Friday, November 22, 2024

ਮਾਮਲਾ, ਅਗਰਬੱਤੀਆਂ ਬਣਾਉਣ ਵਾਲੀ ਕੰਪਨੀ ਵੱਲੋਂ ਗੁਰਬਾਣੀ ਨੂੰ ਵਪਾਰਕ ਹਿੱਤਾਂ ਲਈ ਵਰਤਣ ਦਾ

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦਿੱਤੇ ਪੜਤਾਲ ਦੇ ਆਦੇਸ਼

ਅੰਮ੍ਰਿਤਸਰ, 2 ਮਈ (ਜਗਦੀਪ ਸਿੰਘ) – ਚੰਡੀਗੜ੍ਹ ਦੀ ਅਗਰਬੱਤੀਆਂ ਬਣਾਉਣ ਵਾਲੀ ‘ਦੇਵ ਦਰਸ਼ਨ’ ਨਾਂ ਦੀ ਇਕ ਕੰਪਨੀ ਵੱਲੋਂ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦਾ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਕੇ ਉਸ ’ਤੇ ਆਪਣੀ ਕੰਪਨੀ ਦੀ ਮਸ਼ਹੂਰੀ ਛਾਪਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ।ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਮਲਾ ਸਾਹਮਣੇ ਆਉਣ ’ਤੇ ਧਰਮ ਪ੍ਰਚਾਰ ਕਮੇਟੀ ਦੇ ਧਾਰਮਿਕ ਪੜਤਾਲਾਂ ਵਿਭਾਗ ਨੂੰ ਜਾਂਚ ਲਈ ਟੀਮ ਭੇਜਣ ਦੇ ਆਦੇਸ਼ ਜਾਰੀ ਕੀਤੇ ਹਨ।ਉਨਾਂ ਨੇ ਆਖਿਆ ਹੈ ਕਿ ਇਹ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿ ਕੋਈ ਗੁਰਬਾਣੀ ਨੂੰ ਵਪਾਰਕ ਲਾਭ ਲਈ ਵਰਤੇ।ਉਨ੍ਹਾਂ ਕਿਹਾ ਕਿ ਜਾਂਚ ਪੜਤਾਲ ਦੀ ਰਿਪੋਰਟ ਮਿਲਣ ਮਗਰੋਂ ਸਬੰਧਤ ਫਰਮ ਵਿਰੁੱਧ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
               ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਕ ਵਿਅਕਤੀ ਵੱਲੋਂ ਇਹ ਮਾਮਲਾ ਸ਼੍ਰੋਮਣੀ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿਸ ’ਤੇ ਕਾਰਵਾਈ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੜਤਾਲ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਹਨ।ਉਨ੍ਹਾਂ ਦੱਸਿਆ ਇਹ ਕੰਪਨੀ ਚੰਡੀਗੜ੍ਹ ਨਾਲ ਸਬੰਧਤ ਹੈ, ਜੋ ‘ਦੇਵ ਦਰਸ਼ਨ’ ਨਾਂ ਹੇਠ ਅਗਰਬੱਤੀਆਂ ਬਣਾਉਂਦੀ ਹੈ।ਇਸ ਕੰਪਨੀ ਵੱਲੋਂ ਜਪੁਜੀ ਸਾਹਿਬ ਦੇ ਹਿੰਦੀ ’ਚ ਗੁਟਕਾ ਸਾਹਿਬ ਤਿਆਰ ਕਰਵਾ ਕੇ ਉਨ੍ਹਾਂ ’ਤੇ ਆਪਣੀ ਮਸ਼ਹੂਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਮਿਲੀ ਜਾਣਕਾਰੀ ਅਨੁਸਾਰ ਇਸ ਕੰਪਨੀ ਵੱਲੋਂ ਅਗਰਬੱਤੀਆਂ ਦੇ ਡੱਬਿਆਂ ਵਿਚ ਗੁਟਕਾ ਸਾਹਿਬ ਪੈਕ ਕਰ ਕੇ ਵੀ ਭੇਜੇ ਜਾ ਰਹੇ ਹਨ।ਇਹ ਬੇਹੱਦ ਸੰਜ਼ੀਦਾ ਮਾਮਲਾ ਹੈ, ਜਿਸ ਨਾਲ ਸੰਗਤ ਦੀਆਂ ਭਾਵਨਾਵਾਂ ਨੂੰ ਜਿਥੇ ਠੇਸ ਪੁੱਜ ਰਹੀ ਹੈ, ਉਥੇ ਗੁਰਬਾਣੀ ਦਾ ਵੀ ਨਿਰਾਦਰ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਤੁਰੰਤ ਕਾਰਵਾਈ ਕਰਨ ਲਈ ਆਖਿਆ ਹੈ।ਉਨ੍ਹਾਂ ਕਿਹਾ ਕਿ ਰਿਪੋਰਟ ਮਿਲਣ ’ਤੇ ਸ਼੍ਰੋਮਣੀ ਕਮੇਟੀ ਬਣਦੀ ਕਾਰਵਾਈ ਕਰੇਗੀ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …