‘ਆਪ‘ ਸਰਕਾਰ ਬਾਬਾ ਸਾਹਿਬ ਅਤੇ ਭਗਤ ਸਿੰਘ ਦੇ ਸਿਧਾਂਤਾਂ ਅਤੇ ਆਦਰਸ਼ਾਂ ‘ਤੇ ਚੱਲੇਗੀ
ਅੰਮ੍ਰਿਤਸਰ, 30 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ
‘ਆਪ’ ਦੀ ਸਰਕਾਰ ਬਣਦੀ ਹੈ ਤਾਂ ਸਾਰੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਅਤੇ ਨੇਤਾਵਾਂ ਦੀ ਥਾਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਤਸਵੀਰ ਲਗਾਈ ਜਾਵੇਗੀ।ਅੱਜ ਇਥੇ ‘ਚ ‘ਆਪ‘ ਦੇ ਮੁੱਖ ਮੰਤਰੀ ਅਹੁੱਦੇ ਦੇ ਉਮੀਦਵਾਰ ਭਗਵੰਤ ਮਾਨ ਨਾਲ ਪ੍ਰੈਸ ਕਾਨਫਰੰਸ ‘ਚ ਕੇਜਰੀਵਾਲ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੇ ਸਿਧਾਂਤਾਂ ਅਤੇ ਆਦਰਸਾਂ ‘ਤੇ ਚੱਲ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰੇਗੀ।
ਕੇਜਰੀਵਾਲ ਨੇ ਕਿਹਾ, “ਲੰਬੇ ਸੰਘਰਸ ਅਤੇ ਮਹਾਨ ਕੁਰਬਾਨੀਆਂ ਤੋਂ ਬਾਅਦ ਦੇਸ ਨੂੰ ਆਜ਼ਾਦੀ ਮਿਲੀ ਹੈ। ਸਾਡੇ ਮਹਾਨ ਆਜਾਦੀ ਘੁਲਾਟੀਆਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਦੇਸ ਨੂੰ ਆਜਾਦ ਕਰਵਾਇਆ। ਪਰ ਅੱਜ ਅਸੀਂ ਉਨ੍ਹਾਂ ਦੇ ਮਨੋਰਥਾਂ ਅਤੇ ਕੁਰਬਾਨੀਆਂ ਨੂੰ ਭੁੱਲ ਕੇ ਉਨ੍ਹਾਂ ਦੇ ਆਦਰਸ਼ਾਂ ਅਤੇ ਸਿਧਾਂਤਾਂ ਤੋਂ ਦੂਰ ਹੁੰਦੇ ਜਾ ਰਹੇ ਹਾਂ। ਕੇਜਰੀਵਾਲ ਨੇ ਐਲਾਨ ਕੀਤਾ ਕਿ ਦੇਸ਼ ਦੇ ਦੋ ਮਹਾਨ ਆਜਾਦੀ ਘੁਲਾਟੀਆਂ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਕੁਰਬਾਨੀਆਂ, ਸਿਧਾਂਤਾਂ ਅਤੇ ਆਦਰਸਾਂ ਨੂੰ ਯਾਦ ਕਰਨ ਲਈ ਅਸੀਂ 26 ਜਨਵਰੀ ਨੂੰ ਦਿੱਲੀ ਵਿੱਚ ਐਲਾਨ ਕੀਤਾ ਸੀ ਕਿ ਦਿੱਲੀ ਦੇ ਸਾਰੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਅਤੇ ਨੇਤਾਵਾਂ ਦੀ ਥਾਂ ਬਾਬਾ ਸਾਹਿਬ ਦੀ ਤਸਵੀਰ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਲੱਗੇਗੀ।ਪੰਜਾਬ ‘ਚ ਵੀ ‘ਆਪ‘ ਸਰਕਾਰ ਸਾਰੇ ਸਰਕਾਰੀ ਦਫਤਰਾਂ ਵਿੱਚ ਮੁੱਖ ਮੰਤਰੀ ਦੀ ਤਸਵੀਰ ਹਟਾ ਕੇ ਬਾਬਾ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਲਗਾਏਗੀ ।
