ਆਨਲਾਈਨ ਵੀ ਦਾਖਲ ਹੋ ਸਕਣਗੇ ਨਾਮਜ਼ਦਗੀ ਪੱਤਰ
ਕਪੂਰਥਲਾ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਅੱਜ 25
ਜਨਵਰੀ ਤੋਂ ਸ਼ੁਰੂ ਹੋਵੇਗੀ।ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਦੀਪਤੀ ਉਪਲ ਨੇ ਦੱਸਿਆ ਕਿ ਜ਼ਿਲ੍ਹੇ ਦੇ ਚਾਰਾਂ ਵਿਧਾਨ ਸਭਾ ਹਲਕਿਆਂ ਸੁਲਤਾਨਪੁਰ ਲੋਧੀ, ਭੁਲੱਥ, ਫਗਵਾੜਾ ਤੇ ਕਪੂਰਥਲਾ ਵਿਖੇ ਨਾਮਜ਼ਦਗੀ ਪ੍ਰਕਿਰਿਆ ਲਈ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਨਾਮਜਦਗੀ ਪੱਤਰ ਭਰਨ ਦੀ ਆਖਰੀ ਮਿਤੀ 1 ਫਰਵਰੀ ਹੈ, ਜਦਕਿ 2 ਫਰਵਰੀ ਨੂੰ ਨਾਮਜਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 4 ਫਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਕਪੂਰਥਲਾ ਦੇ ਚਾਰਾਂ ਹਲਕਿਆਂ ਵਿੱਚ ਨਾਮਜਦਗੀ ਪੱਤਰ ਸਵੇਰੇ 11 ਵਜੇ ਤੋਂ 3 ਵਜੇ ਤੱਕ ਸਬੰਧਿਤ ਰਿਟਰਨਿੰਗ ਅਫਸਰ ਕਮ ਐਸ.ਡੀ.ਐਮ ਕੋਲ ਜਮਾਂ ਕਰਵਾਏ ਜਾ ਸਕਣਗੇ।ਵੋਟਾਂ 20 ਫਰਵਰੀ ਨੂੰ ਪੈਣਗੀਆਂ ਜਦਕਿ ਗਿਣਤੀ 10 ਮਾਰਚ ਨੂੰ ਹੋਵੇਗੀ।
ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਵਿਧਾਨ ਸਭਾ ਚੋਣ ਲੜਨ ਦਾ ਇੱਛੁਕ ਉਮੀਦਵਾਰ ਸੂਬੇ ਦੇ ਕਿਸੇ ਇੱਕ ਹਲਕੇ ਦਾ ਰਜਿਸਟਰਡ ਵੋਟਰ ਹੋਣਾ ਚਾਹੀਦਾ ਹੈ ਅਤੇ ਨਾਮਜ਼ਦਗੀ ਦਾਖਲ ਕਰਨ ਵਾਲੇ ਉਮੀਦਵਾਰ ਵਲੋਂ ਰਿਟਰਨਿੰਗ ਅਫਸਰ ਨੂੰ ਵੋਟਰ ਸੂਚੀ ਵਿਚ ਦਰਜ਼ ਆਪਣੇ ਨਾਮ ਵਾਲੇ ਪੰਨੇ ਦੀ ਤਸਦੀਕਸ਼ੁਦਾ ਕਾਪੀ ਪੇਸ਼ ਕਰਨੀ ਹੋਵੇਗੀ।ਉਨ੍ਹਾਂ ਦੱਸਿਆ ਕਿ 26 ਜਨਵਰੀ ਅਤੇ 30 ਜਨਵਰੀ 2022 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ।ਜਿਸ ਕਰਕੇ ਇਸ ਦਿਨ ਨਾਮਜਦਗੀ ਪੱਤਰ ਦਾਖਲ ਨਹੀਂ ਹੋ ਸਕਣਗੇ।ਉਨਾਂ ਇਹ ਵੀ ਸਪੱਸ਼ਟ ਕੀਤਾ ਕਿ ਨਾਮਜ਼ਦਗੀ ਭਰਨ ਲਈ ਉਮੀਦਵਾਰਾਂ ਦੇ ਨਾਲ ਸਿਰਫ 2 ਵਿਅਕਤੀ ਹੀ ਅੰਦਰ ਰਿਟਰਨਿੰਗ ਅਫਸਰ ਕੋਲ ਜਾ ਸਕਣਗੇ।
ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਉਮੀਦਵਾਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਾਮਜ਼ਦਗੀ ਪੱਤਰ ਆਨਲਾਈਨ ਦਾਖਲ ਕਰਨ ਦੀ ਸਹੂਲਤ ਵੀ ਦਿੱਤੀ ਗਈ ਹੈ।ਜਿਸ ਤਹਿਤ ਉਮੀਦਵਾਰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਨਾਲ ਨਾਲ ਸਬੰਧਿਤ ਦਸਤਾਵੇਜ਼ ਵੀ ਆਨਲਾਈਨ ਤਰੀਕੇ ਨਾਲ ਅਪਲੋਡ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਸੁਵਿਧਾ ਐਪ ਜਾਰੀ ਕੀਤੀ ਗਈ ਹੈ।ਜਿਸ ਲਈ https://suvidha.eci.gov.in/ ਉਪਰ ਸੰਪਰਕ ਕੀਤਾ ਜਾ ਸਕਦਾ ਹੈ।
Punjab Post Daily Online Newspaper & Print Media