ਅਟਾਰੀ, 12 ਫਰਵਰੀ (ਪੰਜਾਬ ਪੋਸਟ ਬਿਊਰੋ) – ਸਿੱਖ ਕੌਮ ਦੇ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀ ਵਾਲਾ ਦਾ 176ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਮੇਜਰ ਜਨਰਲ ਰਾਜੇਸ਼ ਪੁਸ਼ਕਰ, ਜਿਲ੍ਹਾ ਪ੍ਰਸ਼ਾਸਨ ਵਲੋਂ ਲੋਕ ਸੰਪਰਕ ਅਫਸਰ ਸ਼ੇਰਜੰਗ ਸਿੰਘ ਹੁੰਦਲ, ਕਰਨਲ ਹਰਿੰਦਰ ਸਿੰਘ ਅਟਾਰੀ ਅਤੇ ਹੋਰ ਅਧਿਕਾਰੀਆਂ ਨੇ ਸ਼ਹੀਦ ਸ਼ਾਮ ਸਿੰਘ ਅਟਾਰੀਵਾਲਾ ਦੀ ਸਮਾਧ ’ਤੇ ਫੁੱਲ ਮਲਾਵਾਂ ਚੜਾ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ।ਜਵਾਨਾਂ ਵਲੋਂ ਹਥਿਆਰ ਉਲਟੇ ਕਰਕੇ ਜਰਨਲ ਅਟਾਰੀਵਾਲਾ ਨੂੰ ਸਲਾਮੀ ਦਿੱਤੀ ਗਈ।
ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਰਾਜੇਸ ਪੁਸ਼ਕਰ ਨੇ ਕਿਹਾ ਕਿ ਅਟਾਰੀਵਾਲਾ ਸਿੱਖ ਕੌਮ ਦੇ ਮਹਾਨ ਜਰਨੈਲ ਹਨ।ਇੰਨਾਂ ਦੀ ਸ਼ਹਾਦਤ ਸਾਡੇ ਲਈ ਸਦਾ ਚਾਨਣ ਮੁਨਾਰਾ ਰਹੇਗੀ।ਉਨ੍ਹਾਂ ਕਿਹਾ ਕਿ ਸ਼ਾਮ ਸਿੰਘ ਅਟਾਰੀਵਾਲਾ ਨੇ 10 ਫਰਵਰੀ 1846 ਨੂੰ ਸਭਰਾਵਾਂ ਦੀ ਜੰਗ ਵਿੱਚ ਜਿਸ ਤਰਾਂ ਤੇ ਜਿੰਨਾ ਹਲਾਤਾਂ ਵਿੱਚ ਬਹਾਦਰੀ ਨਾਲ ਅੰਗਰੇਜ਼ੀ ਫੌਜਾਂ ਦਾ ਮੁਕਾਬਲਾ ਕਰਕੇ ਸ਼ਹਾਦਤ ਦਾ ਜ਼ਾਮ ਪੀਤਾ, ਉਹ ਆਪਣੇ ਆਪ ਵਿੱਚ ਮਿਸਾਲ ਹੈ।
ਹਰਿੰਦਰ ਸਿੰਘ ਨੇ ਕਿਹਾ ਕਿ ਮਹਾਨ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਨੇ 18 ਸਾਲ ਦੀ ਉਮਰ ਵਿੱਚ ਯੁੱਧਾਂ ਵਿੱਚ ਭਾਗ ਲੈਣਾ ਸ਼ੁਰੂ ਕਰ ਦਿੱਤਾ ਸੀ ਅਤੇ ਆਪਣੀ ਉਮਰ ਦੇ ਆਖਰੀ ਪੜਾਅ ਵਿੱਚ ਵੀ ਸਿੱਟਿਆਂ ਦੇ ਅੰਜ਼ਾਮ ਦੀ ਪ੍ਰਵਾਹ ਕੀਤੇ ਬਿਨਾਂ ਖੁਦ ਆਖਰੀ ਹਮਲੇ ਦੀ ਅਗਵਾਈ ਕੀਤੀ ਅਤੇ ਆਖਰੀ ਸਾਹ ਤੱਕ ਲੜਦੇ ਰਹੇ।
ਇਸ ਦੌਰਾਨ ਧਾਰਮਿਕ ਦੀਵਾਨ ਵਿਚ ਅਟਾਰੀ ਵਾਲਾ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪੇ ਨਾਲ ਸਨਮਾਨਿਤ ਕੀਤਾ ਗਿਆ।ਵੱਡੀ ਗਿਣਤੀ ’ਚ ਲੋਕਾਂ ਨੇ ਅਟਾਰੀ ਵਿਖੇ ਪਹੁੰਚ ਕੇ ਮਹਾਨ ਜਰਨੈਲ ਸ਼ਾਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …