Sunday, March 15, 2026

ਸ਼੍ਰੋਮਣੀ ਕਮੇਟੀ ਵਲੋਂ ਹੁਕਮਨਾਮੇ ਲਾਗੂ ਕਰਵਾਉਣ ਲਈ ਸੰਜ਼ੀਦਗੀ ਨਾਲ ਪਹਿਰਾ ਦੇਣ ਦੀ ਲੋੜ – ਸਿੰਘ ਸਾਹਿਬ

PPN2111201421
ਅੰਮ੍ਰਿਤਸਰ, 21 ਨਵੰਬਰ (ਗੁਰਪ੍ਰੀਤ ਸਿੰਘ) – ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਪਾਸ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਉਨ੍ਹਾਂ ਨਾਲ ਆਈਆਂ ਸਾਥੀ ਜਥੇਬੰਦੀਆਂ ਨੇ ਆਪਣਾ ਰੋਸ ਪ੍ਰਗਟ ਕੀਤਾ। ਉਨ੍ਹਾਂ ਨੇ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਕਿ ਸਾਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਸਹਿਯੋਗ ਨਹੀਂ ਦਿੱਤਾ ਜਾਂਦਾ, ਜਦੋਂ ਕਿ ਹੁਕਮਨਾਮੇ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਸਿੱਖਾਂ ਦੀ ਨੁਮਾਇੰਦਾ ਜਮਾਤ ਹੋਣ ਕਰਕੇ ਸਭ ਤੋਂ ਪਹਿਲਾਂ ਅੱਗੇ ਹੋ ਕੇ ਮਨਮੱਤੀ ਕਾਰਵਾਈਆਂ ਨੂੰ ਰੋਕਣਾ ਚਾਹੀਦਾ ਹੈ।
ਇਸ ਸਬੰਧੀ ਸਿੰਘ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਸਿੱਖ ਪੰਥ ਵਿਚ ਕੋਈ ਵੀ ਸਿੱਖ ਧਰਮ ਸਬੰਧੀ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰੀ ਤਨਦੇਹੀ ਨਾਲ ਸਿੱਖ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਚਲਿਆ ਜਾਂਦਾ ਹੈ।ਸਤਿਕਾਰ ਕਮੇਟੀ ਦੇ ਨੁਮਾਇੰਦੇ ਇਸ ਗੱਲ ਦੇ ਗਵਾਹ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਨਮੱਤੀ ਕਾਰਵਾਈਆਂ ਰੋਕਣ ਲਈ ਉਨ੍ਹਾਂ ਦਾ ਸਾਥ ਕਿਵੇਂ ਦਿੱਤਾ ਜਾਂਦਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹਰ ਹੁਕਮਨਾਮੇ, ਸੰਦੇਸ਼, ਆਦੇਸ਼ ਦੀ ਪਾਲਣਾ ਕਰਨੀ ਅਤੇ ਕਰਵਾਉਣੀ ਹਰ ਗੁਰਸਿੱਖ ਦਾ ਫਰਜ਼ ਹੈ ਅਤੇ ਖਾਸ ਕਰਕੇ ਸਿੱਖਾਂ ਦੀ ਨੁਮਾਇੰਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਹੁਕਮਨਾਮੇ ਲਾਗੂ ਕਰਵਾਉਣ ਦਾ ਉਪਰਾਲਾ ਕਰਨਾ ਚਾਹੀਦਾ ਹੈ।ਇਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਹਰ ਹੁਕਮਨਾਮੇ, ਸੰਦੇਸ਼, ਆਦੇਸ਼ ਨੂੰ ਲਾਗੂ ਕਰਵਾਉਣ ਲਈ ਅੱਗੇ ਹੋ ਕੇ ਕੰਮ ਕਰੇ, ਅਤੇ ਹੁਕਮਨਾਮੇ ਉਪਰ ਪਹਿਰਾ ਦੇਣ ਵਾਲੀਆਂ ਸੰਗਤਾਂ ਦਾ ਸਹਿਯੋਗ ਕਰੇ।
ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਂ-ਸਮੇਂ ਅਨੁਸਾਰ ਮਨਮੱਤੀ ਕਾਰਵਾਈਆਂ ਰੋਕਣ ਦਾ ਉਪਰਾਲਾ ਕਰਦੀ ਹੈ ਪ੍ਰੰਤੂ ਇਸ ਤੋਂ ਵੀ ਜਿਆਦਾ ਸੰਜੀਦਗੀ ਨਾਲ ਪਹਿਰਾ ਦੇਣ ਦੀ ਲੋੜ ਹੈ।ਅੱਜ ਸਿੱਖ ਕੌਮ ਨੂੰ ਹਰ ਪਾਸੇ ਤੋਂ ਚਣੌਤੀਆਂ ਹਨ।ਇਨ੍ਹਾਂ ਚਣੌਤੀਆਂ ਦਾ ਮੁਕਾਬਲਾ ਤਾਂ ਹੀ ਹੋ ਸਕਦਾ ਹੈ ਜੇਕਰ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋ ਕੇ ਵਧ ਰਹੀਆਂ ਮਨਮੱਤੀ ਕਾਰਵਾਈਆਂ ਨੂੰ ਰੋਕਣ ਲਈ ਯਤਨਸ਼ੀਲ ਹੋਵੇ। ਸਰਕਾਰਾਂ ਅਤੇ ਪ੍ਰਸ਼ਾਸ਼ਨ ਨੂੰ ਵੀ ਇਸ ਸਬੰਧੀ ਸੁਚੇਤ ਹੋਣ ਦੀ ਲੋੜ ਹੈ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply