Friday, November 22, 2024

ਕੇਂਦਰੀ ਸਿੱਖ ਅਜਾਇਬ ਘਰ ’ਚ ਬਹਿਬਲ ਕਲਾਂ ਦੇ ਸ਼ਹੀਦਾਂ ਸਮੇਤ ਸੱਤ ਸ਼ਖ਼ਸੀਅਤਾਂ ਦੇ ਚਿੱਤਰ ਸੁਸ਼ੋਭਿਤ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਅੱਜ ਸੱਤ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ, ਜਿਨ੍ਹਾਂ ਵਿਚ ਬਹਿਬਲ ਕਲਾਂ ਦੇ ਸ਼ਹੀਦ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ, ਜੋਧਪੁਰ ਬੰਦੀ ਸਿੰਘਾਂ ਦੀ ਰਿਹਾਈ ਵਿਚ ਯਤਨ ਕਰਨ ਵਾਲੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਘੁੰਮਣ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨੱਕਾਸ਼ੀ ’ਚ ਯੋਗਦਾਨ ਪਾਉਣ ਵਾਲੇ ਜੀ. ਐਸ. ਸੋਹਨ ਸਿੰਘ, ਸੰਤ ਪ੍ਰਿਥੀਪਾਲ ਸਿੰਘ ਸੱਯਦ, ਇੰਜੀ: ਡਾ. ਜਸਵੰਤ ਸਿੰਘ ਗਿੱਲ, ਬ੍ਰਗੇਡੀਅਰ ਪ੍ਰੀਤਮ ਸਿੰਘ ਸ਼ਾਮਲ ਹਨ।ਇਨ੍ਹਾਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਤੋਂ ਪਰਦਾ ਹਟਾਉਣ ਦੀ ਰਸਮ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਨਿਭਾਈ।
                   ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਜਿਨ੍ਹਾਂ ਨੇ ਗੁਰਮਤਿ ਦੀਆਂ ਪੈੜਾਂ ’ਤੇ ਚੱਲ ਕੇ ਪੰਥਕ ਸੇਵਾ ਨਿਭਾਈ ਹੈ, ਉਹ ਕੌਮ ਲਈ ਸਤਿਕਾਰਯੋਗ ਹਨ ਅਤੇ ਪੰਥਕ ਸਨਮਾਨ ਵਜੋਂ ਉਨ੍ਹਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਵਿਚ ਸ਼ਹੀਦ ਹੋਏ ਭਾਈ ਕ੍ਰਿਸ਼ਨ ਭਗਵਾਨ ਸਿੰਘ ਤੇ ਭਾਈ ਗੁਰਜੀਤ ਸਿੰਘ ਸਰਾਵਾਂ ਸਿੱਖੀ ਜਜ਼ਬੇ ਦੀ ਮਿਸਾਲ ਹਨ ਅਤੇ ਇਸੇ ਤਰ੍ਹਾਂ ਜਥੇਦਾਰ ਹਰਬੰਸ ਸਿੰਘ ਘੁੰਮਣ, ਸੰਤ ਪ੍ਰਿਥੀਪਾਲ ਸਿੰਘ ਸੱਯਦ, ਇੰਜੀ: ਡਾ. ਜਸਵੰਤ ਸਿੰਘ ਗਿੱਲ, ਬ੍ਰਗੇਡੀਅਰ ਪ੍ਰੀਤਮ ਸਿੰਘ ਅਤੇ ਜੀ.ਐਸ ਸੋਹਨ ਸਿੰਘ ਦੀਆਂ ਵੱਖ-ਵੱਖ ਖੇਤਰਾਂ ਵਿਚ ਪੰਥਕ ਸੇਵਾਵਾਂ ਵੀ ਨਾ ਭੁੱਲਣਯੋਗ ਹਨ।ਉਨ੍ਹਾਂ ਕਿਹਾ ਕਿ ਇਹ ਸ਼ਖ਼ਸੀਅਤਾਂ ਕੌਮ ਲਈ ਪ੍ਰੇਰਣਾ ਸਰੋਤ ਹਨ, ਜਿਨ੍ਹਾਂ ਬਾਰੇ ਕੇਂਦਰੀ ਸਿੱਖ ਅਜਾਇਬ ਘਰ ਵਿਚ ਆਉਣ ਵਾਲੀਆਂ ਸੰਗਤਾਂ ਨੂੰ ਜਾਣਕਾਰੀ ਮਿਲ ਸਕੇਗੀ।ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਸੇਵਾ ਕਰਨ ਵਾਲੇ ਹਰ ਸ਼ਖ਼ਸ ਦਾ ਦਿਲੋਂ ਸਤਿਕਾਰ ਕਰਦੀ ਹੈ ਅਤੇ ਕਰਦੀ ਰਹੇਗੀ।
