Wednesday, October 7, 2026

14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਜਾਨ ਗੁਆਉਣ ਵਾਲੇ ਗੁਰਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਪੁੱਜੀ

ਗੁਰਪ੍ਰੀਤ ਦੇ ਬੇਸਹਾਰਾ ਹੋਏ ਬਜ਼ੁਰਗ ਦਾਦੇ ਨੂੰ ਦੇਵਾਂਗੇ 1500 ਰੁਪਏ ਮਹੀਨਾਵਾਰ ਪੈਨਸ਼ਨ – ਡਾ. ਓਬਰਾਏ

ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਆਪਣੇ ਚੰਗੇਰੇ ਭਵਿੱਖ ਲਈ ਖਾੜੀ ਮੁਲਕਾਂ `ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ `ਚ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਟਾਂਡਾ ਇਲਾਕੇ ਦੇ ਪਿੰਡ ਮੂਨਕ ਕਲਾਂ ਨਾਲ ਸਬੰਧਿਤ 22 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਸਵ. ਗੁਰਚਰਨ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਵਿਖੇ ਪਹੁੰਚਿਆ।
                    ਡਾ. ਐਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਵੀ ਹੋਰਨਾਂ ਨੌਜਵਾਨਾਂ ਵਾਂਗ ਆਪਣੇ ਪਰਿਵਾਰ ਦੇ ਆਰਥਿਕ ਹਾਲਾਤ ਸੁਧਾਰਨ ਲਈ ਪਹਿਲਾਂ ਯੂਕਰੇਨ ਗਿਆ ਸੀ ਕਿ ਆਪਣੇ ਦਾਦਾ ਜੀ ਦੀ ਸਿਹਤ ਵਿਗੜਨ ਕਾਰਨ ਉਹ ਯੂਕਰੇਨ ਦੀ ਲੜਾਈ ਸ਼ੁਰੂ ਹੋਣ ਤੋਂ ਕੇਵਲ ਦੋ ਦਿਨ ਪਹਿਲਾਂ ਹੀ ਭਾਰਤ ਆ ਗਿਆ ਸੀ।ਕੁੱਝ ਸਮਾਂ ਘਰ ਰਹਿਣ ਉਪਰੰਤ ਉਹ ਬੀਤੀ 16 ਮਾਰਚ ਨੂੰ ਕੰਮਕਾਰ ਦੀ ਭਾਲ `ਚ ਵਿਜਟਰ ਵੀਜ਼ਾ ਲੈ ਕੇ ਦੁਬਈ ਪਹੁੰਚ ਗਿਆ ਸੀ।ਜਿੱਥੇ ਉਹ ਅਜੇ ਕੰਮ ਦੀ ਤਲਾਸ਼ `ਚ ਸੀ ਕਿ ਬਦਕਿਸਮਤੀ ਨਾਲ ਬੀਤੀ 5 ਅਪ੍ਰੈਲ ਨੂੰ ਕਿਸੇ ਕਾਰਨ ਉਸ ਦੀ ਇੱਕ ਬਿਲਡਿੰਗ ਦੀ 14 ਵੀਂ ਮੰਜਲਿ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ ਸੀ।