ਅੰਮ੍ਰਿਤਸਰ, 30 ਮਾਰਚ (ਜਗਦੀਪ ਸਿੰਘ) – ਪਾਸ ਕੀਤੇ ਗਏ ਬਜਟ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ
ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਹੋਣ ਵਾਲੀ ਆਮਦਨ ਦੇ ਅਧਾਰ ’ਤੇ ਬਜਟ ਵਿਚ ਖਰਚੇ ਨਿਰਧਾਰਿਤ ਕਰਦੀ ਹੈ ਅਤੇ ਇਸ ਵਾਰ 29 ਕਰੋੜ 70 ਲੱਖ ਰੁਪਏ ਦੇ ਕਰੀਬ ਆਮਦਨ ਨਾਲੋਂ ਖਰਚ ਵੱਧ ਹੋਣ ਦਾ ਅਨੁਮਾਨ ਹੈ। ਉਨ੍ਹਾਂ ਦੱਸਿਆ ਕਿ ਇਹ ਫਰਕ ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਰੱਖੇ ਏਡਡ ਸਟਾਫ਼ ਦੇ ਫੰਡ ਅਤੇ ਵਿਦਿਆਰਥੀਆਂ ਦੀ ਐਸ.ਸੀ. ਸਕਾਲਰਸ਼ਿਪ ਦੀ ਰਾਸ਼ੀ ਨਾ ਮਿਲਣ ਕਾਰਨ ਆਇਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਸੰਸਥਾ ਪ੍ਰਤੀ ਉਦਾਸੀਨਤਾ ਤਿਆਗ ਕੇ ਤੁਰੰਤ ਸ਼੍ਰੋਮਣੀ ਕਮੇਟੀ ਨੂੰ ਇਹ ਅਦਾਇਗੀ ਕਰਨੀ ਚਾਹੀਦੀ ਹੈ। ਜੇਕਰ ਸਰਕਾਰ ਇਹ ਫੰਡ ਜਾਰੀ ਕਰਦੀ ਹੈ ਤਾਂ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਦੀ ਵਿੱਤੀ ਹਾਲਤ ਹੋਰ ਬੇਹਤਰ ਹੋ ਸਕਦੀ ਹੈ। ਐਡਵੋਕੇਟ ਧਾਮੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਬਜਟ ਵਿਚ ਵੱਖ-ਵੱਖ ਲੋਕ ਭਲਾਈ ਦੇ ਕਾਰਜਾਂ, ਧਰਮ ਪ੍ਰਚਾਰ, ਪੰਥਕ ਮਸਲਿਆਂ ਦਾ ਸਰਲੀਕਰਨ, ਸਿਹਤ ਸਹੂਲਤਾਂ ਅਤੇ ਵਿਦਿਆ ਦੇ ਪ੍ਰਸਾਰ ਨੂੰ ਤਰਜ਼ੀਹ ਦਿੱਤੀ ਗਈ ਹੈ।
ਉਨ੍ਹਾਂ ਜਾਣਕਾਰੀ ਦਿੱਤੀ ਕਿ ਲੋਕ ਭਲਾਈ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਅਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨ ਤਾਰਨ ਵਿਖੇ ਚਾਰ ਮੈਡੀਕਲ ਸਟੋਰ ਖੋਲ੍ਹੇ ਜਾਣਗੇ, ਜਿਥੋਂ ਲੋੜਵੰਦਾਂ ਨੂੰ ਲਾਗਤ ਮੁੱਲ ’ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ 200 ਅੰਮ੍ਰਿਤਧਾਰੀ ਗੁਰਸਿੱਖ ਬੱਚੀਆਂ ਨੂੰ ਮੁਫ਼ਤ ਵਿਦਿਆ, ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ 200 ਬੱਚੀਆਂ ਨੂੰ ਇਸੇ ਪ੍ਰੋਗਰਾਮ ਤਹਿਤ ਮੁਫ਼ਤ ਸਿੱਖਿਆ ਜਾ ਰਹੀ ਹੈ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media