ਕੇਜਰੀਵਾਲ ਨੇ ਕਿਹਾ ਕਿ ਉਹ ਬਾਬਾ ਸਾਹਿਬ ਦਾ ਬਹੁਤ ਵੱਡੇ ਸ਼ਰਧਾਲੂ ਹਨ ਤੇ ਉਨ੍ਹਾਂ ਦੀ ਹਰ ਰੋਜ਼ ਪੂਜਾ ਕਰਦੇ ਹਨ।ਇੱਕ ਗਰੀਬ ਪਰਿਵਾਰ ਵਿੱਚ ਪੈਦਾ ਹੋਣ ਦੇ ਬਾਵਜ਼ੂਦ ਉਨ੍ਹਾਂ ਨੇ ਅਮਰੀਕਾ ਤੋਂ ਦੋ-ਦੋ ਪੀ.ਐਚ.ਡੀ ਡਿਗਰੀਆਂ ਹਾਸਲ ਕੀਤੀਆਂ।ਆਪਣੇ ਇਲਾਹੀ ਗਿਆਨ, ਸੋਚ ਅਤੇ ਦੂਰਅੰਦੇਸ਼ੀ ਸਦਕਾ ਭਾਰਤ ਦਾ ਸੰਵਿਧਾਨ ਬਣਾਇਆ ਅਤੇ ਦੇਸ਼ ਦੇ ਲੋਕਾਂ ਨੂੰ ਜਮਹੂਰੀ ਹੱਕ ਦਿੱਤੇ।ਕੇਜਰੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੋਵਾਂ ਦੇ ਰਸਤੇ ਵੱਖ-ਵੱਖ ਸਨ, ਪਰ ਉਨ੍ਹਾਂ ਦੀ ਮੰਜ਼ਿਲ ਇੱਕ ਸੀ।
ਦੋਵਾਂ ਦੀ ਇੱਛਾ ਸੀ ਕਿ ਦੇਸ਼ ਆਜ਼ਾਦ ਹੋਣ ‘ਤੇ ਹਰ ਕਿਸੇ ਨੂੰ ਚੰਗੀ ਸਿੱਖਿਆ ਮਿਲੇ, ਚੰਗੀ ਡਾਕਟਰੀ ਸਹੂਲਤਾਂ ਮਿਲਣ ਅਤੇ ਦੇਸ਼ ਤਰੱਕੀ ਕਰੇ।ਸਾਰਿਆਂ ਨੂੰ ਬਰਾਬਰ ਦਾ ਹੱਕ ਮਿਲੇ ਅਤੇ ਜਾਤ-ਪਾਤ ਅਤੇ ਧਰਮ ਦੇ ਆਧਾਰ ‘ਤੇ ਵਿਤਕਰਾ ਖਤਮ ਹੋਵੇ।ਬਾਬਾ ਸਾਹਿਬ ਨੇ ਗਰੀਬਾਂ ਅਤੇ ਦੱਬੇ-ਕੁਚਲੇ ਲੋਕਾਂ ਲਈ ਸਾਰੀ ਉਮਰ ਸੰਘਰਸ਼ ਕੀਤਾ, ਉਸੇ ਤਰ੍ਹਾਂ ਸ਼ਹੀਦ ਭਗਤ ਸਿੰਘ ਨੇ ਕੇਵਲ 23 ਸਾਲ ਦੀ ਉਮਰ ਵਿੱਚ ਆਪਣੇ ਲਈ ਕੁੱਝ ਕਰਨ ਦੀ ਬਜ਼ਾਏ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।ਲੇਕਿਨ ਉਨ੍ਹਾਂ ਦੇ ਸੁਪਨੇ ਅੱਜ ਤੱਕ ਪੂਰੇ ਨਹੀਂ ਹੋਏ।
‘ਆਪ‘ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਐਲਾਨ ਇਤਿਹਾਸਕ ਹੈ।ਇਸ ਨਾਲ ਨੌਜਵਾਨਾਂ ਅਤੇ ਸਰਕਾਰੀ ਮੁਲਾਜਮਾਂ ਨੂੰ ਦੇਸ ਅਤੇ ਸੂਬੇ ਦਾ ਭਲਾ ਕਰਨ ਲਈ ਪ੍ਰੇਰਨਾ ਮਿਲੇਗੀ।ਮਾਨ ਨੇ ਕਿਹਾ ਕਿ ਉਨਾਂ ਨੂੰ ਬਹੁਤ ਦੁੱਖ ਹੁੰਦਾ ਹੈ ਜਦੋਂ ਕੋਈ ਬਜ਼ੁਰਗ ਕਹਿੰਦਾ ਹੈ ਕਿ ਅੱਜ ਦੇ ਲੀਡਰਾਂ ਨਾਲੋਂ ਅੰਗਰੇਜ਼ ਚੰਗਾ ਸੀ।ਭ੍ਰਿਸ਼ਟ ਅਤੇ ਸੁਆਰਥੀ ਨੇਤਾਵਾਂ ਨੇ ਦੇਸ ਦੇ ਸਹੀਦਾਂ ਅਤੇ ਆਜਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਵਿਅਰਥ ਕਰ ਦਿੱਤਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media