ਡਾ. ਓਬਰਾਏ ਨੇ ਦੱਸਿਆ ਕਿ ਇਸ ਘਟਨਾ ਉਪਰੰਤ ਮ੍ਰਿਤਕ ਦੇ ਪਿੰਡ ਨਾਲ ਸਬੰਧਿਤ ਸਮਾਜ ਸੇਵਕ ਜਥੇਦਾਰ ਦਵਿੰਦਰ ਸਿੰਘ ਨੇ ਉਨ੍ਹਾਂ ਨਾਲ ਸੰਪਰਕ ਕਰ ਕੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਜੋ ਕਿ ਆਪਣੇ ਬਜ਼ੁਰਗ ਦਾਦੇ ਦਾ ਇਕਲੌਤਾ ਸਹਾਰਾ ਹੈ, ਉਸ ਦਾ ਮ੍ਰਿਤਕ ਸਰੀਰ ਭਾਰਤ ਭੇਜਣ ਲਈ ਮਦਦ ਕੀਤੀ ਜਾਵੇ।ਜਿਸ ਉਪਰੰਤ ਉਨ੍ਹਾਂ ਭਾਰਤੀ ਦੂਤਾਵਾਸ ਦੇ ਸਹਿਯੋਗ ਅਤੇ ਆਪਣੇ ਨਿੱਜੀ ਸਕੱਤਰ ਬਲਦੀਪ ਸਿੰਘ ਚਾਹਲ ਦੀ ਦੇਖ-ਰੇਖ `ਚ ਤੁਰੰਤ ਸਾਰੀ ਲੋੜੀਂਦੀ ਕਾਗਜ਼ੀ ਕਾਰਵਾਈ ਮੁਕੰਮਲ ਕਰਵਾ ਕੇ ਅੱਜ ਗੁਰਪ੍ਰੀਤ ਸਿੰਘ ਦਾ ਮ੍ਰਿਤਕ ਸਰੀਰ ਭਾਰਤ ਭੇਜਿਆ ਹੈ।ਡਾ. ਓਬਰਾਏ ਅਨੁਸਾਰ ਉਨ੍ਹਾਂ ਵੱਲੋਂ ਮ੍ਰਿਤਕ ਗੁਰਪ੍ਰੀਤ ਦੇ ਬਜ਼ੁਰਗ ਦਾਦੇ ਨੂੰ ਗੁਜ਼ਾਰੇ ਲਈ 1500 ਰੁਪਏ ਮਹੀਨਾਵਾਰ ਪੈਨਸ਼ਨ ਦਿੱਤੀ ਜਾਵੇਗੀ।
               ਪੀਡਤ ਪਰਿਵਾਰ ਨਾਲ ਹਵਾਈ ਅੱਡੇ `ਤੇ ਦੁੱਖ ਸਾਂਝਾ ਕਰਨ ਪਹੁੰਚੀ ਟਰੱਸਟ ਦੀ ਅੰਮ੍ਰਿਤਸਰ ਟੀਮ ਵੱਲੋਂ ਪ੍ਰਧਾਨ ਸੁਖਜਿੰਦਰ ਸਿੰਘ ਹੇਰ, ਸੁਖਦੀਪ ਸਿੱਧੂ, ਮਨਪ੍ਰੀਤ ਸੰਧੂ ਚਮਿਆਰੀ, ਨਵਜੀਤ ਘਈ, ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਡਾ. ਓਬਰਾਏ ਦੇ ਯਤਨਾਂ ਸਦਕਾ ਹੁਣ ਤੱਕ 303 ਬਦਨਸੀਬ ਲੋਕਾਂ ਦੇ ਮ੍ਰਿਤਕ ਸਰੀਰ ਉਨ੍ਹਾਂ ਦੇ ਵਾਰਸਾਂ ਤੱਕ ਪਹੁੰਚਾਏ ਜਾ ਚੁੱਕੇ ਹਨ।
                  ਇਸ ਦੌਰਾਨ ਹਵਾਈ ਅੱਡੇ ਤੇ ਮ੍ਰਿਤਕ ਦੇਹ ਲੈਣ ਪਹੁੰਚੇ ਮ੍ਰਿਤਕ ਗੁਰਪ੍ਰੀਤ ਦੇ ਪਿੰਡ ਮੂਨਕ ਕਲਾਂ ਵਿਖੇ ਸਮਾਜ ਸੇਵਾ ਦੇ ਕਾਰਜ਼ ਨਿਭਾਉਣ ਵਾਲੀ ਸੁਸਾਇਟੀ ਦੇ ਅਹੁਦੇਦਾਰ ਦਵਿੰਦਰ ਸਿੰਘ, ਹਰਪ੍ਰੀਤ ਸਿੰਘ, ਮਨੋਹਰ ਸਿੰਘ, ਜੱਸੀ ਆਦਿ ਨੇ ਡਾ. ਐਸ.ਪੀ ਸਿੰਘ ਓਬਰਾਏ ਦਾ ਇਸ ਵੱਡੇ ਉਪਰਾਲੇ ਲਈ ਤਹਿ ਦਿਲੋਂ ਸ਼ੁਕਰਾਨਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਬਦੌਲਤ ਹੀ ਗੁਰਪ੍ਰੀਤ ਦੇ ਬਜ਼ੁਰਗ ਦਾਦੇ ਤੇ ਹੋਰਨਾਂ ਸਕੇ ਸਬੰਧੀਆਂ ਨੂੰ ਅੰਤਿਮ ਦਰਸ਼ਨ ਨਸੀਬ ਹੋ ਸਕੇ ਹਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …