, ਪਰ ਪੰਥ ਪ੍ਰਵਾਨਿਤ ਨਹੀਂ ਸਮਝਿਆ ਜਾ ਸਕਦਾ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …