ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਦੇ ਮਾਣ ਸਨਮਾਨ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ – ਜਸਪ੍ਰੀਤ ਕੌਰ
ਕਪੂਰਥਲਾ, 12 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵਲੋਂ ਰਾਜ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ,
ਵਿਭਾਗਾਂ, ਅਦਾਰਿਆਂ, ਅਰਧ ਸਰਕਾਰੀ ਅਦਾਰਿਆਂ, ਬੋਰਡ, ਨਿਗਮ, ਵਿੱਦਿਅਕ ਸੰਸਥਾਵਾਂ ਆਦਿ ਦੇ ਨਾਂਅ ਅਤੇ ਸੜਕਾਂ ਦੇ ਨਾਂਅ ਅਤੇ ਸੜਕਾਂ ਦੇ ਨਾਂਅ ਦੀਆਂ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਲਿਖਣ ਸਮੇਂ ਪੰਜਾਬੀ ਭਾਸ਼ਾ (ਗੁਰਮੁਖੀ ਲਿੱਪੀ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।ਜੇਕਰ ਕਿਸੇ ਹੋਰ ਭਾਸ਼ਾ ਵਿਚ ਨਾਮ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ) ਤੋਂ ਬਾਅਦ ਲਿਖਿਆ ਜਾਵੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀਮਤੀ ਜਸਪ੍ਰੀਤ ਕੌਰ ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬੇਹੱਦ ਸੰਜ਼ੀਦਾ ਹੈ ਤੇ ਕਿਸੇ ਪ੍ਰਕਾਰ ਦੀ ਅਣਗਹਿਲੀ ਨਹੀਂ ਵਰਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬੀ ਮਾਤ-ਭਾਸ਼ਾ ਪੰਜਾਬ ਰਾਜ ਦੀ ਜ਼ਿੰਦ-ਜਾਨ ਹੈ ਤੇ ਪੰਜਾਬੀਅਤ ਦਾ ਮਾਣ ਹੈ।ਇਸ ਲਈ ਸਬੰਧਿਤ ਹੁਕਮਾਂ ਅਧੀਨ ਆਉਂਦੇ ਸਾਰਿਆਂ ਨੂੰ ਹੀ ਅਪੀਲ ਹੈ ਕਿ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਦਫ਼ਤਰਾਂ/ਸਥਾਨਾਂ ਦੀ ਪੜਤਾਲ ਕਰ ਲਈ ਜਾਵੇ ਤੇ ਇਹ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ ਕਿ ਸ਼ਬਦ ਜੋੜ ਵੀ ਠੀਕ ਹੋਣ।ਇਨ੍ਹਾਂ ਹਦਾਇਤਾਂ ਸਬੰਧੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਤੇ ਭਾਸ਼ਾ ਵਿਭਾਗ ਵਲੋਂ ਜਾਰੀ ਪੱਤਰ ਵੀ ਵਿਭਾਗਾਂ ਨੂੰ ਭੇਜ ਦਿੱਤਾ ਗਿਆ ਹੈ। ਇਸ ਸਬੰਧੀ ਕਿਸੇ ਵੀ ਸਮੇਂ ਦਫ਼ਤਰ ਭਾਸ਼ਾ ਵਿਭਾਗ ਕਪੂਰਥਲਾ ਤੋਂ ਅਗਵਾਈ ਜਾਂ ਸਹਿਯੋਗ ਵੀ ਲਿਆ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਪੰਜਾਬ ਦਾ ਮੂਲ ਮਨੋਰਥ ਪੰਜਾਬ ਵਾਸੀਆਂ ਨੂੰ ਨਾਲ ਲੈ ਕੇ ਪੰਜਾਬੀ ਭਾਸ਼ਾ ਸਬੰਧੀ ਕਮੀਆਂ ਅਤੇ ਤਰੁੱਟੀਆਂ ਨੂੰ ਦੂਰ ਕਰਨਾ ਹੈ ਤੇ ਪੰਜਾਬੀ ਭਾਸ਼ਾ ਦਾ ਬਣਦਾ ਮਾਣ ਸਤਿਕਾਰ ਕਾਇਮ ਰੱਖਣਾ ਹੈ।
Punjab Post Daily Online Newspaper & Print Media