ਅੰਮ੍ਰਿਤਸਰ, 2 ਅਪ੍ਰੈਲ (ਜਗਦੀਪ ਸਿੰਘ) – ਦਿੱਲੀ ਵਿਖੇ ਮੈਟਰੋ ਸਟੇਸ਼ਨ ਤੇ ਇਕ ਅੰਮ੍ਰਿਤਧਾਰੀ ਗੁਰਸਿੱਖ ਨੌਜਵਾਨ ਨੂੰ ਕਿਰਪਾਨ ਸਮੇਤ ਅੰਦਰ ਜਾਣ ਤੋਂ ਰੋਕਣ ਦੀ
ਘਟਨਾ ਦੇਸ਼ ਦੇ ਸੰਵਿਧਾਨ ਦੀ ਉਲੰਘਣਾ ਹੈ ਅਤੇ ਅਜਿਹਾ ਕਰਨ ਵਾਲੇ ਕਰਮਚਾਰੀ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਪ੍ਰੈੱਸ ਬਿਆਨ ਰਾਹੀਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਦੇ ਵਾਰ-ਵਾਰ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਦੁੱਖ ਦੀ ਗਲ ਹੈ ਕਿ ਸਰਕਾਰਾਂ ਅਜਿਹਾ ਕਰਨ ਵਾਲਿਆਂ ਤੇ ਕੋਈ ਮਿਸਾਲੀ ਕਾਰਵਾਈ ਨਹੀਂ ਕਰ ਰਹੀਆਂ। ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਆਪਣੀਆਂ ਧਾਰਮਿਕ ਮਾਨਤਾਵਾਂ ਤੇ ਪਹਿਰਾ ਦੇਣ ਦੀ ਖੁੱਲ ਹੈ। ਪਰ ਇਸ ਦੇ ਬਾਵਜੂਦ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਉਠਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਨਾਗਰਿਕ ਹਵਾਬਾਜ਼ੀ ਮੰਤਰਾਲੇ ਵੱਲੋਂ ਹਵਾਈ ਅੱਡਿਆਂ ’ਤੇ ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਨੂੰ ਕਿਰਪਾਨ ਪਹਿਣ ਕੇ ਜਾਣ ਤੇ ਪਾਬੰਧੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੇ ਵਿਰੋਧ ਮਗਰੋਂ ਮੰਤਰਾਲੇ ਨੇ ਵਾਪਸ ਲਿਆ ਸੀ। ਉਨ੍ਹਾਂ ਕਿਹਾ ਕਿ ਹੁਣ ਦਿੱਲੀ ਦੇ ਇਕ ਮੈਟਰੋ ਸਟੇਸ਼ਨ ’ਤੇ ਅੰਮ੍ਰਿਤਧਾਰੀ ਨੌਜਵਾਨ ਨੂੰ ਇਕ ਪੁਲਿਸ ਮੁਲਾਜਮ ਕਿਰਪਾਨ ਉਤਾਰ ਕੇ ਸਾਈਜ਼ ਚੈਕ ਕਰਵਾਉਣ ਲਈ ਮਜਬੂਰ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਖੇ ਵੱਡੀ ਗਿਣਤੀ ਵਿਚ ਸਿੱਖ ਵਸਦੇ ਹਨ ਅਤੇ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਬਾਰੇ ਰਾਜਧਾਨੀ ਦੇ ਕਿਸੇ ਵੀ ਬਸ਼ਿੰਦੇ ਨੂੰ ਭੁਲੇਖਾ ਨਹੀਂ ਹੈ।ਉਨ੍ਹਾਂ ਕਿਹਾ ਕਿ ਇਹ ਘਟਨਾ ਜਾਣਬੁਝ ਕੇ ਕੀਤੀ ਗਈ ਹੈ, ਜਿਸ ਦੇ ਦੋਸ਼ੀ ਪੁਲਿਸ ਮੁਲਾਜਮ ਤੇ ਸਖਤ ਕਾਰਵਾਈ ਹੋਣੀ ਚਾਹੀਦੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ ਤਾਂ ਜੋ ਅਗੇ ਤੋਂ ਕੋਈ ਵੀ ਸਿੱਖਾਂ ਦੇ ਧਾਰਮਿਕ ਚਿੰਨ੍ਹਾਂ ਤੇ ਸਵਾਲ ਨਾ ਚੁੱਕ ਸਕੇ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media