ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ
ਭਿੰਡੀ ਔਲਖ ਦੇ ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ ਦੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਮੰਗੀ ਹੈ।ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਜਾਰੀ ਇਕ ਬਿਆਨ ਵਿਚ ਐਡੋਵਕੇਟ ਧਾਮੀ ਨੇ ਕਿਹਾ ਕਿ ਬੀਤੇ ਕੱਲ੍ਹ ਭਿੰਡੀ ਔਲਖ ਪਿੰਡ ਵਿੱਚ ਫੜ੍ਹੇ ਗਏ ਇੱਕ ਵਿਅਕਤੀ ਵਲੋਂ ਉਸ ਨੂੰ ਪੈਸਿਆਂ ਦਾ ਲਾਲਚ ਦੇ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਕਬਾਲ ਕਰਨਾ ਕਈ ਸਵਾਲ ਖੜ੍ਹੇ ਕਰਦਾ ਹੈ।ਉਨ੍ਹਾਂ ਕਿਹਾ ਕਿ ਇਸ ਦੀ ਨਿਰਪੱਖ ਜਾਂਚ ਕੀਤੀ ਜਾਣੀ ਜ਼ਰੂਰੀ ਹੈ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਸਾਹਮਣੇ ਆਉਣੇ ਬੇਹੱਦ ਚਿੰਤਾਜ਼ਨਕ ਹਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਅਜਿਹੇ ਫੜ੍ਹੇ ਗਏ ਵਿਅਕਤੀਆਂ ਤੋਂ ਸਖ਼ਤੀ ਨਾਲ ਪੁਛਗਿੱਛ ਕਰੇ।ਭਿੰਡੀ ਔਲਖ ਪਿੰਡ ਵਿੱਚ ਫੜ੍ਹਿਆ ਗਿਆ ਵਿਅਕਤੀ ਖੁਦ ਇਕਬਾਲ ਕਰ ਰਿਹਾ ਹੈ ਕਿ ਉਸ ਨੂੰ ਇੱਕ ਲੱਖ ਰੁਪਏ ਬੇਅਦਬੀ ਦੇ ਬਦਲੇ ਵਿਚ ਮਿਲਣੇ ਸਨ।ਇਹ ਡੂੰਘੀ ਜਾਂਚ ਦਾ ਵਿਸ਼ਾ ਹੈ, ਜਿਸ ਵਿਚ ਅਣਗਹਿਲੀ ਨਹੀਂ ਕੀਤੀ ਜਾਣੀ ਚਾਹੀਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜੇਕਰ ਇਹ ਗੱਲ ਸੱਚ ਹੈ ਤਾਂ ਉਹ ਲੋਕ ਸਾਹਮਣੇ ਆਉਣੇ ਚਾਹੀਦੇ ਹਨ, ਜਿਨ੍ਹਾਂ ਨੇ ਇਸ ਵਿਅਕਤੀ ਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਸੀ।
ਐਡਵੋਕੇਟ ਧਾਮੀ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਲਈ ਅਣਗਹਿਲੀ ਨਾ ਵਰਤੀ ਜਾਵੇ ਅਤੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ।
Check Also
ਖ਼ਾਲਸਾ ਕਾਲਜ ਵਿਖੇ ਐਗਰੀ ਫੈਸਟ-2026 ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਖੇਤੀਬਾੜੀ ਵਿਭਾਗ ਅਤੇ ਖੇਤੀਬਾੜੀ ਸੁਸਾਇਟੀ …
Punjab Post Daily Online Newspaper & Print Media