                  ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਕੇਂਦਰੀ ਸਿੱਖ ਅਜਾਇਬ ਘਰ ਸਿੱਖ ਇਤਿਹਾਸ ਦਾ ਸੋਮਾ ਹੈ।ਇਥੇ ਸਿੱਖੀ ਲਈ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾ ਕੇ ਸਨਮਾਨ ਦਿੱਤਾ ਜਾਂਦਾ ਹੈ।ਸ਼੍ਰੋਮਣੀ ਕਮੇਟੀ ਪੰਥਕ ਸੇਵਾਵਾਂ ਵਾਲਿਆਂ ਨੂੰ ਯਾਦ ਕਰਦੀ ਹੈ ਅਤੇ ਇਸੇ ਤਹਿਤ ਹੀ ਅੰਤ੍ਰਿੰਗ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਸੱਤ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ।ਇਨ੍ਹਾਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਵੀ ਦਿੱਤੇ ਗਏ।
                 ਇਸ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਅਮਰਜੀਤ ਸਿੰਘ ਬੰਡਾਲਾ, ਸਰਵਣ ਸਿੰਘ ਕੁਲਾਰ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਜਸਵੰਤ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਪ੍ਰਤਾਪ ਸਿੰਘ, ਓਐਸਡੀ ਸਤਬੀਰ ਸਿੰਘ ਧਾਮੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ, ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ਼ਾਹਬਾਜ਼ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ, ਸਤਨਾਮ ਸਿੰਘ ਰਿਆੜ, ਰਵਿੰਦਰ ਸਿੰਘ ਪੰਨੂ, ਸਤਪਾਲ ਸਿੰਘ ਦਾਨਿਸ਼, ਸੁਖਬੀਰ ਸਿੰਘ ਵਾਹਲਾ ਅਤੇ ਤਸਵੀਰਾਂ ਲੱਗਣ ਵਾਲੀਆਂ ਸ਼ਖ਼ਸੀਅਤਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਮਨਿੰਦਰ ਸਿੰਘ, ਬੀਬੀ ਵੀਰਪਾਲ ਕੌਰ, ਸੁਖਰਾਜ ਸਿੰਘ, ਪ੍ਰਭਦੀਪ ਸਿੰਘ, ਬੀਬੀ ਅਮ੍ਰਿਤਪਾਲ ਕੌਰ, ਸਾਧੂ ਸਿੰਘ, ਜਗਦੀਪ ਸਿੰਘ, ਰਣਧੀਰ ਸਿੰਘ ਘੁੰਮਣ, ਮਹਿਲਜੀਤ ਸਿੰਘ ਘੁੰਮਣ, ਪ੍ਰਭਸ਼ਰਨ ਸਿੰਘ ਘੁੰਮਣ, ਬੀਬੀ ਪਰਮਜੀਤ ਕੌਰ, ਬੀਬੀ ਕਮਲਜੀਤ ਕੌਰ, ਦਇਆਪਾਲ ਸਿੰਘ, ਬੀਬੀ ਮਨਜੀਤ ਕੌਰ, ਕਰਨਲ ਧਰਮਪਾਲ ਸਿੰਘ, ਡਾ. ਅਵਤਾਰ ਸਿੰਘ, ਕਰਨਵੀਰ ਸਿੰਘ, ਮਨਜੀਤ ਸਿੰਘ ਜੰਮੂ, ਹਰਪ੍ਰੀਤਪਾਲ ਸਿੰਘ, ਡਾ. ਸਰਪ੍ਰੀਤ ਸਿੰਘ ਗਿੱਲ, ਡਾ. ਨਿਰਦੋਸ਼ ਕੌਰ ਗਿੱਲ ਆਦਿ ਮੌਜੂਦ ਸਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …